Headlines

ਪੰਜਾਬ ਦੇ ਫੰਡ ਰੋਕ ਰਹੀ ਹੈ ਕੇਂਦਰ ਸਰਕਾਰ: ਭਗਵੰਤ ਮਾਨ

ਜਲੰਧਰ-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਸੂਬਿਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਕੇ ਕੇਂਦਰ ਸਰਕਾਰ ਸੂਬਿਆਂ ਦੇ ਕਾਨੂੰਨੀ ਹੱਕਾਂ ਉਤੇ ਡਾਕੇ ਮਾਰ ਰਹੀ ਹੈ ਅਤੇ ਸੂਬਿਆਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਹ ਅੱਜ ਇੱਥੇ ਵੱਖ ਵੱਖ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੇ ਉਦਘਾਟਨ ਕਰਨ ਲਈ ਪਹੁੰਚੇ ਹੋਏ ਸਨ। ਇੱਥੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਿਯੁਕਤ ਰਾਜਪਾਲ ਜਮਹੂਰੀ ਤਰੀਕੇ ਨਾਲ ਚੁਣੀਆਂ ਸਰਕਾਰਾਂ ਦੀ ਆਵਾਜ਼ ਦਬਾਉਣ ਲਈ ਕੰਮ ਕਰ ਰਹੇ ਹਨ ਜਿਹੜਾ ਜਮਹੂਰੀਅਤ ਤੇ ਸੰਘੀ ਢਾਂਚੇ ਲਈ ਨੁਕਸਾਨਦੇਹ ਹੈ ਅਤੇ ਕੇਂਦਰ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਜਮਹੂਰੀ ਤਾਣੇ-ਬਾਣੇ ਲਈ ਘਾਤਕ ਹੈ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਫੰਡ (ਆਰਡੀਐੱਫ) ਦੇ 30 ਹਜ਼ਾਰ ਕਰੋੜ ਰੁਪਏ ਹਾਲੇ ਤੱਕ ਕੇਂਦਰ ਸਰਕਾਰ ਕੋਲ ਬਕਾਇਆ ਹਨ। ਪੰਜਾਬ ਸਰਕਾਰ ਨੇ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰ ਲਈ ਹੈ ਪਰ ਕੇਂਦਰ ਸਰਕਾਰ ਬੇਲੋੜੇ ਅੜਿੱਕੇ ਡਾਹ ਕੇ ਆਰਡੀਐੱਫ ਤੇ ਜੀਐੱਸਟੀ ਫੰਡਾਂ ਨੂੰ ਰੋਕ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਹੋਰ ਫ਼ੈਸਲੇ ਵਿੱਚ ਕੇਂਦਰ ਵੱਲੋਂ ਪੰਜਾਬ ਨੂੰ ਕੋਲਾ ਸ੍ਰੀਲੰਕਾ ਰਾਹੀਂ ਲਿਆਉਣ ਲਈ ਕਿਹਾ ਗਿਆ ਸੀ। ਅਜਿਹਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਸੀ ਤੇ ਅਜਿਹੇ ਫ਼ੈਸਲਿਆਂ ਨਾਲ ਕੇਂਦਰ ਤੇ ਸੂਬਿਆਂ ਦੇ ਰਿਸ਼ਤਿਆਂ ਉਤੇ ਮਾੜਾ ਪ੍ਰਭਾਵ ਪੈਂਦਾ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਕਾਨੂੰਨ ਆਪਣਾ ਕੰਮ ਕਰੇਗਾ। ਉਨ੍ਹਾਂ ਸੂਬੇ ਵਿੱਚ ਹਰ ਕੀਮਤ ਉਤੇ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਦੁਹਰਾਈ। ਇਸੇ ਦੌਰਾਨ ਮੁੱਖ ਮੰਤਰੀ ਨੇ ਜਲੰਧਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਸ਼ਹਿਰ ਦੀ ਕਾਇਆ-ਕਲਪ ਲਈ ਕੁੱਲ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ 84 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਵੇਰਕਾ ਦਾ ਦੁੱਧ ਉਤਪਾਦਨ ਪਲਾਂਟ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ। ਉਨ੍ਹਾਂ ਬਸਤੀ ਦਾਨਿਸ਼ਮੰਦਾਂ ਵਿੱਚ 4.83 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਮਾਰਟ ਸਕੂਲ ਦਾ ਵਰਚੁਅਲ ਉਦਘਾਟਨ ਕੀਤਾ। ਭਗਵੰਤ ਮਾਨ ਨੇ ਸ਼ਹਿਰ ਦੇ ਲੈਦਰ ਕੰਪਲੈਕਸ ਵਿੱਚ ਸੜਕਾਂ ਤੇ ਸਟਰੀਟ ਲਾਈਟਾਂ ਲਾਉਣ ਦੇ ਪ੍ਰਾਜੈਕਟ ਦਾ ਵੀ ਨੀਂਹ ਪੱਥਰ ਰੱਖਿਆ।