Headlines

ਸੁਪਰੀਮ ਕੋਰਟ ਵਲੋਂ ‘ਖਾਲਸਾ ਯੂਨੀਵਰਸਿਟੀ’ ਬਹਾਲ

ਖਾਲਸਾ ਯੂਨੀਵਰਸਿਟੀ ਐਕਟ-2016 ਕੀਤਾ ਲਾਗੂ, ਕੈਪਟਨ ਅਮਰਿੰਦਰ ਸਰਕਾਰ ਵੱਲੋਂ ਖਾਲਸਾ ਯੂਨੀਵਰਸਿਟੀ ਰੀਪੀਲ ਐਕਟ-2017 ‘ਗੈਰ-ਸੰਵਿਧਾਨਕ’ ਕਰਾਰ

ਅੰਮ੍ਰਿਤਸਰ, 3 ਅਕਤੂਬਰ ( ਦੇ ਪ੍ਰ ਬਿ)-  : ਭਾਰਤ ਦੀ ਸਰਵਉੱਚ ਅਦਾਲਤ ਮਾਣਯੋਗ ਸੁਪਰੀਮ ਕੋਰਟ ਨੇ  ਖ਼ਾਲਸਾ ਯੂਨੀਵਰਸਿਟੀ ਨੂੰ ਬਹਾਲ ਕਰਦਿਆਂ ਖ਼ਾਲਸਾ ਯੂਨੀਵਰਸਿਟੀ ਐਕਟ-2016 ਨੂੰ ਲਾਗੂ ਕਰਕੇ ਖ਼ਾਲਸਾ ਯੂਨੀਵਰਸਿਟੀ (ਰੀਪੀਲ) ਐਕਟ-2017 ਨੂੰ ‘ਗੈਰ-ਸੰਵਿਧਾਨਕ’ ਘੋਸ਼ਿਤ ਕੀਤਾ ਹੈ। ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਕੇ. ਵੀ. ਵਿਸ਼ਵਨਾਥਨ ਦੀ ਦੋ ਬੈਂਚਾਂ ਵਾਲੀ ਅਦਾਲਤ ਵੱਲੋਂ 65 ਪੰਨਿਆਂ ਦੇ ਫ਼ੈਸਲੇ ’ਚ ’ਵਰਸਿਟੀ ਨੂੰ ਸੁਰਜੀਤ ਕਰਦਿਆਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਯੂਨੀਵਰਸਿਟੀ ਦੀ ਬਹਾਲੀ ਦੇ ਲਏ ਪੱਖ ਨੂੰ ਸਹੀ ਕਰਾਰ ਦਿੱਤਾ।

ਕੌਂਸਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ 1 ਨਵੰਬਰ 2017 ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ, ਜਿਸ ’ਚ ਮੈਨੇਜ਼ਮੈਂਟ ਨੂੰ ਯੂਨੀਵਰਸਿਟੀ ਦੀ ਬਹਾਲੀ ਲਈ ਰਾਹਤ ਮਿਲੀ ਹੈ। ਮਾਣਯੋਗ ਅਦਾਲਤ ਨੇ ਹਾਈਕੋਰਟ ਦੇ ਹੁਕਮਾਂ ਨੂੰ ਰੱਦ ਕਰਦਿਆਂ ਰੀਪੀਲ ਐਕਟ ਤੋਂ ਪਹਿਲਾਂ ਬਣਾਏ ਗਏ ਵਿਧਾਨ ਸਭਾ ਦੇ 2015 ਦੇ ਐਕਟ ਨੂੰ ਸਹੀ ਠਹਿਰਾਇਆ। ਜ਼ਿਕਰਯੋਗ ਹੈ ਕਿ ਖਾਲਸਾ ਯੂਨੀਵਰਸਿਟੀ ਦੀ ਸਥਾਪਨਾ ਉਸ ਸਮੇਂ ਦੀ ਅਕਾਲੀ-ਭਾਜਪਾ ਸਰਕਾਰ ਨੇ 2016 ’ਚ ਕੀਤੀ ਸੀ ਪਰ ਜਦੋਂ ਅਗਲੇ ਸਾਲ-2017 ’ਚ ਸਰਕਾਰ ਬਦਲੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਸਹੁੰ ਚੁੱਕਦਿਆਂ ਹੀ ਆਰਡੀਨੈਂਸ ਜਾਰੀ ਕਰਦਿਆਂ ਖ਼ਾਲਸਾ ਯੂਨੀਵਰਸਿਟੀ ਨੂੰ ਖਤਮ ਕਰ ਦਿੱਤਾ। ਦਿੱਤਾ।

