ਚੰਡੀਗੜ੍ਹ, 8 ਦਸੰਬਰ-
ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਨਗਰ ਨਿਗਮਾਂ ਅਤੇ ਕੌਂਸਲਾਂ/ਨਗਰ ਪੰਚਾਇਤਾਂ ਲਈ ਚੋਣ ਪ੍ਰੋਗਰਾਮ ਐਲਾਨ ਦਿੱਤਾ ਹੈ। ਇਨ੍ਹਾਂ ਸਥਾਨਕ ਸ਼ਹਿਰੀ ਸੰਸਥਾਵਾਂ ਲਈ ਵੋਟਾਂ 21 ਦਸੰਬਰ ਨੂੰ ਪੈਣਗੀਆਂ। ਇਹ ਚੋਣਾਂ ਸੁਪਰੀਮ ਕੋਰਟ ਦੇ ਦਖ਼ਲ ਮਗਰੋਂ ਹੋ ਰਹੀਆਂ ਹਨ। ਕਰੀਬ ਡੇਢ ਸਾਲ ਪਹਿਲਾਂ ਵੱਖ ਵੱਖ ਨਿਗਮਾਂ ਤੇ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋ ਗਿਆ ਸੀ। ਚੋਣਾਂ ਦੇ ਐਲਾਨ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜੋ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ। ਪੰਜਾਬ ਰਾਜ ਚੋਣ ਕਮਿਸ਼ਨਰ ਆਰ.ਕੇ.ਚੌਧਰੀ ਨੇ ਅੱਜ ਚੋਣ ਪ੍ਰੋਗਰਾਮ ਜਾਰੀ ਕਰਦਿਆਂ ਦੱਸਿਆ ਕਿ ਇਨ੍ਹਾਂ ਸਥਾਨਕ ਸ਼ਹਿਰੀ ਸੰਸਥਾਵਾਂ ਲਈ ਵੋਟਾਂ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ ਚਾਰ ਵਜੇ ਤੱਕ ਪੈਣਗੀਆਂ। ਉਸ ਦਿਨ ਹੀ ਚੋਣ ਨਤੀਜੇ ਐਲਾਨੇ ਜਾਣਗੇ। ਵੋਟਿੰਗ ਲਈ ਈ.ਵੀ.ਐੱਮਜ਼. ਦੀ ਵਰਤੋਂ ਕੀਤੀ ਜਾਣੀ ਹੈ ਅਤੇ ਚੋਣ ਕਮਿਸ਼ਨ ਨੇ ਇਸ ਬਾਰੇ ਲੋੜੀਂਦੇ ਪ੍ਰਬੰਧ ਕਰ ਲਏ ਹਨ। ਇਨ੍ਹਾਂ ਚੋਣਾਂ ਵਿਚ ਕੁੱਲ 37,32,636 ਵੋਟਰ ਆਪਣੇ ਹੱਕ ਦਾ ਇਸਤੇਮਾਲ ਕਰ ਸਕਣਗੇ ਜਿਨ੍ਹਾਂ ਵਿਚ 19,55,888 ਪੁਰਸ਼, 17,76,544 ਮਹਿਲਾਵਾਂ ਅਤੇ 204 ਹੋਰ ਸ਼ਾਮਲ ਹਨ।
ਚੋਣ ਪ੍ਰੋਗਰਾਮ ਅਨੁਸਾਰ ਭਲਕੇ 9 ਦਸੰਬਰ ਤੋਂ ਰਿਟਰਨਿੰਗ ਅਫ਼ਸਰਾਂ ਕੋਲ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅਮਲ ਸ਼ੁਰੂ ਹੋਵੇਗਾ ਅਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਉਮੀਦਵਾਰ ਕਾਗ਼ਜ਼ ਦਾਖਲ ਕਰ ਸਕਣਗੇ। ਕਾਗ਼ਜ਼ ਦਾਖਲ ਕਰਨ ਦੀ ਆਖ਼ਰੀ ਮਿਤੀ 12 ਦਸੰਬਰ ਨੂੰ 3 ਵਜੇ ਤੱਕ ਚੱਲੇਗੀ। ਕਾਗ਼ਜ਼ਾਂ ਦੀ ਪੜਤਾਲ 13 ਦਸੰਬਰ ਨੂੰ ਹੋਵੇਗੀ ਅਤੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ 14 ਦਸੰਬਰ ਨੂੰ ਵਾਪਸ ਲੈ ਸਕਣਗੇ।