Headlines

ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ

 ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦਾ ਐਲਾਨ-ਰੱਖੜੀ ਦੇ ਤਿਉਹਾਰ ਮੌਕੇ ਬਰਨਾਲਾ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ
ਬਰਨਾਲਾ-ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ।
ਅੱਜ ਇੱਥੇ ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਬਹੁਤ ਛੇਤੀ ਇਨ੍ਹਾਂ ਅਸਾਮੀਆਂ ਉਤੇ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਦਿਸਹੱਦੇ ਕਾਇਮ ਹੋਣਗੇ ਜੋ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਬੇਹੱਦ ਸਹਾਈ ਹੋਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਕਾਇਮ ਕੀਤੀ ਹੈ ਤਾਂ ਕਿ ਸੂਬਾਈ ਤੇ ਕੌਮੀ ਸ਼ਾਹਰਾਹਾਂ ਉਤੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਅਤੇ ਸੁਰੱਖਿਆ ਵਧਾਈ ਜਾ ਸਕੇ। ਵਿਸ਼ੇਸ਼ ਸਿਖਲਾਈ ਪ੍ਰਾਪਤ ਨਵੇਂ ਭਰਤੀ 1597 ਮੁਲਾਜ਼ਮ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਅਤਿ-ਆਧੁਨਿਕ ਮਸ਼ੀਨਰੀ ਨਾਲ ਲੈਸ 144 ਵਾਹਨ ਮੁਹੱਈਆ ਕੀਤੇ ਗਏ ਹਨ। ਫਰਵਰੀ ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਹ ਫੋਰਸ ਪਿਛਲੇ ਸਾਲ ਦੇ ਮੁਕਾਬਲੇ ਸੜਕ ਹਾਦਸਿਆਂ ਵਿੱਚ ਲਗਭਗ 1300 ਕੀਮਤੀ ਜਾਨਾਂ ਬਚਾਅ ਚੁੱਕੀ ਹੈ। ਇਸ ਤੋਂ ਇਲਾਵਾ ਹਾਦਸਿਆਂ ਵਿੱਚ ਫੱਟੜ ਹੋਣ ਵਾਲਿਆਂ ਦੇ 90 ਲੱਖ ਰੁਪਏ ਦੀ ਕੀਮਤ ਦੇ ਰੂਪ ਵਿੱਚ ਨਕਦੀ ਅਤੇ ਵਸਤਾਂ ਨੂੰ ਸੁਰੱਖਿਅਤ ਵਾਪਸ ਕੀਤਾ ਗਿਆ ਹੈ। ਇਹ ਫੋਰਸ ਸ਼ਾਹਰਾਹਾਂ ਦੇ 4200 ਕਿਲੋਮੀਟਰ ਉਤੇ ਤਾਇਨਾਤ ਕੀਤੀ ਗਈ ਹੈ। ਆਪਣੇ ਨਿਸ਼ਚਿਤ ਕੀਤੇ ਇਲਾਕੇ ਦੀ ਗਸ਼ਤ ਕਰਨ ਦੇ ਨਾਲ-ਨਾਲ ਇਹ ਫੋਰਸ ਆਵਾਜਾਈ ਨਿਯਮਾਂ ਦੀ ਉਲੰਘਣਾ ਹੋਣ ਤੋਂ ਰੋਕਣ ਦਾ ਵੀ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੁਪਨੇ ਸਾਕਾਰ ਲਈ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਦੀ ਬਜਾਏ ਇੱਥੇ ਰਹਿ ਕੇ ਹੀ ਆਪਣੇ ਜੀਵਨ ਵਿੱਚ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਸੂਬੇ ਵਿੱਚ ਨੌਜਵਾਨ ਵਤਨ ਵਾਪਸੀ ਕਰਨਗੇ ਅਤੇ ਇਸ ਦੀ ਖਾਤਰ ਉਨ੍ਹਾਂ ਦੀ ਸਰਕਾਰ ਵੱਡੇ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਮਿਹਨਤ ਕਰ ਰਹੀ ਹੈ ਕਿਉਂਕਿ ਸੂਬਾ ਵਾਸੀਆਂ ਨੇ ਉਨ੍ਹਾਂ ਵਿੱਚ ਅਥਾਹ ਵਿਸ਼ਵਾਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਪਿਛਲੇ ਹੁਕਮਰਾਨਾਂ ਨੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ, ਜਿਸ ਕਾਰਨ ਸੂਬਾ ਵਾਸੀ ਨਿਰਾਸ਼ ਹੋ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸੂਝਵਾਨ ਅਤੇ ਬਹਾਦਰ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ, ਜੋ ਹੁਣ ਸਿਆਸੀ ਗੁਮਨਾਮੀ ਵਿੱਚ ਚਲੇ ਗਏ ਹਨ ਅਤੇ ਸਿਆਸੀ ਪਾਰਟੀਆਂ ਧੜੇਬੰਦੀ ਦੀਆਂ ਸ਼ਿਕਾਰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44700 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਨਿਰੋਲ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਨੌਜਵਾਨਾਂ ਦਾ ਵਿਸ਼ਵਾਸ ਵਧਿਆ ਹੈ, ਜਿਸ ਕਰਕੇ ਉਹ ਵਿਦੇਸ਼ ਜਾਣ ਦਾ ਇਰਾਦਾ ਛੱਡ ਕੇ ਇਥੇ ਰਹਿ ਕੇ ਸਰਕਾਰੀ ਨੌਕਰੀ ਲਈ ਤਿਆਰੀ ਕਰ ਰਹੇ ਹਨ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਦੀ ਸਿਖਲਾਈ ਪ੍ਰਦਾਨ ਕਰੇਗੀ ਤਾਂ ਕਿ ਸਾਡੇ ਨੌਜਵਾਨ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ‘ਤੇ ਸੇਵਾ ਨਿਭਾਅ ਸਕਣ।

ਇਸ ਮੌਕੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੋਂ ਇਲਾਵਾ ਵੱਖ-ਵੱਖ ਸ਼ਖਸੀਅਤਾਂ ਹਾਜ਼ਰ ਸਨ।