Headlines

ਕਈ ਸਿੱਖ ਆਗੂਆਂ ਨੇ ਏਜੰਸੀਆਂ ਨਾਲ ਮਿਲ ਕੇ ਪੰਥ ਨੂੰ ਕਮਜ਼ੋਰ ਕੀਤਾ: ਬਾਦਲ

ਪੰਥ ਤੇ ਕੌਮ ਨੂੰ ਬਰਬਾਦੀ ਤੋਂ ਬਚਾਉਣ ਲਈ ਸੁਚੇਤ ਹੋਣ ’ਤੇ ਦਿੱਤਾ ਜ਼ੋਰ

ਰਈਆ (ਭੰਗੂ) ਬਾਬਾ ਬਕਾਲਾ ਵਿਚ ਰੱਖੜ ਪੁੰਨਿਆ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਵਿੱਚ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬਲਜੀਤ ਸਿੰਘ ਦਾਦੂਵਾਲ, ਜਸਬੀਰ ਸਿੰਘ ਰੋਡੇ ਤੇ ਧਿਆਨ ਸਿੰਘ ਮੰਡ ’ਤੇ ਨਿਸ਼ਾਨੇ ਸੇਧੇ ਤੇ ਉਨ੍ਹਾਂ ਨੂੰ ਆਰਐੱਸਐੱਸ-ਭਾਜਪਾ ਤੇ ਸਰਕਾਰੀ ਏਜੰਸੀਆਂ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਇਹ ਪੰਥ ਵਿੱਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਜਿਸ ਕਰ ਕੇ ਇਨ੍ਹਾਂ ਹੱਥੋਂ ਪੰਜਾਬ ਅਤੇ ਕੌਮ ਨੂੰ ਬਰਬਾਦ ਹੋਣ ਤੋਂ ਬਚਾਉਣ ਦੀ ਲੋੜ ਹੈ। ਆਰਐੱਸਐੱਸ ਅਤੇ ਭਾਜਪਾ ਗੁਰੂ ਘਰਾਂ ’ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਜੇ ਅੱਜ ਵੀ ਸਿੱਖ ਕੌਮ ਇਨ੍ਹਾਂ ਤਾਕਤਾਂ ਨੂੰ ਪਛਾਣ ਕੇ ਸੁਚੇਤ ਨਾ ਹੋਈ ਤਾਂ ਪੰਜਾਬ ਅਤੇ ਕੌਮ ਦੀ ਤਬਾਹੀ ਨੂੰ ਕੋਈ ਰੋਕ ਨਹੀਂ ਸਕਦਾ। ਸ੍ਰੀ ਬਾਦਲ ਨੇ ਕਿਹਾ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਤੇ ਹੁਣ ਭਗਵੰਤ ਮਾਨ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ਪਹੁੰਚਾ ਦਿੱਤਾ ਹੈ। ਇਨ੍ਹਾਂ ਸਰਕਾਰਾਂ ਨੇ ਪੰਜਾਬ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਹੀ ਕੀਤਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਵੱਲੋਂ ਆਪਣੇ ਪੁੱਤਰ ਦੀ ਰਿਹਾਈ ਲਈ ਹੀ ਵੱਖਰੀ ਪੰਥਕ ਕਾਨਫ਼ਰੰਸ ਕਰਵਾਈ ਗਈ ਹੈ ਨਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਪਿਛਲੇ 20-20 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੀ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਬਲਜੀਤ ਸਿੰਘ ਜਲਾਲਉਸਮਾ, ਗੁਲਜ਼ਾਰ ਸਿੰਘ ਰਣੀਕੇ, ਵੀਰ ਸਿੰਘ ਲੋਪੋਕੇ, ਗੁਰਮੀਤ ਸਿੰਘ ਖੱਬੇ ਰਾਜਪੂਤਾਂ ਮੌਜੂਦ ਸਨ।