Headlines

ਜਲੰਧਰ ਜ਼ਿਮਨੀ ਚੋਣ ਦੀ ਅਗਵਾਈ ਭਗਵੰਤ ਮਾਨ ਕਰਨਗੇ

ਹੁਸ਼ਿਆਰਪੁਰ, 22 ਜੂਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਉਨ੍ਹਾਂ ਦੀ ਅਗਵਾਈ ਹੇਠ ਹੀ ਲੜੀ ਜਾਵੇਗੀ। ਉਹ ਅੱਜ ਇੱਥੇ ਭਗਤ ਕਬੀਰ ਦੀ ਜੈਅੰਤੀ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਮੁੱਖ ਮੰਤਰੀ ਹੋਣ ਦੇ ਨਾਲ ਪਾਰਟੀ ਪ੍ਰਧਾਨ ਵੀ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਹੀ ਇਸ ਜ਼ਿਮਨੀ ਚੋਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਭਗਤ ਕਬੀਰ ਦੇ ਜੀਵਨ ਫਲਸਫੇ ’ਤੇ ਵਿਆਪਕ ਖੋਜ ਕਰਨ ਲਈ ਭਗਤ ਕਬੀਰ ਧਾਮ ਬਣਾਇਆ ਜਾਵੇਗਾ।

ਗ਼ੌਰਤਲਬ ਹੈ ਕਿ ਬੀਤੇ ਦਿਨ ਇਹ ਚਰਚਾ ਚੱਲੀ ਸੀ ਕਿ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦੀ ਵਾਗਡੋਰ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਹੱਥ ਵਿੱਚ ਦਿੱਤੀ ਜਾ ਰਹੀ ਹੈ। ਇਸੇ ਸੰਦਰਭ ਵਿੱਚ ਮੁੱਖ ਮੰਤਰੀ ਨੇ ਅੱਜ ਇਹ ਸਪੱਸ਼ਟ ਕੀਤਾ ਕਿ ਚੋਣ ਮੁਹਿੰਮ ਦੀ ਅਗਵਾਈ ਉਹ ਖੁਦ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਵਿੱਚ ਜਿੱਤ-ਹਾਰ ਤਾਂ ਚੱਲਦੀ ਰਹਿੰਦੀ ਹੈ ਪਰ ਸਵਾਲ ਨੀਅਤ ਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਾਫ਼ ਨੀਅਤ ਨਾਲ ਲੋਕਾਂ ਕੋਲ ਜਾਵੇਗੀ। ਉਨ੍ਹਾਂ ਜਲੰਧਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਉਨ੍ਹਾਂ ਨੂੰ ਪਿਛਲੇ ਢਾਈ ਸਾਲਾਂ ਦੌਰਾਨ ਸਰਕਾਰ ਵੱਲੋਂ ਕੀਤੇ ਕੰਮ ਚੰਗੇ ਲੱਗੇ ਹੋਣ ਤਾਂ ਉਹ ‘ਆਪ’ ਦੇ ਹੱਕ ਵਿੱਚ ਭੁਗਤਣ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਜਲੰਧਰ ਵਿੱਚ ਇਕ ਕਿਰਾਏ ਦਾ ਘਰ ਲੈ ਕੇ ਉੱਥੋਂ ਹੀ ਚੋਣ ਮੁਹਿੰਮ ਚਲਾਉਣਗੇ ਅਤੇ ਚੋਣ ਤੋਂ ਬਾਅਦ ਵੀ ਉਹ ਘੱਟੋ-ਘੱਟ ਦੋ-ਤਿੰਨ ਦਿਨ ਇਸੇ ਘਰ ਵਿੱਚ ਰਹਿਣਗੇ ਤਾਂ ਜੋ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਕਰਵਾਉਣ ਲਈ ਚੰਡੀਗੜ੍ਹ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਦੋਆਬਾ ਵਾਸੀਆਂ ਲਈ ਮੁੱਖ ਮੰਤਰੀ ਦਾ ਇਹ ਕੈਂਪ ਦਫ਼ਤਰ ਸ਼ਿਕਾਇਤਾਂ ਦੇ ਨਿਪਟਾਰੇ ਦਾ ਕੰਮ ਕਰੇਗਾ। ਇੱਥੇ ਉਨ੍ਹਾਂ ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਰਹਿਣਗੇ। ਉਨ੍ਹਾਂ ਐਲਾਨ ਕੀਤਾ ਕਿ ਭਗਤ ਕਬੀਰ ਦੇ ਜੀਵਨ ਫਲਸਫੇ ’ਤੇ ਵਿਆਪਕ ਖੋਜ ਕਰਨ ਲਈ ਭਗਤ ਕਬੀਰ ਧਾਮ ਬਣਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਸੰਤਾਂ-ਮਹਾਪੁਰਸ਼ਾਂ ਦੇ ਆਦਰਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ। ਸ੍ਰੀ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਗਈਆਂ ਕੋਸ਼ਿਸ਼ਾਂ ਸਦਕਾ ਇਸ ਵਾਰ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਜੇਈਈ ਦੀ ਪ੍ਰੀਖਿਆ ਪਾਸ ਕੀਤੀ ਹੈ। ਮੁਕਾਬਲਾ ਪ੍ਰੀਖਿਆਵਾਂ ਦੀ ਸਿਖਲਾਈ ਦੇਣ ਲਈ ਅੱਠ ਹਾਈਟੈਕ ਕੋਚਿੰਗ ਸੈਂਟਰ ਖੋਲ੍ਹੇ ਜਾ ਰਹੇ ਹਨ। ਸਕੂਲਾਂ ਦੇ ਸਿਲੇਬਸ ਵਿੱਚ ਲੋੜੀਦੀਆਂ ਸੋਧਾਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ’ਚ ਸੀਐੱਮ ਵਿੰਡੋ ਖੋਲੀ ਜਾ ਰਹੀ ਹੈ ਜਿੱਥੋਂ ਲੋਕ ਆਪਣੀਆਂ ਸਮੱਸਿਆਵਾਂ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਸਕਣਗੇ।