Headlines

ਕੇਜਰੀਵਾਲ ਦੀ ਥਾਂ ਆਤਿਸ਼ੀ ਸੰਭਾਲੇਗੀ ਦਿੱਲੀ ਸਰਕਾਰ ਦੀ ਕਮਾਨ

ਦਿੱਲੀ ਦੀ ਤੀਸਰੀ ਤੇ ਸਭ ਤੋਂ ਛੋਟੀ ਉਮਰ ਦੀ ਮਹਿਲਾ ਮੁੱਖ ਮੰਤਰੀ ਹੋਵੇਗੀ ਆਤਿਸ਼ੀ-

ਨਵੀਂ ਦਿੱਲੀ ( ਮਨਧੀਰ ਦਿਓਲ)- ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਦੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਦੇ ਫੈਸਲੇ ਉਪਰੰਤ ਕਾਲਕਾ ਜੀ ਤੋਂ ‘ਆਪ’ ਵਿਧਾਇਕਾ ਆਤਿਸ਼ੀ(43) ਨੂੰ ਦਿੱਲੀ ਦੀ ਅਗਲੀ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਕਾਂਗਰਸ ਦੀ ਸ਼ੀਲਾ ਦੀਕਸ਼ਿਤ ਤੇ ਭਾਜਪਾ ਦੀ ਸੁਸ਼ਮਾ ਸਵਰਾਜ ਮਗਰੋਂ ‘ਆਪ’ ਆਗੂ ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਤੇ ਸਭ ਤੋਂ ਛੋਟੀ ਉਮਰ ਦੀ ਮੁੱਖ ਮੰਤਰੀ ਬਣ ਰਹੀ ਹੈ। ‘ਆਪ’ ਵਿਧਾਇਕ ਦਲ ਦੀ ਬੈਠਕ ਵਿਚ ਆਤਿਸ਼ੀ ਨੂੰ ਪਾਰਟੀ ਦਾ ਨਵਾਂ ਆਗੂ ਚੁਣੇ ਜਾਣ ਮਗਰੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਾਅਦ ਦੁਪਹਿਰ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਅਸਤੀਫ਼ਾ ਸੌਂਪ ਦਿੱਤਾ। ਮਗਰੋਂ ਆਤਿਸ਼ੀ ਨੇ ਉਪ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਤਿਹਾੜ ਜੇਲ੍ਹ ’ਚੋਂ ਜ਼ਮਾਨਤ ’ਤੇ ਰਿਹਾਅ ਹੋਏ ਕੇਜਰੀਵਾਲ ਨੇ ਐਤਵਾਰ ਨੂੰ ਦੋ ਦਿਨਾਂ ’ਚ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਐਲਾਨ ਕੀਤਾ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਉਹ ਲੋਕਾਂ ਤੋਂ ‘ਇਮਾਨਦਾਰੀ ਦਾ ਸਰਟੀਫਿਕੇਟ’ ਲੈਣ ਤੋਂ ਬਾਅਦ ਹੀ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਣਗੇ।

