Headlines

ਕਿਸਾਨ ਆਗੂ ਡੱਲੇਵਾਲ ਭਲਕ ਤੋਂ ਸ਼ੁਰੂ ਕਰਨਗੇ ਮਰਨ ਵਰਤ

ਕਿਸਾਨ ਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਸ਼ੰਭੂ ਤੋਂ ਦਿੱਲੀ ਵੱਲ ਕਰਨਗੀਆਂ ਕੂਚ

ਚੰਡੀਗੜ੍ਹ, 24 ਨਵੰਬਰ

ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ ਪਿਛਲੇ ਸਾਢੇ 9 ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਤੋਂ ਖਨੌਰੀ ਬਾਰਡਰ ’ਤੇ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਦੂਜੇ ਪਾਸੇ ਦੋਵਾਂ ਜਥੇਬੰਦੀਆਂ ਵੱਲੋਂ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਕੀਤਾ ਜਾਵੇਗਾ। ਦੋਵਾਂ ਜਥੇਬੰਦਆਂ ਨੇ ਦਿੱਲੀ ਕੂਚ ਕਰਨ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ। ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਦੀਆਂ ਹੋਰਨਾਂ ਕਿਸਾਨ, ਮਜ਼ਦੂਰ ਤੇ ਲੋਕ ਹਿੱਤ ਵਿੱਚ ਕੰਮ ਕਰਨ ਵਾਲੀਆਂ ਜਥੇਬੰਦੀਆਂ ਨੂੰ ਵੀ ਨਾਲ ਜੋੜਿਆ ਜਾ ਰਿਹਾ ਹੈ। ਇਨ੍ਹਾਂ ਜਥੇਬੰਦੀਆਂ ਨੇ ਪੰਜਾਬ ਭਰ ਵਿੱਚ ਵੱਡੇ ਇਕੱਠ ਕਰਕੇ ਸੰਘਰਸ਼ ਨੂੰ ਤੇਜ਼ ਕਰਨ ਦੀਆਂ ਲਾਮਬੰਦੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ 26 ਨਵੰਬਰ ਨੂੰ ਗੁਰਦਾਸਪੁਰ ਤੇ 28 ਨੂੰ ਅੰਮ੍ਰਿਤਸਰ ’ਚ ਵੀ ਵੱਡੇ ਇਕੱਠ ਕੀਤੇ ਜਾ ਰਹੇ ਹਨ।

 

ਕੇਂਦਰੀ ਦਿੱਲੀ ਖੇਤਰ ਵਿੱਚ ਕਿਸਾਨਾਂ ਨੂੰ ਰੋਕਣ ਲਈ ਐਤਵਾਰ ਨੂੰ ਬੈਰੀਕੇਡ ਲਾਉਂਦੀ ਹੋਈ ਪੁਲੀਸ। 

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਅੰਨਦਾਤੇ ਨੂੰ ਆਪਣੀਆਂ ਫ਼ਸਲਾਂ ਵੇਚਣ ਲਈ ਮੰਡੀਆਂ ’ਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਕਿਸਾਨਾਂ ਨੂੰ ਫ਼ਸਲਾਂ ਦਾ ਪੂਰਾ ਭਾਅ ਨਹੀਂ ਮਿਲ ਰਿਹਾ ਹੈ। ਦੂਜੇ ਪਾਸੇ ਡੀਏਪੀ ਦੀ ਖਰੀਦ ਲਈ ਲਾਈਨਾਂ ਵਿੱਚ ਲੱਗਣਾ ਪੈ ਰਿਹਾ ਹੈ ਪਰ ਕੇਂਦਰ ਤੇ ਸੂਬਾ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਹੀ ਨਹੀਂ ਦੇ ਰਹੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਤਾਂ ਕਿਸਾਨ ਅੰਦੋਲਨ ਦੀ ਸਮਾਪਤੀ ਸਮੇਂ ਲਿਖਤੀ ਤੌਰ ’ਤੇ ਮੰਨੀਆਂ ਕਿਸਾਨਾਂ ਦੀਆਂ ਮੰਗਾਂ ਨੂੰ ਵੀ ਪੂਰਾ ਕਰਨ ਤੋਂ ਹੱਥ ਪਿੱਛੇ ਖਿੱਚ ਲਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਮੁੜ ਤੋਂ ਦਿੱਲੀ ਵੱਲ ਕੂਚ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਜਥੇਬੰਦੀਆਂ ਪਿੱਛੇ ਹਟਣ ਵਾਲੀਆਂ ਨਹੀਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ, ਉੱਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।

