Headlines

ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਦੀ ਮੀਟਿੰਗ

28 ਮਈ ਨੂੰ ਮੈਂਬਰ ਪਾਰਲੀਮੈਂਟ ਡਿੰਪਾ ਰਾਹੀਂ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ ਚੇਤਾਵਨੀ ਪੱਤਰ-
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,24 ਮਈ
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਗਾਂਧੀ ਪਾਰਕ ਤਰਨਤਾਰਨ ਵਿਖੇ ਬਾਜ਼ ਸਿੰਘ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਪ੍ਰੈਸ ਨਾਲ ਸਾਂਝੀ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਹਰਜੀਤ ਸਿੰਘ ਰਵੀ,ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਮੁਗ਼ਲ ਚੱਕ ਪੰਨੂਆਂ ਅਤੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਦੇ ਸੂਬਾ ਸਕੱਤਰ ਜਸਵਿੰਦਰ ਸਿੰਘ ਕੱਦਗਿੱਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ,ਜਿਸ ਕਰਕੇ ਭਾਰਤ ਦੇ ਕਿਸਾਨਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਮੋਰਚੇ ਵਿਚ ਸ਼ਾਮਿਲ ਕਿਸਾਨ ਜੱਥੇਬੰਦੀਆਂ ਵੱਲੋਂ 28 ਮਈ ਨੂੰ ਤਰਨਤਾਰਨ ਦੀ ਗਾਂਧੀ ਪਾਰਕ ਵਿੱਚ ਇਕੱਠ ਕਰਕੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੂੰ ਕੇਂਦਰ ਸਰਕਾਰ ਦੇ ਨਾਮ ਚੇਤਾਵਨੀ ਪੱਤਰ ਤਰਨਤਾਰਨ ਦੇ ਕਾਂਗਰਸ ਭਵਨ ਵਿਖੇ ਸੌਂਪਿਆ ਜਾਵੇਗਾ।ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਮੋਰਚੇ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਬਾਕੀ ਮੰਗਾਂ ਜਿਵੇਂ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ,60 ਸਾਲ ਦੇ ਕਿਸਾਨਾਂ ਮਜ਼ਦੂਰਾਂ ਨੂੰ ਪ੍ਰਤੀ ਮਹੀਨਾ ਦਸ ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ,ਕਿਸਾਨਾਂ ਦੀਆਂ ਫਸਲਾਂ ‘ਤੇ ਸਰਕਾਰੀ ਬੀਮਾ ਯੋਜਨਾ ਲਾਗੂ ਕੀਤੀ ਜਾਵੇ,ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਦੀ ਗਰੰਟੀ ਕੀਤੀ ਜਾਵੇ ਅਤੇ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ਼ ਕੀਤੇ ਪਰਚੇ ਰੱਦ ਕੀਤੇ ਜਾਣ। ਮੀਟਿੰਗ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਬਲਬੀਰ ਸਿੰਘ ਝਾਮਕਾ ਅਤੇ ਦਲਵਿੰਦਰ ਸਿੰਘ ਪੰਨੂ,ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਸੁਖਦੇਵ ਸਿੰਘ ਮਾਨੋਚਾਹਲ,ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ,ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਗੁਰਚਰਨ ਸਿੰਘ ਸਭਰਾ,ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਗਦਾਈਕੇ,ਭਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਮਾੜੀ ਗੌੜ ਸਿੰਘ,ਨਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ ਡੱਲਾ,ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਡਾ.ਇੰਦਰਜੀਤ ਸਿੰਘ ਮਰਹਾਣਾ,ਹਰਜਿੰਦਰ ਸਿੰਘ,ਰਸ਼ਪਾਲ ਸਿੰਘ ਲੱਖੀ ਸ਼ਾਹ ਆਦਿ ਆਗੂ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ: ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਦੀ ਤਰਨਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਹਾਜ਼ਰ ਕਿਸਾਨ ਆਗੂ। (ਫੋਟੋ:ਨਈਅਰ ਪੱਤਰਕਾਰ,ਚੋਹਲਾ ਸਾਹਿਬ)