Headlines

ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਬਠਿੰਡਾ ਹਲਕੇ ਤੋਂ ਨਾਮਜ਼ਦਗੀ ਪੱਤਰ ਭਰੇ

ਸ਼ਹਿਰ ਵਿਚ ਚੋਣ ਦਫਤਰ ਦਾ ਉਦਘਾਟਨ ਵੀ ਕੀਤਾ-

ਬਠਿੰਡਾ ( ਦੇ ਪ੍ਰ ਬਿ)- ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀਆਂ ਭਰਨ ਤੋਂ ਪਹਿਲਾਂ ਉਨ੍ਹਾਂ ਸ਼ਹਿਰ ਅੰਦਰ ਆਪਣੇ ਦਫ਼ਤਰ ਦਾ ਉਦਘਾਟਨ ਵੀ ਕੀਤਾ।  ‘ਆਪ’ ਦੇ ਖੁੱਡੀਆਂ ਨਾਲ ਕਾਰਜਕਾਰੀ ਸੂਬਾ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਵਿਸ਼ੇਸ਼ ਤੌਰ ’ਤੇ ਪੁੱਜੇ ਹੋਏ ਸਨ। ਜਥੇਦਾਰ ਖੁੱਡੀਆਂ ਨੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਦੀ ਜਿੱਤ ਦੀ ਕਾਮਨਾ ਕੀਤੀ। ਨਾਮਜ਼ਦਗੀ ਭਰਨ ਲਈ ਆਏ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਰ ਘਰ ਨੂੰ 600 ਯੂਨਿਟ ਬਿਜਲੀ ਮੁਫਤ ਦਿੱਤੀ ਹੈ ਜਿਸ ਨਾਲ ਹਰ ਘਰ ਨੂੰ ਤਿੰਨ ਤੋਂ ਚਾਰ ਹਜ਼ਾਰ ਰੁਪਏ ਮਹੀਨੇ ਦਾ ਫਾਇਦਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਫਤ 600 ਜੂਨ ਬਿਜਲੀ ਦਾ ਲਾਭ ਹਰ ਵਰਗ ਨੂੰ ਮਿਲ ਰਿਹਾ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣਾ ਚਾਹੁੰਦੀ ਸੀ ਪਰ ਚੋਣ ਜਾਬਤੇ ਕਾਰਨ ਅਜਿਹਾ ਨਹੀਂ ਹੋ ਸਕਿਆ। ਪਰ ਹੁਣ ਕਿਸਾਨਾਂ ਨੂੰ ਮੁਆਵਜ਼ਾ ਵੰਡਣ ਦੀ ਮਨਜ਼ੂਰੀ ਲੈਣ ਲਈ ਚੋਣ ਕਮਿਸ਼ਨ ਨੂੰ ਆਪ ਸਰਕਾਰ ਵੱਲੋਂ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਆਵਜ਼ਾ ਵੰਡਣ ਲਈ ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਉਡੀਕ ਕਰ ਰਹੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਰੋਧੀ ਪਾਰਟੀਆਂ ਦੇ ਗੁੰਮਰਾਹ ਕਰਨ ਪ੍ਰਚਾਰ ਤੋਂ ਸੁਚੇਤ ਰਹਿਣ, ਪੰਜਾਬ ਸਰਕਾਰ ਉਨ੍ਹਾਂ ਦੇ ਨੁਕਸਾਨ ਦੀ ਭਰਭਾਈ ਕਰਨ ਲਈ ਬਚਨਵੱਧ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਬਠਿੰਡਾ ਲੋਕ ਸਭਾ ਹਲਕੇ ਦੇ ਲੋਕ ਗੱਲਾਂ ਵਿਚ ਨਹੀਂ ਆਉਣਗੇ ਸਗੋਂ ਇਕ ਚੰਗੇ ਅਕਸ ਵਾਲੇ ਉਮੀਦਵਾਰ ਦੀ ਚੋਣ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਉਹ ਮੈਂਬਰ ਪਾਰਲੀਮੈਂਟ ਬਣਦੇ ਹਨ ਤਾਂ ਬਠਿੰਡਾ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਵਿਧਾਇਕ, ਜਗਰੂਪ ਸਿੰਘ ਗਿੱਲ ਵਿਧਾਇਕ, ਗੁਰਪ੍ਰੀਤ ਸਿੰਘ ਬਣਾਂਵਾਲੀ ਵਿਧਾਇਕ, ਮਾਸਟਰ ਜਗਸੀਰ ਸਿੰਘ, ਚੇਅਰਮੈਨ ਨਵਦੀਪ ਸਿੰਘ ਜੀਦਾ, ਚੇਅਰਮੈਨ ਰਾਕੇਸ ਪੁਰੀ,ਚੇਅਰਮੈਨ ਜਤਿੰਦਰ ਭੱਲਾ, ਚੇਅਰਮੈਨ ਅਨਿਲ ਠਾਕੁਰ, ਚੇਅਰਮੈਨ ਨੀਲ ਗਰਗ, ਅਨਮੋਲ ਸਿੰਘ, ਰਣਧੀਰ ਸਿੰਘ ਖੁੱਡੀਆਂ, ਹਰਮੀਤ ਸਿੰਘ ਖੁੱਡੀਆਂ, ਸੁਮੀਤ ਸਿੰਘ ਖੁੱਡੀਆਂ, ਰਾਜੂ ਢੱਡੇ ਵੀ ਹਾਜ਼ਰ ਸਨ।