ਚੰਡੀਗੜ੍ਹ, 10 ਦਸੰਬਰ-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲੀ ਆਮ ਚੋਣ 19 ਜਨਵਰੀ 2025 ਨੂੰ ਹੋਵੇਗੀ ਅਤੇ ਉਸੇ ਦਿਨ ਨਤੀਜੇ ਐਲਾਨੇ ਜਾਣਗੇ। ਐੱਚਐੱਸਜੀਪੀਸੀ ਦੀਆਂ ਚੋਣਾਂ ਦੇ ਕਮਿਸ਼ਨਰ ਜਸਟਿਸ ਐੱਚਐੱਸ ਭੱਲਾ ਨੇ ਅੱਜ ਇਹ ਐਲਾਨ ਕੀਤਾ। ਭੱਲਾ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਰਿਟਰਨਿੰਗ ਅਧਿਕਾਰੀ ਵੱਲੋਂ 18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਪਰੰਤ 20 ਤੋਂ 28 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਭੱਲਾ ਨੇ ਦੱਸਿਆ ਕਿ 30 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਤੇ 2 ਜਨਵਰੀ 2025 ਨੂੰ ਬਾਅਦ ਦੁਪਹਿਰ 3 ਵਜੇ ਤਕ ਨਮਾਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਸ ਤੋਂ ਬਾਅਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 19 ਜਨਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤਕ ਵੋਟਾਂ ਪੈਣਗੀਆਂ। ਸ਼ਾਮ ਨੂੰ ਬੂਥਾਂ ’ਤੇ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ ਜੇਤੂ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।