ਭੁਲੱਥ, 18 ਮਾਰਚ
ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਵੀ ਭਾਜਪਾ ਵਾਂਗ ਤਾਨਾਸ਼ਾਹੀ ਦੇ ਕੁਰਾਹੇ ਪੈ ਗਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਵੱਲੋਂ ਲੁਧਿਆਣਾ ਵਿੱਚ ਦਿੱਤਾ ਗਿਆ ਬਿਆਨ ਸਿੱਧੇ ਤੌਰ ’ਤੇ ਵੋਟਰਾਂ ਨੂੰ ਡਰਾਉਣ ਤੇ ਲੋਕਤੰਤਰੀ ਪ੍ਰਕਿਰਿਆ ਨੂੰ ਖਤਮ ਕਰਨ ਦੀ ਕੋਸ਼ਿਸ਼ ਹੈ। ਖਹਿਰਾ ਮੁਤਾਬਕ, ਕੇਜਰੀਵਾਲ ਨੇ ਲੋਕਾਂ ਨੂੰ ਕਿਹਾ ਕਿ ਜੇ ਉਹ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਨੂੰ ਵੋਟ ਨਹੀਂ ਪਾਉਂਦੇ ਤਾਂ ਉਨ੍ਹਾਂ ਦੇ ਕੰਮ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਤਾਨਾਸ਼ਾਹੀ ਸਿਆਸਤ ਦੇ ਵਿਰੋਧੀ ਰਹੇ ਕੇਜਰੀਵਾਲ ਹੁਣ ਉਨ੍ਹਾਂ ਦੀ ਹੀ ਰਣਨੀਤੀ ਅਪਣਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਬਿਆਨ ਨਿਰਪੱਖ ਤੇ ਆਜ਼ਾਦ ਚੋਣਾਂ ਦੀ ਮੂਲ ਭਾਵਨਾ ਦਾ ਉਲੰਘਣ ਹਨ। ਉਨ੍ਹਾਂ ਚੋਣ ਕਮਿਸ਼ਨ ਨੂੰ ਇਸ ਬਿਆਨ ਦਾ ਫੌਰੀ ਨੋਟਿਸ ਲੈਣ ਦੀ ਅਪੀਲ ਕੀਤੀ।