Headlines

ਅਕਾਲੀ ਦਲ ਤੇ ਚੋਣਾਂ ਲੜਨ ਤੇ ਕੋਈ ਪਾਬੰਦੀ ਨਹੀ ਲਗਾਈ-ਸਿੰਘ ਸਾਹਿਬ ਵਲੋਂ ਸਪੱਸ਼ਟੀਕਰਣ

ਅੰਮ੍ਰਿਤਸਰ ( ਲਾਂਬਾ, ਭੰਗੂ)-

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਚ ਹੋਣ ਜਾ ਰਹੀਆਂ ਜ਼ਿਮਣੀ ਚੋਣਾਂ ਨਾ ਲੜਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਲਈ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਹਿੱਸਾ ਲੈ ਸਕਦਾ ਹੈ, ਇਸ ਸਬੰਧੀ ਉਸ ਉਤੇ ਕੋਈ ਪਾਬੰਦੀ ਨਹੀਂ ਹੈ ।

ਇਸ ਸਬੰਧ ਵਿੱਚ ਇੱਕ ਵੀਡੀਓ ਸੁਨੇਹੇ ਰਾਹੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਬੰਧਤ ਮਾਮਲਾ ਸ੍ਰੀ ਅਕਾਲ ਤਖਤ ਵਿਖੇ ਵਿਚਾਰ ਅਧੀਨ ਹੈ। ਇਸ ਲਈ ਉਨ੍ਹਾਂ ਨੂੰ ਚੋਣ ਲੜਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ, ਪਰ ਬਾਕੀ ਪਾਰਟੀ ’ਤੇ ਕੋਈ ਪਾਬੰਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਹੋਰਨਾਂ ਸਿਆਸੀ ਪਾਰਟੀਆਂ ਵਾਂਗ ਆਪਣੇ ਉਮੀਦਵਾਰ ਐਲਾਨ ਸਕਦਾ ਹੈ ਅਤੇ ਚੋਣ ਲੜ ਸਕਦਾ ਹੈ।

ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਤੋਂ ਤਨਖਾਹੀਆ ਕਰਾਰ ਦਿੱਤਾ ਹੋਇਆ। ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਸੀ ਕਿ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਸੁਖਬੀਰ ਸਿੰਘ ਬਾਦਲ ਨੂੰ ਛੋਟ ਦਿੱਤੀ ਜਾਵੇ ਤਾਂ ਜੋ ਉਹ ਪਾਰਟੀ ਦੀ ਅਗਵਾਈ ਕਰ ਸਕਣ ਅਤੇ ਚੋਣ ਸਰਗਰਮੀਆਂ ਵਿੱਚ ਹਿੱਸਾ ਲੈ ਸਕਣ।

ਬੀਤੇ ਕੱਲ੍ਹ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਮਾਮਲੇ ਵਿੱਚ ਮੀਡੀਆ ਨੂੰ ਦੱਸਿਆ ਸੀ ਕਿ ਕੋਈ ਵੀ ਤਨਖਾਹੀਆ ਵਿਅਕਤੀ ਜਦੋਂ ਤੱਕ ਸ਼੍ਰੀ ਅਕਾਲ ਤਖ਼ਤ ਦੀ ਫਸੀਲ ਤੋਂ ਸਬੰਧਤ ਮਾਮਲੇ ਸਬੰਧੀ ਤਨਖਾਹ ਨਹੀਂ ਲਗਵਾ ਕੇ ਉਸ ਨੂੰ ਪੂਰਾ ਨਹੀਂ ਕਰ ਲੈਂਦਾ, ਉਦੋਂ ਤੱਕ ਉਸਨੂੰ ਕੋਈ ਛੋਟ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਇਹ ਮਾਮਲਾ ਦੀਵਾਲੀ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਨ ਦਾ ਭਰੋਸਾ ਦਿੱਤਾ ਸੀ।

Leave a Reply

Your email address will not be published. Required fields are marked *