ਵੈਨਕੂਵਰ-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਵਿਸ਼ਵ ਭਰ ਵਿਚ ਨਾਨਕ ਨਾਮ ਲੇਵਾ ਸੰਗਤਾਂ ਨੇ ਭਾਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਥਾਂ-ਥਾਂ ਗੁਰੂ ਘਰਾਂ ਵਿਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਸਾਰਾ ਦਿਨ ਦੀਵਾਨ ਸਜਾਏ ਗਏ ਤੇ ਗੁਰੂ ਕੇ ਲੰਗਰ ਅਤੁੱਟ ਵਰਤੇ। ਮੈਟਰੋ ਵੈਨਕੂਵਰ ਤੇ ਫਰੇਜ਼ਰ ਵੈਲੀ ਦੇ ਗੁਰੂ ਘਰਾਂ ਵਿਚ ਅੱਜ ਪ੍ਰ੍ਕਾਸ਼ ਪੁਰਬ ਮੌਕੇ ਸੰਗਤਾਂ ਭਾਰੀ ਉਤਸ਼ਾਹ ਨਾਲ ਗੁਰੂ ਘਰਾਂ ਵਿਚ ਪੁੱਜੀਆਂ। ਸੰਗਤਾਂ ਨੇ ਦੀਵਾਨਾਂ ਵਿਚ ਹਾਜ਼ਰੀ ਭਰੀ, ਗੁਰੂ ਕੇ ਲੰਗਰਾਂ ਦਾ ਆਨੰਦ ਮਾਣਿਆ ਤੇ ਗੁਰਪੁਰਬ ਦੀਆਂ ਵਧਾਈਆਂ ਸਾਂਝੀਆਂ ਕੀਤੀਆਂ।
ਅੰਮ੍ਰਿਤਸਰ ( ਭੰਗੂ)–ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਸਮੁੱਚੀ ਮਨੁੱਖਤਾ ਲਈ ਜੀਵਨ ਰੁਸ਼ਨਾਉਣ ਵਾਲੇ ਹਨ।