ਉਪ ਰਾਜਪਾਲ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਲਕਾਜੀ ਤੋਂ ਵਿਧਾਇਕ ਆਤਿਸ਼ੀ ਨੇ ਕਿਹਾ, ‘ਅਸੀਂ ਨਵੀਂ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕੀਤਾ ਹੈ। ਮੈਂ ਦਿੱਲੀ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਾਂਗੀ।’ ਦਿੱਲੀ ਸਰਕਾਰ ’ਚ ਮੰਤਰੀ ਗੋਪਾਲ ਰਾਏ ਨੇ ਕਿਹਾ, ‘ਆਤਿਸ਼ੀ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਅਸੀਂ ਐੱਲਜੀ ਨੂੰ ਅਪੀਲ ਕੀਤੀ ਹੈ ਕਿ ਉਹ ਹਲਫ਼ਦਾਰੀ ਸਮਾਗਮ ਬਾਰੇ ਫੈਸਲਾ ਕਰਨ ਤਾਂ ਕਿ ਦੋ ਕਰੋੜ ਲੋਕਾਂ ਦੇ ਕੰਮਾਂ ਨੂੰ ਜਾਰੀ ਰੱਖਿਆ ਜਾ ਸਕੇ।’ ਮੁੱਖ ਮੰਤਰੀ ਮਨੋਨੀਤ ਆਤਿਸ਼ੀ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਖ਼ਿਲਾਫ਼ ਝੂਠੇ ਦੋਸ਼ ਲੱਗੇ ਹਨ ਤੇ ਕੇਂਦਰ ਸਰਕਾਰ ਦੀਆਂ ਜਾਂਚ ਏਜੰਸੀਆਂ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਆਤਿਸ਼ੀ ਨੇ ਕਿਹਾ, ‘ਕੋਈ ਹੋਰ ਆਗੂ ਹੁੰਦਾ ਤਾਂ ਉਸ ਨੇ ਮੁੱਖ ਮੰਤਰੀ ਦੀ ਕੁਰਸੀ ਆਪਣੇ ਕੋਲ ਰੱਖੀ ਹੁੰਦੀ ਪਰ ਕੇਜਰੀਵਾਲ ਨੇ ਲੋਕਾਂ ਦੀ ਕਚਹਿਰੀ ਵਿਚ ਜਾਣ ਦਾ ਫੈਸਲਾ ਕੀਤਾ। ਉਨ੍ਹਾਂ ਅਸਤੀਫ਼ਾ ਦਿੱਤਾ। ਇਹ ਸਾਡੇ ਸਾਰਿਆਂ ਲਈ ਗ਼ਮਗੀਨ ਪਲ ਹਨ।’ ਆਤਿਸ਼ੀ ਨੇ ਕਿਹਾ, ‘‘ਸਾਡਾ ਇੱਕੋ ਇੱਕ ਉਦੇਸ਼ ਅਰਵਿੰਦ ਕੇਜਰੀਵਾਲ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣਾ ਹੈ। ਮੈਂ ਇੱਕ ਆਮ ਸਿਆਸਤਦਾਨ ਹਾਂ ਤੇ ਮੈਨੂੰ ਨਹੀਂ ਲੱਗਦਾ ਕਿ ਜੇ ਮੈਂ ਕਿਸੇ ਹੋਰ ਪਾਰਟੀ ’ਚ ਹੁੰਦੀ ਤਾਂ ਮੈਨੂੰ ਟਿਕਟ ਵੀ ਮਿਲਦੀ, ਪਰ ਕੇਜਰੀਵਾਲ ਨੇ ਮੇਰੇ ’ਚ ਇੰਨਾ ਵਿਸ਼ਵਾਸ ਦਿਖਾਇਆ ਹੈ। ਮੈਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਵਾਂਗੀ।’ ਆਤਿਸ਼ੀ ਕੋਲ ਸਿੱਖਿਆ, ਵਿੱਤ, ਕਾਨੂੰਨ, ਸੈਰ-ਸਪਾਟਾ ਅਤੇ ਕਈ ਹੋਰ ਵਿਭਾਗ ਹਨ।

ਇਸ ਤੋਂ ਪਹਿਲਾਂ ਅੱਜ ਦਿਨੇਂ ‘ਆਪ’ ਦੇ ਕੌਮੀ ਕਨਵੀਨਰ ਤੇ ਮੁੱਖ ਮੰਤਰੀ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਵਿਧਾਇਕ ਦਲ ਦੀ ਮੀਟਿੰਗ ਵਿੱਚ ਸਾਰੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਆਤਿਸ਼ੀ ਨੂੰ ਕੇਜਰੀਵਾਲ ਦਾ ਜਾਨਸ਼ੀਨ ਚੁਣ ਲਿਆ। ਮੀਟਿੰਗ ਤੋਂ ਬਾਅਦ ਦਿੱਲੀ ਪ੍ਰਦੇਸ਼ ਕਨਵੀਨਰ ਅਤੇ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਦੱਸਿਆ ਕਿ ਅਗਾਮੀ ਦਿੱਲੀ ਵਿਧਾਨ ਸਭਾ ਚੋਣਾਂ ਤੱਕ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਆਤਿਸ਼ੀ ਨੂੰ ਸੌਂਪ ਦਿੱਤੀ ਗਈ ਹੈ। ਰਾਏ ਨੇ ਕਿਹਾ ਕਿ ਪਾਰਟੀ ਚਾਹੁੰਦੀ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਅਕਤੂਬਰ-ਨਵੰਬਰ ਵਿੱਚ ਕਰਵਾਈਆਂ ਜਾਣ। ਬੈਠਕ ਉਪਰੰਤ ਕੇਜਰੀਵਾਲ ਕੈਬਨਿਟ ਵਿਚਲੇ ਆਪਣੇ ਸਾਥੀਆਂ ਨਾਲ ਉਪ ਰਾਜਪਾਲ ਦੇ ਸਕੱਤਰੇਤ ਪੁੱਜੇ ਤੇ ਅਸਤੀਫ਼ਾ ਸੌਂਪ ਦਿੱਤਾ।

Leave a Reply

Your email address will not be published. Required fields are marked *