ਕਿਸਾਨਾਂ ਦੀ ਹਮਾਇਤ ਵਿੱਚ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨੂੰ ਵੱਡੀ ਗਿਣਤੀ ‘ਚ ਧਰਨੇ ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ –
ਰਾਕੇਸ਼ ਨਈਅਰ ਚੋਹਲਾ
ਤਰਨ ਤਾਰਨ,2 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ,ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਪੰਜਾਬ ਰੂਰਲ ਡਿਵੈਲਪਮੈਂਟ ਸੁਸਾਇਟੀ ਦੇ ਚੇਅਰਮੈਨ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ 5 ਨਵੰਬਰ ਮੰਗਲਵਾਰ ਨੂੰ ਸਵੇਰੇ 10 ਵਜ਼ੇ ਖਡੂਰ ਸਾਹਿਬ ਐਸ.ਡੀ.ਐਮ ਦਫ਼ਤਰ ਅੱਗੇ ਧਰਨੇ ਅਤੇ ਮੁਜ਼ਾਹਰੇ ਦਾ ਸੱਦਾ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਐਸ.ਡੀ.ਐਮ ਨੂੰ ਮੰਗ ਪੱਤਰ ਵੀ ਸਰਕਾਰਾਂ ਦੇ ਨਾਂ ਸੌਂਪਿਆ ਜਾਵੇਗਾ। ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਇਹ ਰੋਸ ਮੁਜ਼ਾਹਰਾ ਡੀ.ਏ.ਪੀ ਖ਼ਾਦ ਦੀ ਘਾਟ ਤੇ ‘ਆਪ’ ਅਤੇ ਕੇਂਦਰ ਸਰਕਾਰਾਂ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਵਿੱਚ ਦੇਰੀ ਦੇ ਪ੍ਰਤੀਕਰਮ ਵਜੋਂ ਹੈ।ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ.ਬਲਵਿੰਦਰ ਸਿੰਘ ਭੂੰਦੜ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੂਬੇ ਭਰ ਵਿੱਚ ਦਿੱਤੇ ਜਾਣ ਵਾਲੇ ਇਹਨਾਂ ਧਰਨਿਆਂ ਦਾ ਉਦੇਸ਼ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਮੁੱਦਿਆਂ ਪ੍ਰਤੀ ਸਰਕਾਰਾਂ ਦੀ ਜਾਣਬੁੱਝ ਕੇ ਕੀਤੀ ਜਾ ਰਹੀ ਨਾਕਾਮੀਆਂ ਨੂੰ ਉਜਾਗਰ ਕਰਨਾ ਹੈ। ਸ.ਬ੍ਰਹਮਪੁਰਾ ਨੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਆਪੋਂ ਆਪਣੇ ਇਲਾਕਿਆਂ ਦੇ ਕਿਸਾਨ ਭਾਈਚਾਰੇ ਦੀ ਸਹਾਇਤਾ ਲਈ ਨਿਰਧਾਰਤ ਸਥਾਨ ‘ਤੇ ਵੱਡੀ ਗਿਣਤੀ ਵਿੱਚ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ।
ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮੰਡੀਆਂ ‘ਚ ਝੋਨੇ ਦੀ ਸਮੇਂ ਸਿਰ ਲਿਫਟਿੰਗ ਦਾ ਹੱਲ ਨਾ ਕਰਨ ‘ਤੇ ਨਿਰਾਸ਼ਾ ਜ਼ਾਹਰ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ੍ਰ. ਬ੍ਰਹਮਪੁਰਾ ਨੇ ਸਰਕਾਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਖ਼ੇਤੀਬਾੜੀ ਭਾਈਚਾਰੇ ਦੇ ਸਮਰਥਨ ਵਿੱਚ ਸਹੀ ਖ਼ਰੀਦ ਨੂੰ ਯਕੀਨੀ ਬਣਾਉਣ ਦੀ ਅਹਿਮ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਵਿੱਚ ਰੋਸ ਪ੍ਰਦਰਸ਼ਨ ਕਿਸਾਨਾਂ ਦੀ ਦੁਰਦਸ਼ਾ ਪ੍ਰਤੀ ਸਰਕਾਰਾਂ ਦੀ ਗ਼ਲਤ ਨੀਤੀਆਂ ਬਾਰੇ ਅਧਿਕਾਰੀਆਂ ਨੂੰ ਚੇਤਾਵਨੀ ਵਜੋਂ ਕੰਮ ਕਰੇਗਾ।ਅਜਿਹਾ ਕਦਮ ਜਿੱਥੇ ਮੁਜ਼ਾਹਰਾਕਾਰੀਆਂ ਦੀ ਤਾਕਤ ਦਾ ਅਹਿਸਾਸ ਭੋਲੀ-ਭਾਲੀ ਸਰਕਾਰਾਂ ਦੇ ਕੰਨ ਖੋਲੇਗਾ,ਉੱਥੇ ਬਹੁਤ ਲਾਹੇਵੰਦ ਹੋਵੇਗਾ,ਇਸ ਲਈ ਪਾਰਟੀ ਵਰਕਰਾਂ ਸਮੇਤ ਆਮ ਲੋਕਾਂ ਨੂੰ ਕਿਸਾਨਾਂ ਦੇ ਹੱਕ ਵਿੱਚ ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।