ਐੱਸਕੇਐੱਮ ਆਗੂ ਵੱਲੋਂ ਮੁੱਖ ਮੰਤਰੀ ਨੂੰ ਨਰਮ ਰਵੱਈਆ ਅਪਣਾਉਣ ਦੀ ਅਪੀਲ
ਸੁਨਾਮ ਊਧਮ ਸਿੰਘ ਵਾਲਾ
ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਰਾਕੇਸ਼ ਟਿਕੈਤ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਪੰਜਾਬ ਸਰਕਾਰ ਅਤੇ ਪੰਜਾਬ ਦੇ ਕਿਸਾਨਾਂ ਦਾ ਟਕਰਾਅ ਕਰਵਾ ਰਹੀ ਹੈ, ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕਿਸਾਨਾਂ ਨੂੰ ਸਮਝਣ ਦੀ ਲੋੜ ਹੈ। ਉਹ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ‘ਬਹਾਦਰੀ ਦਿਵਸ’ ਮੌਕੇ ਸ਼ਰਧਾਂਜਲੀ ਭੇਟ ਕਰਨ ਆਏ ਸਨ।
ਅੱਜ ਇਥੇ ਟਿਕੈਤ ਨੇ ਕਿਹਾ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ ਚੱਲ ਰਹੀ ਖਿੱਚੋਤਾਣ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਨਰਮ ਰਵੱਈਆ ਅਪਣਾਉਣਾ ਚਾਹੀਦਾ ਤੇ ਕਿਸਾਨੀ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਚੰਡੀਗੜ੍ਹ ਵਿੱਚ ਕਿਸਾਨਾਂ ਦੀ ਮੀਟਿੰਗ ਅੱਧ ਵਿਚਾਲੇ ਛੱਡ ਜਾਣ ਲਈ ਮੁੱਖ ਮੰਤਰੀ ਦੀ ਨਿਖੇਧੀ ਕੀਤੀ ਅਤੇ ਕਿਹਾ, ‘‘ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਨੂੰ ਸਮਝਦਾਰੀ ਤੋਂ ਕੰਮ ਲੈਣ ਦੀ ਲੋੜ ਹੈ ਕਿਉਂਕਿ ਕੇਂਦਰ ਸਰਕਾਰ ਕਿਸੇ ਯੋਜਨਾ ਤਹਿਤ ਕਿਸਾਨਾਂ ਅਤੇ ਪੰਜਾਬ ਸਰਕਾਰ ਨੂੰ ਆਪਸ ਵਿਚ ਲੜਾਉਣਾ ਚਾਹੁੰਦੀ ਹੈ।’’ ਟਿਕੈਤ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਧੀਰਜ ਤੋਂ ਕੰਮ ਲੈਣਾ ਚਾਹੀਦਾ ਹੈ ਕਿਉਂਕਿ ਕਿਸਾਨ ਉਨ੍ਹਾਂ ਦੇ ਦੁਸ਼ਮਣ ਨਹੀਂ ਸਗੋਂ ਉਨ੍ਹਾਂ ਦੀ ਕਥਿਤ ਦੁਸ਼ਮਣ ਕੇਂਦਰ ਸਰਕਾਰ ਹੈ। ਇਸ ਲਈ ਉਹ ਕਿਸਾਨਾਂ ਨਾਲ ਨਫ਼ਰਤ ਕਰਨ ਦੀ ਬਜਾਏ ਭਾਜਪਾ ਦਾ ਵਿਰੋਧ ਕਰਨ ਜੋ ਦੇਸ਼ ਦਾ ਮਾਹੌਲ ਖਰਾਬ ਕਰ ਰਹੀ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਨਾਲ ਸਮਝੌਤੇ ਨੂੰ ਲੈ ਕੇ ਬੋਲਦਿਆਂ ਕਿਹਾ ਕਿ ਇਸ ਸਬੰਧੀ ਛੇ ਮੈਂਬਰੀ ਕਮੇਟੀ ਬਣਾਈ ਗਈ ਹੈ ਤੇ ਪੰਜਾਬ ਵਿਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਪੂਰੀ ਹਮਾਇਤ ਹੈ।