Headlines
 ਡੀਐਸਪੀ ਅਰੁਣ ਸ਼ਰਮਾ ਵਲੋਂ  ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਤਾੜਨਾ-
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,17 ਅਪ੍ਰੈਲ
ਜ਼ਿਲ੍ਹਾ ਪੁਲਿਸ ਮੁਖੀ ਐਸਐਸਪੀ ਗੁਰਮੀਤ ਸਿੰਘ ਚੌਹਾਨ ਆਈਪੀਐਸ ਵਲੋਂ ਜ਼ਿਲ੍ਹਾ ਤਰਨਤਾਰਨ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਉਣ ਲਈ ਠੋਸ ਕਦਮ ਚੁੱਕੇ ਗਏ ਹਨ। ਇਸੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਸਖ਼ਤ ਹਦਾਇਤਾਂ ‘ਤੇ ਇਲਾਕੇ ਵਿੱਚ ਪੁਲਿਸ ਵਿਭਾਗ ਵੱਲੋਂ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਿਰ ਚੁੱਕ ਰਹੇ ਵਿਰੋਧੀ ਅਨਸਰਾਂ ਅਤੇ ਨਸ਼ੇ ਦੇ ਸੌਦਾਗਰਾਂ ‘ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਬ ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਦੇ ਡੀਐਸਪੀ ਸ਼੍ਰੀ ਅਰੁਣ ਸ਼ਰਮਾ ਵਲੋਂ ਪੁਲਿਸ ਥਾਣਾ ਚੋਹਲਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਥਾਣਾ ਚੋਹਲਾ ਸਾਹਿਬ ਦੇ ਐਸਐਚਓ ਸਬ-ਇੰਸਪੈਕਟਰ ਵਿਨੋਦ ਸ਼ਰਮਾ ਵੀ ਹਾਜ਼ਰ ਸਨ। ਡੀਐਸਪੀ ਸ਼੍ਰੀ ਅਰੁਣ ਸ਼ਰਮਾ ਨੇ ਕਿਹਾ ਕਿ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਕੁਝ ਦਿਨਾਂ ਵਿੱਚ ਹੀ ਨਸ਼ੇ ਦੇ ਸੌਦਾਗਰਾਂ ਨੂੰ ਵੱਡੀ ਮਾਤਰਾ ਵਿੱਚ ਅਫ਼ੀਮ ਅਤੇ ਹੈਰੋਇਨ ਦੀ ਬਰਾਮਦਗੀ ਨਾਲ ਗ੍ਰਿਫਤਾਰ ਕਰਕੇ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਡੱਕਿਆ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਪੁਲਿਸ ਪਾਰਟੀ ਵਲੋਂ ਹੋਰ ਚੰਗੇ ਨਤੀਜੇ ਸਾਹਮਣੇ ਲਿਆਂਦੇ ਜਾਣਗੇ। ਡੀਐਸਪੀ ਸ਼੍ਰੀ ਅਰੁਣ ਸ਼ਰਮਾ ਨੇ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਨਾਕੇਬੰਦੀ ਦੌਰਾਨ ਚੈਕਿੰਗ ਦਾ ਮੁੱਖ ਮੰਤਵ ਇਲਾਕੇ ਅੰਦਰ ਅਮਨ ਤੇ ਸ਼ਾਂਤੀ ਬਣਾਈ ਰੱਖਣਾ ਹੈ ਤਾਂ ਕਿ ਕੋਈ ਸ਼ਰਾਰਤੀ ਅਨਸਰ ਸਿਰ ਨਾ ਚੁੱਕ ਸਕੇ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਦੇ ਮਨਾਂ ਵਿੱਚ ਡਰ ਪੈਦਾ ਕਰਨ ਲਈ ਗਸ਼ਤ ਵਧਾਈ ਜਾਵੇਗੀ ਅਤੇ ਆਮ ਲੋਕਾਂ ਦੇ ਮਨਾਂ ਵਿੱਚ ਵਿਸ਼ਵਾਸ ਦੀ ਭਾਵਨਾ ਪੈਦਾ ਕੀਤੀ ਜਾਵੇਗੀ। ਡੀਐਸਪੀ ਅਰੁਣ ਸ਼ਰਮਾ ਵਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ ਗੈਰ ਕਾਨੂੰਨੀ ਧੰਦਾ ਕਰ ਕਰਨ ਵਾਲੇ ਅਤੇ ਨਸ਼ੇ ਦੇ ਸੌਦਾਗਰਾਂ ਬਾਰੇ ਪੁਲਿਸ ਨੂੰ ਸੂਚਿਤ ਕਰਨ ਅਤੇ ਸਮਾਜ ਨੂੰ ਚੰਗਾ ਬਣਾਉਣ ਵਿੱਚ ਆਪਣਾ ਅਹਿਮ ਰੋਲ ਅਦਾ ਕਰਨ। ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਨਸ਼ਾ ਤਸਕਰ ਜਾਂ ਗਲਤ ਅਨਸਰਾਂ ਬਾਰੇ ਪੁਲਿਸ ਨੂੰ ਜਾਣਕਾਰੀ ਦੇ ਕੇ ਮੱਦਦ ਕਰਨ ਵਾਲੇ ਵਿਅਕਤੀ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਵੇਗਾ।
ਫੋਟੋ: ਪੁਲਿਸ ਥਾਣਾ ਚੋਹਲਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਬ-ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਦੇ ਡੀਐਸਪੀ ਸ਼੍ਰੀ ਅਰੁਣ ਸ਼ਰਮਾ।ਨਾਲ ਹਨ ਥਾਣਾ ਚੋਹਲਾ ਸਾਹਿਬ ਦੇ ਐਸਐਚਓ ਸਬ-ਇੰਸਪੈਕਟਰ ਵਿਨੋਦ ਸ਼ਰਮਾ।(ਫੋਟੋ: ਨਈਅਰ ਪੱਤਰਕਾਰ,ਚੋਹਲਾ ਸਾਹਿਬ)