ਨਿਹੰਗ ਸਿੰਘਾਂ ਨੇ ਨਵੇਂ ਜਥੇਦਾਰਾਂ ਦੇ ਫ਼ੈਸਲੇ ਨੂੰ ਸਿਰੇ ਤੋਂ ਨਕਾਰਿਆ; ਸ਼੍ਰੋਮਣੀ ਕਮੇਟੀ ਨੂੰ ਫ਼ੈਸਲਾ ਵਾਪਸ ਲੈਣ ਦੀ ਅਪੀਲ
ਸ੍ਰੀ ਆਨੰਦਪੁਰ ਸਾਹਿਬ, 9 ਮਾਰਚ
ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਹੇਠ ਅੱਜ ਸਮੂਹ ਨਿਹੰਗ ਸਿੰਘਾਂ ਨੇ ਨਵੇਂ ਜਥੇਦਾਰਾਂ ਦੀ ਨਿਯੁਕਤੀ ਦੇ ਫੈਸਲੇ ਨੂੰ ਜਿਥੇ ਸਿਰੇ ਤੋਂ ਨਕਾਰ ਦਿੱਤਾ ਹੈ, ਉੱਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਉਲੀਕੇ ਤਾਜਪੋਸ਼ੀ ਸਮਾਗਮ ਦਾ ਵੀ ਡਟਵਾਂ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਕਾਰਨ ਖਾਲਸਾ ਪੰਥ ਦੇ ਕੌਮੀ ਤਿਉਹਾਰ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੇ ਆਗਾਜ਼ ਮੌਕੇ 10 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਸੇਵਾ ਸੰਭਾਲਣ ਮੌਕੇ ਰੱਖੇ ਤਾਜਪੋਸ਼ੀ ਸਮਾਗਮ ਨੂੰ ਲੈ ਕੇ ਇੱਥੇ ਟਕਰਾਅ ਵਾਲੀ ਸਥਿਤੀ ਬਣ ਗਈ ਹੈ।
ਇਸ ਸਬੰਧੀ ਅੱਜ ਬਾਬਾ ਬਲਵੀਰ ਸਿੰਘ ਦੀ ਅਗਵਾਈ ਹੇਠ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ, ਜਿਨ੍ਹਾਂ ਵਿੱਚ ਬਾਬਾ ਅਵਤਾਰ ਸਿੰਘ, ਬਾਬਾ ਨਾਗਰ

ਸਿੰਘ, ਬਾਬਾ ਜੋਤਾ ਸਿੰਘ, ਬਾਬਾ ਮੇਜਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਰਾਜਾ ਰਾਜ ਸਿੰਘ ਨੇ ਗੁਰਮਤਾ ਕਰਕੇ ਸਮੂਹ ਨਿਹੰਗ ਸਿੰਘਾਂ ਨੂੰ ਸਵੇਰੇ 7 ਵਜੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ। ਬਾਬਾ ਬਲਵੀਰ ਸਿੰਘ ਨੇ ਕਿਹਾ ਕਿ ਇਹ ਤਾਜਪੋਸ਼ੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਲਈ ਸ਼੍ਰੋਮਣੀ ਕਮੇਟੀ ਤੁਰੰਤ ਇਹ ਫੈਸਲਾ ਵਾਪਸ ਲਵੇ ਨਹੀਂ ਤਾਂ ਸਿੱਟੇ ਗੰਭੀਰ ਹੋਣਗੇ। ਇਸ ਦੀ ਪੁਸ਼ਟੀ ਬਾਬਾ ਨਾਗਰ ਸਿੰਘ ਵੱਲੋਂ ਵੀ ਕੀਤੀ ਗਈ ਹੈ।
ਉਧਰ, ਸ਼੍ਰੋਮਣੀ ਕਮੇਟੀ ਵੱਲੋਂ ਤਾਜਪੋਸ਼ੀ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਤਖਤ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸ਼ੋਮਣੀ ਕਮੇਟੀ ਮੁਲਾਜ਼ਮ ਤਾਜਪੋਸ਼ੀ ਸਮਾਗਮ ਲਈ ਤਾਇਨਾਤ ਰਹਿਣਗੇ। ਜਦਕਿ ਸਥਾਨਕ ਟਾਸਕਫੋਰਸ ਤੋਂ ਇਲਾਵਾ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਉਚੇਚੇ ਤੌਰ ’ਤੇ ਟਾਸਕ ਫੋਰਸ ਦੇ ਦਰਜਨਾਂ ਮੁਲਾਜ਼ਮ ਬੁਲਾਏ ਜਾ ਰਹੇ ਹਨ। ਸਮਾਗਮ ਦੀ ਪੁਸ਼ਟੀ ਕਰਦੇ ਹੋਏ ਅੰਤ੍ਰਿੰਗ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਭਿੰਡਰ ਨੇ ਕਿਹਾ ਕਿ ਸਥਾਨਕ ਮੁਲਾਜ਼ਮਾਂ ਤੋਂ ਇਲਾਵਾ ਵੱਖ-ਵੱਖ ਗੁਰਦੁਆਰਿਆਂ ਤੋਂ 600 ਮੁਲਾਜ਼ਮਾਂ ਨੂੰ ਬੁਲਾਇਆ ਗਿਆ ਹੈ। ਜਦਕਿ ਸੁਰੱਖਿਆ ਪ੍ਰਬੰਧਾਂ ਸਬੰਧੀ ਪੁਲੀਸ ਨੂੰ ਵੀ ਕਿਹਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਗਿਆਨੀ ਪ੍ਰਤਾਪ ਸਿੰਘ ਨੇ ਕਿਹਾ ਕਿ ਤਾਜਪੋਸ਼ੀ ਸਮਾਗਮ ਪੂਰੀ ਗੁਰਮਰਿਆਦਾ ਅਨੁਸਾਰ ਕਰਵਾਇਆ ਜਾਵੇਗਾ। ਉਧਰ, ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਰ ਸਥਿਤੀ ਨਾਲ ਨਿਪਟਣ ਲਈ ਪੰਜਾਬ ਪੁਲੀਸ ਦੇ ਢਾਈ ਹਜ਼ਾਰ ਮੁਲਾਜ਼ਮ ਸ੍ਰੀ ਆਨੰਦਪੁਰ ਸਾਹਿਬ ਪਹੁੰਚ ਚੁੱਕੇ ਹਨ। ਇਸੇ ਤਰ੍ਹਾਂ ਅੱਜ ਸਥਾਨਕ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਫੈਸਲੇ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਦੀ ਅਗਵਾਈ ਜ਼ਿਲ੍ਹਾ ਜਥੇਦਾਰੀ ਤੋਂ ਅਸਤੀਫਾ ਦੇ ਚੁੱਕੇ ਗੁਰਿੰਦਰ ਸਿੰਘ ਗੋਗੀ, ਠੇਕੇਦਾਰ ਗੁਰਨਾਮ ਸਿੰਘ, ਸੁਰਜੀਤ ਸਿੰਘ ਚੈਹੜਮਜਾਰਾ ਆਦਿ ਵੱਲੋਂ ਕੀਤੀ ਗਈ।