ਇਸ ਸਬੰਧੀ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਰੀ ਬਿਆਨ ’ਚ ਕਿਹਾ ਕਿ ਉਸ ਸਮੇਂ ਦੀ ਪੰਜਾਬ ਸਰਕਾਰ ਦੇ ਮਨਮਾਨੇ ਫ਼ੈਸਲੇ ਨੂੰ ਮੈਨੇਜ਼ਮੈਂਟ ਵੱਲੋਂ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੱਤੀ ਗਈ ਪਰ ਇਸ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਅਤੇ ਇਸ ਤਰ੍ਹਾਂ ਖਾਲਸਾ ਯੂਨੀਵਰਸਿਟੀ ਦੀ ਮੈਨੇਜ਼ਮੈਂਟ ਨੇ ਸਰਕਾਰ ਦੇ ਫ਼ੈਸਲਿਆਂ ਨੂੰ ਦੇਸ਼ ਦੀ ਸਰਵਉੱਚ ਅਦਾਲਤ ’ਚ ਚੈਲੇਜ਼ ਕੀਤਾ ਅਤੇ ਹੁਣ 7 ਸਾਲ ਤੋਂ ਵੱਧ ਦੀ ਲੰਬੀ ਲੜਾਈ ਤੋਂ ਬਾਅਦ ਮੈਨੇਜ਼ਮੈਂਟ ਨੂੰ ਵੱਡੀ ਰਾਹਤ ਮਿਲੀ ਹੈ।

ਸ: ਛੀਨਾ ਨੇ ਕਿਹਾ ਕਿ ਤਤਕਾਲੀ ਰਾਜ ਸਰਕਾਰ ਦੇ ਫੈਸਲੇ ਕਾਰਨ ਸੁਸਾਇਟੀ ਅਤੇ ਸਮਾਜ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ, ਕਿਉਂਕਿ ਯੂਨੀਵਰਸਿਟੀ ’ਚ ਕਈ ਕੋਰਸ ਸ਼ੁਰੂ ਕੀਤੇ ਗਏ ਸਨ ਅਤੇ ਵਿਦਿਆਰਥੀ ਦਾਖਲ ਵੀ ਹੋਏ ਸਨ। ਸੁਸਾਇਟੀ ਲੰਬੇ ਸਮੇਂ ਤੋਂ ਜਾਇਜ਼ ਹੱਕ ਲਈ ਕਾਨੂੰਨੀ ਲੜਾਈ ਲੜ ਰਹੀ ਸੀ ਅਤੇ ਅੱਜ ਇਨਸਾਫ਼ ਦੀ ਪ੍ਰਾਪਤੀ ਹੋਈ ਹੈ।

ਅੱਜ ਮਾਣਯੋਗ ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫ਼ੈਸਲੇ ਉਪਰੰਤ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਜੁਆਇੰਟ ਸਕੱਤਰ ਸ: ਗੁਨਬੀਰ ਸਿੰਘ, ਸ: ਅਜ਼ਮੇਰ ਸਿੰਘ ਹੇਰ, ਖਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨਾਲ ਮਿਲ ਕੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਉਪਰੰਤ ਅਰਦਾਸ ਕਰਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਖਾਲਸਾ ਕਾਲਜ ਮੈਨੇਜ਼ਮੈਂਟ ਵੱਲੋਂ 2025-26 ਅਕਾਦਮਿਕ ਸੈਸ਼ਨ ਲਈ ਕਲਾਸਾਂ ਸ਼ੁਰੂ ਕਰਨ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *