Headlines

ਆਮ ਆਦਮੀ ਪਾਰਟੀ ਵਪਾਰੀ ਵਰਗ ਦੀ ਭਲਾਈ ਲਈ ਬਚਨਵੱਧ-ਜਥੇਦਾਰ ਖੁੱਡੀਆਂ

ਆੜ੍ਹਤੀਆ ਐਸੋਸੀਏਸ਼ਨ ਨੇ ਜਥੇਦਾਰ ਖੁੱਡੀਆਂ ਨੂੰ ਦਿੱਤੀ ਹਮਾਇਤ-
ਬਠਿੰਡਾ, 2 ਅਪ੍ਰੈਲ-ਆਮ ਆਦਮੀ ਪਾਰਟੀ ਦੀ ਸਰਕਾਰ ਵਪਾਰੀ ਵਰਗ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹੇਗੀ। ਸੂਬੇ ਦੇ ਵਪਾਰੀਆਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਬਠਿੰਡਾ ਲੋਕ ਸਭਾ ਹਲਕੇ ਦੇ ਉਮੀਦਵਾਰ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਆੜ੍ਹਤੀ ਐਸੋਸੀਏਸ਼ਨ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਬੱਬੂ ਵੱਲੋਂ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਹਮਾਇਤ ਦੇਣ ਦਾ ਐਲਾਨ ਕਰਦਿਆਂ ਵੱਡੀ ਗਿਣਤੀ ਵੋਟਾਂ ਪਾ ਕੇ ਜਿਤਾਉਣ ਦਾ ਭਰੋਸਾ ਦਿੱਤਾ। ਜਥੇਦਾਰ ਖੁੱਡੀਆਂ ਨੇ ਇਸ ਮੌਕੇ ਆਖਿਆ ਕਿ ਪੰਜਾਬ ਸਰਕਾਰ ਨੇ ਭਰਿਸ਼ਟਾਚਾਰ ਤੇ ਵੱਡਾ ਕਾਬੂ ਪਾਇਆ ਹੈ, ਜਿਸ ਕਾਰਨ ਵਪਾਰੀ ਵਰਗ ਨੂੰ ਭ੍ਰਿਸ਼ਟਾਚਾਰ ਤੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਪਾਰੀ ਵਰਗ ਦੀ ਭਲਾਈ ਲਈ ਕਈ ਕਦਮ ਉਠਾਏ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੇ ਜਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸੇ ਵੀ ਨੌਜਵਾਨ ਨੇ ਨੌਕਰੀ ਲਈ ਪੈਸਾ ਦੇਣਾ ਤਾਂ ਦੂਰ ਸਗੋਂ ਸਿਫਾਰਸ਼ ਦੀ ਵੀ ਲੋੜ ਨਹੀਂ ਪਈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲੀਆਂ ਸਰਕਾਰਾਂ ਸਮੇਂ ਕਾਬਲੀਅਤ ਦੀ ਬਜਾਏ ਪੈਸਿਆਂ ਤੇ ਸਿਫਾਰਸ਼ ਦਾ ਬੋਲਬਾਲਾ ਹੁੰਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 600 ਯੂਨਿਟ ਬਿਜਲੀ ਮੁਫਤ ਦੇਣ ਨਾਲ ਲੋਕਾਂ ਨੂੰ ਵੱਡਾ ਫਾਇਦਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਵਿਚ ਆਮ ਲੋਕਾਂ ਦੀ ਸਰਕਾਰ ਆਈ ਹੈ, ਜਦੋਂ ਕਿ ਇਸ ਤੋਂ ਪਹਿਲਾਂ ਕੁਝ ਪਰਿਵਾਰ ਹੀ ਇਕ ਦੂਜੇ ਨਾਲ ਮਿਲ ਕੇ ਵਾਰੋ ਵਾਰੀ ਸਰਕਾਰ ਬਣਾ ਪੰਜਾਬ ਨੂੰ ਲੁੱਟ ਰਹੇ ਸਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਵਿਚ ਮੇਰੇ ਵਰਗੇ ਨਿਮਾਣੇ ਨੂੰ ਵੀ ਮੰਤਰੀ ਬਣਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਲੋਕ ਸਭਾ ਹਲਕੇ ਦੇ ਲੋਕਾਂ ਨੇ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਤਿੰਨ ਵਾਰ ਜਿਤਾ ਕੇ ਪਾਰਲੀਮੈਂਟ ਵਿਚ ਭੇਜਿਆ, ਪਰ ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਮਿਲਣ ਮਿਲਾਉਣ ਦੇ ਤਰੀਕਿਆਂ ਤੋਂ ਤੁਸੀਂ ਸਭ ਜਾਣੂ ਹੋ। ਜਥੇਦਾਰ ਖੁੱਡੀਆਂ ਨੇ ਕਿਹਾ ਕਿ ਇਹ ਦੋ ਮਹੀਨੇ ਤੁਸੀਂ ਕੰਮ ਕਰਨਾ ਹੈ ਅਤੇ ਇਸ ਤੋਂ ਬਾਅਦ ਪੰਜ ਸਾਲ ਮੈਂ ਤੁਹਾਡੇ ਲਈ ਕੰਮ ਕਰਾਂਗਾ। ਉਨ੍ਹਾਂ ਕਿਹਾ ਕਿ ਉਹ ਪਹਿਲੀ ਵਾਰ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ ਹਨ। ਉਨ੍ਹਾਂ ਆੜ੍ਹਤੀਆ ਐਸੋਸੀਏਸ਼ਨ ਨੂੰ ਵਿਸ਼ਵਾਸ ਦਵਾਇਆ ਕਿ ਉਹ ਸਦਾ ਉਨ੍ਹਾਂ ਨਾਲ ਖੜੇ ਹਨ। ਇਸ ਮੌਕੇ ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਵੱਡੀ ਗਿਣਤੀ ਵੋਟਾਂ ਪਾ ਕੇ ਪਾਰਲੀਮੈਂਟ ਵਿੱਚ ਭੇਜਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਬੱਬੂ, ਚੇਅਰਮੈਨ ਸ਼ੂਗਰਫੈਡ ਐਡਵੋਕੇਟ ਨਵਦੀਪ ਜੀਦਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਅਨਿਲ ਠਾਕਰ, ਚੇਅਰਮੈਨ ਨੀਲ ਗਰਗ, ਚੇਅਰਮੈਨ ਰਕੇਸ਼ ਪੁਰੀ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਸੁਰਿੰਦਰ ਸਿੰਘ ਬਿੱਟੂ ਸਮੇਤ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਰਕਰ ਆਗੂ ਅਤੇ ਵਪਾਰੀ ਹਾਜ਼ਰ ਸਨ।