ਅੰਤਰਿੰਗ ਕਮੇਟੀ ਪਿੱਛੋ ਸੁਖਬੀਰ ਬਾਦਲ ਵੀ ਧਾਮੀ ਨੂੰ ਮਨਾਉਣ ਪੁੱਜੇ-
ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰੰਧ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ। ਧਾਮੀ ਨੇ ਕਿਹਾ ਕਿ ਉਹ ਅਗਲੇ ਤਿੰਨ ਚਾਰ ਦਿਨਾਂ ਵਿਚ ਐੱਸਜੀਪੀਸੀ ਪ੍ਰਧਾਨ ਵਜੋਂ ਅਹੁਦਾ ਸੰਭਾਲ ਲੈਣਗੇ। ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਇਥੇ ਆਪਣੀ ਰਿਹਾਇਸ਼ ’ਤੇ ਬੰਦ ਕਮਰਾ ਮੀਟਿੰਗ ਮਗਰੋਂ ਇਹ ਗੱਲ ਕਹੀ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਚ ਕੀਤੀ ਆਪਣੀ ਮੀਟਿੰਗ ’ਚ ਧਾਮੀ ਦੇ ਅਸਤੀਫ਼ੇ ਨੂੰ ਨਾਮਨਜ਼ੂਰ ਕਰਦਿਆਂ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਧਾਮੀ ਨੂੰ ਮਨਾਉਣ ਦੀ ਗੱਲ ਆਖੀ ਸੀ। ਮੀਡੀਆ ਨੂੰ ਮੁਖਾਤਿਬ ਹੁੰਦਿਆਂ ਸ੍ਰੀ ਧਾਮੀ ਨੇ ਕਿਹਾ ਕਿ ਅੰਤਰਿਗ ਕਮੇਟੀ ਵਲੋਂ ਅਸਤੀਫਾ ਰੱਦ ਕਰ ਦੇਣ ਉਪਰੰਤ ਸਮੁੱਚੀ ਅਕਾਲੀ ਲੀਡਰਸ਼ਿਪ ਦੇ ਆਖਣ ’ਤੇ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਅਹੁਦਾ ਮੁੜ ਸੰਭਾਲਣ ਦਾ ਫੈਸਲਾ ਕੀਤਾ ਹੈ ਅਤੇ ਉਹ ਦੋ ਚਾਰ ਦਿਨਾਂ ਅੰਦਰ ਇਹ ਸੇਵਾ ਸੰਭਾਲ ਲੈਣਗੇ।
ਇਸ ਤੋਂ ਪਹਿਲਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਵਜੋਂ ਸੁਖਬੀਰ ਸਿੰਘ ਬਾਦਲ ਅੱਜ ਉਨ੍ਹਾਂ ਦੇ ਘਰ ਪੁੱਜੇ। ਇਸ ਮੌਕੇ ਸ੍ਰੀ ਧਾਮੀ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਨਿੱਘੀ ਜੱਫੀ ਪਾਈ ਅਤੇ ਉਨ੍ਹਾਂ ਨੂੰ ਅੰਦਰ ਲੈ ਕੇ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਉਨ੍ਹਾਂ ਦੇ ਨਾਲ ਹਨ। ਇਸ ਮੌਕੇ ਸ੍ਰੀ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਗੁਰੇਜ਼ ਕੀਤਾ ਅਤੇ ਸਿੱਧੇ ਹੀ ਅੰਦਰ ਚਲੇ ਗਏ। ਸ੍ਰੀ ਧਾਮੀ ਦੀ ਸੁਖਬੀਰ ਬਾਦਲ ਨਾਲ ਬੰਦ ਕਮਰਾ ਮੀਟਿੰਗ ਹੋਈ।