ਪੰਜਾਬ ਵਿਚ ਭਾਜਪਾ ਇਕੱਲਿਆਂ ਚੋਣ ਲੜੇਗੀ-
ਅੰਮ੍ਰਿਤਸਰ-( ਭੰਗੂ)-ਭਾਜਪਾ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਨ ਮਗਰੋਂ ਮਨਜਿੰਦਰ ਸਿੰਘ ਸਿਰਸਾ ਨੇ ਬੀਤੇ ਦਿਨ ਹਰਿਮੰਦਰ ਸਾਹਿਬ ਵਿੱਚ ਸ਼ੁਕਰਾਨੇ ਵਜੋਂ ਮੱਥਾ ਟੇਕਿਆ ਅਤੇ ਗੁਰੂ-ਘਰ ਦਾ ਆਸ਼ੀਰਵਾਦ ਲਿਆ। ਬਾਅਦ ਵਿੱਚ ਭਾਜਪਾ ਦੇ ਦਫ਼ਤਰ ਖੰਨਾ ਸਮਾਰਕ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਵਿੱਚ ਸੂਬਾਈ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜੀਆਂ ਜਾਣਗੀਆਂ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਇਸ ਪਾਰਟੀ ਨੇ ਪਹਿਲਾਂ ਦਿੱਲੀ ਵਿੱਚ ਲੋਕਾਂ ਦਾ ਵੱਡਾ ਨੁਕਸਾਨ ਕੀਤਾ ਅਤੇ ਹੁਣ ਦਿੱਲੀ ਮਾਡਲ ਪੰਜਾਬ ਵਿੱਚ ਲਾਗੂ ਕਰਕੇ ਸੂਬੇ ਦਾ ਨੁਕਸਾਨ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਬਣਨ ਮਗਰੋਂ ਸੂਬੇ ਸਿਰ ਕਰਜ਼ਾ ਵਧਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੁਣ ਤੱਕ ਲਗਪਗ ਸਵਾ ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਇਹ ਪੰਜਾਬ ਦੇ ਵਿਕਾਸ ਦੀ ਥਾਂ ‘ਆਪ’ ਸੁਪਰੀਮੋ ਕੇਜਰੀਵਾਲ ਦੇ ਵੱਖ-ਵੱਖ ਸੂਬਿਆਂ ਵਿੱਚ ਹਵਾਈ ਦੌਰਿਆਂ, ਉਨ੍ਹਾਂ ਦੇ ਸ਼ੀਸ਼ ਮਹਿਲ ਅਤੇ ਦਿੱਲੀ ਤੇ ਹੋਰ ਸੂਬਿਆਂ ਵਿੱਚ ਚੋਣ ਲੜਨ ਲਈ ਪ੍ਰਚਾਰ ਵਾਸਤੇ ਖ਼ਰਚਿਆ ਗਿਆ। ਉਨ੍ਹਾਂ ਪੰਜਾਬ ਦੀਆਂ ਰਾਜ ਸਭਾ ਸੀਟਾਂ ਵੇਚਣ ਦਾ ਦੋਸ਼ ਵੀ ਲਾਇਆ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਦਿੱਲੀ ਮਗਰੋਂ ਹੁਣ ਪੰਜਾਬ ਦੇ ਸਕੂਲਾਂ ਨੂੰ ਵਿਗਾੜਿਆ ਜਾ ਰਿਹਾ ਹੈ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤੇ ਦੀਆਂ ਸੰਭਾਵਨਾਵਾਂ ਬਾਰੇ ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਸੂਬਾ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਹੀ ਲੜੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਮਨਜੀਤ ਸਿੰਘ ਭੋਮਾ, ਅਜੈਬੀਰਪਾਲ ਸਿੰਘ ਰੰਧਾਵਾ ਵੀ ਸਨ।