ਅੱਜ ਪਰਿਵਾਰ ਦੇ ਨਾਂ ਜ਼ਮੀਨ ਕਰਵਾਉਣਗੇ ਡੱਲੇਵਾਲ

ਪਟਿਆਲਾ (ਸਰਬਜੀਤ ਸਿੰਘ ਭੰਗੂ): ਪਟਿਆਲਾ ਜ਼ਿਲ੍ਹੇ ਦੇ ਪਿੰਡ ਢਾਬੀ ਗੁੱਜਰਾਂ ਸਥਿਤ ਬਾਰਡਰ ’ਤੇ ਪਿਛਲੇ ਦਸ ਮਹੀਨਿਆਂ ਤੋਂ ਜਾਰੀ ਕਿਸਾਨ ਮੋਰਚੇ ਦਾ ਹਿੱਸਾ ਬਣੇ ਆ ਰਹੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱੱਲੇਵਾਲ 26 ਨਵੰਬਰ ਤੋਂ ਮਰਨ ਵਰਤ ਸ਼ੁਰੂ ਕਰਨ ਲਈ ਅਟੱਲ ਹਨ ਅਤੇ ਭਲਕੇ 25 ਨਵੰਬਰ ਨੂੰ ਉਹ ਆਪਣੀ ਤਕਰੀਬਨ ਵੀਹ ਏਕੜ ਜ਼ਮੀਨ ਪਰਿਵਾਰ ਦੇ ਨਾਂ ਕਰਵਾਉਣਗੇ। ਇਸ ਮਗਰੋਂ 26 ਨਵੰਬਰ ਦੀ ਸਵੇਰ ਨੂੰ ਕਿਸਾਨ ਮੋਰਚਿਆਂ ਦੀ ਲੀਡਰਸ਼ਿਪ ਦੀ ਮੌਜੂਦਗੀ ’ਚ ਮਰਨ ਵਰਤ ਸ਼ੁਰੂ ਕਰਨਗੇ। ਇਸ ਦੌਰਾਨ ਉਹ ਆਪਣੇ ਸਾਥੀਆਂ ਅਤੇ ਪਰਿਵਾਰਕ ਮੈਂਬਰਾਂ ਤੋਂ ਇਹ ਅਹਿਦ ਵੀ ਲੈਣਗੇ ਕਿ ਮਰਨ ਵਰਤ ਦੌਰਾਨ ਉਨ੍ਹਾਂ ਦੀ ਮੌਤ ਹੋਣ ਦੀ ਸਥਿਤੀ ’ਚ ਓਨਾ ਚਿਰ ਸਸਕਾਰ ਨਾ ਕੀਤਾ ਜਾਵੇ ਜਦੋਂ ਤੱਕ ਕਿਸਾਨੀ ਮੰਗਾਂ ਨਾ ਮੰਨੀਆਂ ਜਾਣ। ਇਸ ਪੱਤਰਕਾਰ ਨਾਲ ਹੋਈ ਗੱੱਲਬਾਤ ਦੌਰਾਨ ਇਸ ਕਿਸਾਨ ਨੇਤਾ ਨੇ ਕਿਹਾ ਕਿ ਉਹ ਇਹ ਪ੍ਰਣ ਕਰਕੇ ਹੀ ਮਰਨ ਵਰਤ ’ਤੇ ਬੈਠਣਗੇ ਕਿ ਕਿਸਾਨ ਮੰਗਾਂ ਦੀ ਪੂਰਤੀ ਤੋਂ ਬਿਨਾਂ ਮਰਨ ਵਰਤ ਨਹੀਂ ਤੋੜਨਗੇ। ਢਾਬੀ ਗੁੱਜਰਾਂ ਬਾਰਡਰ ’ਤੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਹਾਈ ਕੋਰਟ ਦੇ ਜੱਜ ਤੋਂ ਕਰਵਾਉਣੀ ਵੀ ਪ੍ਰਮੁੱਖ ਮੰਗਾਂ ’ਚ ਸ਼ੁਮਾਰ ਰਹੇਗੀ। ਤਰਕ ਹੈ ਕਿ ਉਸ ਨੂੰ ਹਰਿਆਣਾ ਪੁਲੀਸ ਨੇ ਹੀ ਮਾਰਿਆ ਹੈ ਜਿਸ ਕਰਕੇ ਨਿਰਪੱਖ ਜਾਂਚ ਦੀ ਆਸ ਨਹੀਂ ਰੱਖੀ ਜਾ ਸਕਦੀ।

 

Leave a Reply

Your email address will not be published. Required fields are marked *