Headlines

ਔਰਤਾਂ ਲਈ ਸ਼ਰਾਬ ਦੇ ਠੇਕਾ ਖੋਲ੍ਹਣਾ ਭਗਵੰਤ ਮਾਨ ਦੀ ਨਕਰਾਤਮਕ ਸੋਚ – ਰਵਿੰਦਰ ਸਿੰਘ ਬ੍ਰਹਮਪੁਰਾ

ਰਾਕੇਸ਼ ਨਈਅਰ,
ਚੋਹਲਾ ਸਾਹਿਬ-ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਅੰਦਰ ਆਪਣੀ ਸਰਕਾਰ ਬਣਨ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਦੂਜੀਆਂ ਸਰਕਾਰਾਂ ਦੇ ਵਿਰੁੱਧ ਬਹੁਤ ਭੰਡੀ ਪ੍ਰਚਾਰ ਕੀਤਾ ਗਿਆ ਸੀ।ਜਿਸ ਕਰਕੇ ਸੂਬੇ ਦੇ ਲੋਕਾਂ ਨੇ ਬਦਲਾਅ ਦੇ ਨਾਂ ‘ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ ਸੀ।ਜਿਸ ਕਰਕੇ ਪੰਜਾਬ ਦੇ ਲੋਕਾਂ ਨੂੰ ਲੱਗਦਾ ਸੀ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਈ ਜਾਵੇਗੀ ਲੇਕਿਨ ਇਸ ਦੇ ਉੱਲਟ ਨਸ਼ਿਆਂ ਦਾ ਕਾਰੋਬਾਰ ਪੰਜਾਬ ਵਿੱਚ ਪਹਿਲਾਂ ਨਾਲੋਂ ਤਿੰਨ ਗੁਣਾ ਵੱਧ ਗਿਆ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰਾਂ ਨਾਕਾਮਯਾਬ ਹੋਈ ਹੈ। ਇਸ ਮੌਕੇ ਸ.ਬ੍ਰਹਮਪੁਰਾ ਨੇ ਕਿਹਾ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਬੁੱਝ ਕੇ ਨਸ਼ਿਆਂ ਦੇ ਮੁੱਦੇ ਤੇ ਚੁੱਪ ਵੱਟੀ ਹੋਈ ਹੈ ਜਿਸ ਕਰਕੇ ਨਸ਼ਿਆਂ ਦੇ ਸੌਦਾਗਰਾਂ ਨੇ ਆਪਣੇ ਕਾਰੋਬਾਰ ਵਿੱਚ ਪਹਿਲਾਂ ਨਾਲੋਂ ਤਿੰਨ ਗੁਣਾ ਜ਼ਿਆਦਾ ਵਾਧਾ ਕਰ ਦਿੱਤਾ ਹੈ।ਇਸ ਮੌਕੇ ਸ.ਬ੍ਰਹਮਪੁਰਾ ਨੇ ਕਿਹਾ ਕਿ ਪਿਛਲੇ ਦਿਨੀਂ ਵਿਧਾਨ ਸਭਾ ਹਲਕਾ ਪੱਟੀ ਵਿਖੇ ਕਿਸਾਨ ਯੂਨੀਅਨ ਦੇ ਆਗੂ ਦੇ ਨੌਜਵਾਨ ਪੁੱਤਰ ਵਲੋਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਿਰੁੱਧ ਸੋਸ਼ਲ ਮੀਡੀਆ ‘ਤੇ ਪੋਸਟ ਪਾਉਣੀ ਬਹੁਤ ਮਹਿੰਗੀ ਪੈ ਗਈ ਸੀ।ਜਿਸ ਕਰਕੇ ਉਕਤ ਨੌਜਵਾਨ ਖਿਲਾਫ ਪਰਚਾ ਦਰਜ ਕਰ ਦਿੱਤਾ ਗਿਆ ਸੀ ਜ਼ੋ ਕਿ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਕੀ ਪਾਉਣੀ ਸੀ,ਇਸ ਦੇ ਉੱਲਟ ਪਿਛਲੇ ਦਿਨੀਂ ਜਲੰਧਰ ਵਿਖੇ ਕੇਵਲ ਔਰਤਾਂ ਲਈ ਸ਼ਰਾਬ ਦਾ ਠੇਕਾ ਖੋਲ੍ਹਣਾ ਭਗਵੰਤ ਮਾਨ ਦੀ ਨਸ਼ਿਆਂ ਪ੍ਰਤੀ ਸੱਚੀ ਸੋਚ ਨੂੰ ਉਜਾਗਰ ਕਰਦਾ ਹੈ। ਭਗਵੰਤ ਮਾਨ ਨਸ਼ਿਆਂ ਦੇ ਮੁੱਦੇ ਉਤੇ ਚੁੱਪੀ ਧਾਰ ਕੇ ਜਿਥੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਵੱਲ ਤੋਰ ਰਹੇ ਹਨ ਉੱਥੇ ਹੀ ਪੰਜਾਬ ਦੀਆਂ ਬੀਬੀਆਂ – ਭੈਣਾਂ ਨੂੰ ਨਸ਼ਿਆਂ ਦੇ ਰਾਹ ਵੱਲ ਤੋਰ ਰਹੇ ਹਨ। ਇਸ ਮੌਕੇ ਬ੍ਰਹਮਪੁਰਾ ਸਾਹਿਬ ਨਾਲ ਗੁਰਸੇਵਕ ਸਿੰਘ ਸ਼ੇਖ ਯੂਥ ਪ੍ਰਧਾਨ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਤਰਨਤਾਰਨ, ਗਿਆਨ ਸਿੰਘ ਸ਼ਾਹਬਾਜਪੁਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਰਣਜੀਤ ਸਿੰਘ ਰਾਣਾ ਸਾਬਕਾ ਸਰਪੰਚ ਮੰਮਣਕੇ, ਦਿਲਬਾਗ ਸਿੰਘ ਸਾਬਕਾ ਸਰਪੰਚ ਗੁਲਾਲੀਪੁਰ, ਰਣਜੀਤ ਸਿੰਘ ਰਾਣਾ ਸਾਬਕਾ ਸਰਪੰਚ ਡਿਆਲ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਗੁਲਾਲੀਪੁਰ ਅਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