ਮਾਨਸਾ 6 ਮਾਰਚ
ਚੰਡੀਗੜ੍ਹ ਅੰਦੋਲਨ ਲਈ ਪੰਜਾਬ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਤੋਂ ਬਾਅਦ ਹੁਣ ਸੰਯੁਕਤ ਕਿਸਾਨ ਮੋਰਚਾ ਵਲੋਂ 7 ਮਾਰਚ ਨੂੰ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਲੁਧਿਆਣਾ ਵਿਖੇ ਹੋਵੇਗੀ, ਜਿਸ ਵਿਚ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਅੰਦੋਲਨ ਲਈ ਕੋਈ ਨਵਾਂ ਫੈਸਲਾ ਉਲੀਕਿਆ ਜਾਵੇਗਾ।
ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਸਵੇਰ 11 ਵਜੇ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਸਾਰੀਆਂ ਜਥੇਬੰਦੀਆਂ ਦੇ ਆਗੂਆਂ ਨੂੰ ਸ਼ਾਮਲ ਹੋਣ ਲਈ ਬਕਾਇਦਾ ਸੁਨੇਹਾ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਚੰਡੀਗੜ੍ਹ ਮੋਰਚਾ ਲਾਉਣ ਲਈ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਪੰਜਾਬ ਅਤੇ ਚੰਡੀਗੜ੍ਹ ਪੁਲੀਸ ਵੱਲੋਂ ਵੱਖ ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਸੀ। ਇਸ ਤੋਂ ਪਹਿਲਾਂ ਪੰਜਾਬ ਪੁਲੀਸ ਵੱਲੋਂ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕਰਦਿਆਂ ਹਿਰਾਸਤ ਵਿਚ ਵੀ ਲਿਆ ਸੀ।