Headlines

ਪੰਜਾਬ ਪੰਜਾਬ ਵਿੱਚ ਕਈ ਥਾਈਂ ਰੱਖੜੀ ਵਾਲੇ ਦਿਨ ਲੱਗੀ ਮੀਂਹ ਦੀ ਝੜੀ

ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਹੋਈ ਬਾਰਸ਼; ਪਹਾੜਾਂ ਨਾਲ ਲੱਗਦੇ ਇਲਾਕਿਆਂ ’ਚ ਅੱਜ ਤੇ ਭਲਕੇ ਮੀਂਹ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ, 19 ਅਗਸਤ

ਪੰਜਾਬ ਵਿੱਚ ਅੱਜ ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਪਏ ਮੀਂਹ ਕਾਰਨ ਜਿੱਥੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਕੁਝ ਰਾਹਤ ਮਿਲੀ, ਉਥੇ ਹੀ ਕੁਝ ਥਾਵਾਂ ’ਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ। ਵੱਖ-ਵੱਖ ਥਾਈਂ ਪਏ ਮੀਂਹ ਕਰਕੇ ਵੱਧ ਤੋਂ ਵੱਧ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ। ਦੂਜੇ ਪਾਸੇ ਮੌਸਮ ਵਿਗਿਆਨੀਆਂ ਨੇ ਪੰਜਾਬ ਤੇ ਹਰਿਆਣਾ ਵਿੱਚ ਪਹਾੜੀ ਇਲਾਕੇ ਦੇ ਨਾਲ ਲੱਗਦੇ ਸ਼ਹਿਰਾਂ ਤੇ ਪਿੰਡਾਂ ਵਿੱਚ 20 ਤੇ 21 ਅਗਸਤ ਨੂੰ ਰੁਕ-ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਲੁਧਿਆਣਾ, ਬਠਿੰਡਾ ਹਵਾਈ ਅੱਡੇ, ਬਰਨਾਲਾ ਤੇ ਪਠਾਨਕੋਟ ਵਿੱਚ ਕਾਫੀ ਮੀਂਹ ਪਿਆ। ਮੀਂਹ ਕਰਕੇ ਸ਼ਹਿਰ ਦੀਆਂ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ ਅਤੇ ਲੋਕਾਂ ਨੂੰ ਸੜਕਾਂ ਤੋਂ ਲੰਘਣਾ ਮੁਸ਼ਕਲ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ 27 ਐੱਮਐੱਮ, ਬਠਿੰਡਾ ਹਵਾਈ ਅੱਡੇ ’ਤੇ 20, ਬਰਨਾਲਾ ਵਿੱਚ 26, ਪਠਾਨਕੋਟ ਵਿੱਚ 9, ਬਲਾਚੌਰ ਵਿੱਚ 5, ਰੋਪੜ ’ਚ 3.5, ਫ਼ਤਹਿਗੜ੍ਹ ਸਾਹਿਬ ਤੇ ਜਲੰਧਰ ਵਿੱਚ 2-2 ਐੱਮਐੱਮ ਮੀਂਹ ਪਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ, ਫਿਰੋਜ਼ਪੁਰ, ਗੁਰਦਾਸਪੁਰ, ਪਟਿਆਲਾ, ਮੁਹਾਲੀ ਤੇ ਹੋਰ ਕਈ ਸ਼ਹਿਰਾਂ ਵਿੱਚ ਕਿਣ-ਮਿਣ ਹੋਈ। ਅਗਸਤ ਮਹੀਨੇ ਦੇ ਅੱਧ ਤੋਂ ਬਾਅਦ ਪੈਣ ਵਾਲੇ ਮੀਂਹ ਕਰਕੇ ਕਿਸਾਨਾਂ ਦੇ ਚਿਹਰੇ ਖਿੜੇ ਹੋਏ ਹਨ। ਇਹ ਮੀਂਹ ਫ਼ਸਲਾਂ ਲਈ ਲਾਹੇਵੰਦ ਸਾਬਤ ਹੋਵੇਗਾ। ਤਾਪਮਾਨ ਵਿੱਚ ਗਿਰਾਵਟ ਨਾਲ ਸੂਬੇ ਵਿੱਚ ਬਿਜਲੀ ਦੀ ਮੰਗ ਵੀ ਘਟ ਗਈ ਹੈ। ਇਸ ਤਰ੍ਹਾਂ ਆਮ ਲੋਕਾਂ ਦੇ ਨਾਲ ਨਾਲ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਵੀ ਸੁੱਖ ਦਾ ਸਾਹ ਲਿਆ ਹੈ।