ਮਹਿਤਾ ਚੌਕ -17 ਅਪ੍ਰੈਲ ( ਭੰਗੂ)-ਆਪ ਹੁਦਰੇ ਤਰੀਕੇ ਨਾਲ ਹਟਾਏ ਗਏ ਤਖ਼ਤ ਸਾਹਿਬਾਨ ਦੇ ਜਥੇਦਾਰ ਸਿੰਘ ਸਾਹਿਬਾਨਾਂ ਦੀ ਬਹਾਲੀ ਸਬੰਧੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਿੱਖ ਜਥੇਬੰਦੀਆਂ ਦੀ ਮੀਟਿੰਗ 27 ਅਪ੍ਰੈਲ 2025 ਨੂੰ ਬੁਲਾ ਲਈ ਹੈ। ਇਹ ਇਕੱਤਰਤਾ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਵੇਗੀ।
ਇਸ ਸਬੰਧੀ ਦਮਦਮੀ ਟਕਸਾਲ ਨੇ ਕਿਹਾ ਕਿ ਮਾਰਚ ਮਹੀਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਵੱਲੋਂ ਪੰਥਕ ਸਿਧਾਂਤਾਂ ਨੂੰ ਛਿੱਕੇ ਟੰਗਦੇ ਹੋਏ ਤਿੰਨਾਂ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਜਿਸ ਤਰ੍ਹਾਂ ਅਪਮਾਨਜਨਕ ਤਰੀਕੇ ਨਾਲ ਅਹੁਦੇ ਤੋਂ ਹਟਾਇਆ ਗਿਆ ਸੀ, ਉਸ ਉਪਰੰਤ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਸਿੰਘ ਸਾਹਿਬਾਨਾਂ ਦੀ ਬਹਾਲੀ ਲਈ ਸੰਘਰਸ਼ ਆਰੰਭ ਕੀਤਾ ਗਿਆ ਸੀ। ਜਿਸ ਉਪਰੰਤ 28 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ਼੍ਰੀ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲੱਗੇ ਵਿਸ਼ਾਲ ਰੋਸ ਧਰਨੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ ਦੀ ਬਹਾਲੀ ਲਈ 15 ਅਪ੍ਰੈਲ 2025 ਤੱਕ ਦਾ ਸਮਾਂ ਦਿੱਤਾ ਗਿਆ ਸੀ।ਜਿਸ ਦੀ ਮਿਆਦ ਬੀਤਣ ਉਪਰੰਤ ਸੰਤ ਸਮਾਜ ਦੇ ਮਹਾਂਪੁਰਖਾਂ,ਨਿਹੰਗ ਸਿੰਘ ਜਥੇਬੰਦੀਆਂ ,ਚੀਫ਼ ਖ਼ਾਲਸਾ ਦੀਵਾਨ, ਸਿੱਖ ਸੰਪਰਦਾਵਾਂ ,ਉੱਘੀਆਂ ਪੰਥਕ ਸ਼ਖ਼ਸੀਅਤਾਂ, ਸਿੱਖ ਸਟੂਡੈਂਟ ਫੈਡਰੇਸ਼ਨ ਅਤੇ ਹੋਰ ਵੱਖ-ਵੱਖ ਸੰਸਥਾਵਾਂ ਦੇ ਮੁਖੀ ਸਾਹਿਬਾਨ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਦੀ ਇੱਕ ਜ਼ਰੂਰੀ ਮੀਟਿੰਗ 27 ਅਪਰੈਲ ਦਿਨ ਐਤਵਾਰ ਨੂੰ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸਵੇਰੇ 11 ਵਜੇ ਬੁਲਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ 27 ਅਪ੍ਰੈਲ ਨੂੰ ਇਕੱਤਰ ਸਮੂਹ ਸ਼ਖ਼ਸੀਅਤਾਂ ਦੇ ਨਾਲ ਵਿਚਾਰ ਵਟਾਂਦਰੇ ਉਪਰੰਤ ਸਭ ਦੇ ਸਹਿਯੋਗ ਨਾਲ ਹੀ ਕੋਈ ਅਗਲਾ ਫ਼ੈਸਲਾ ਲਿਆ ਜਾਵੇਗਾ l ਓਨਾ ਸਮੂਹ ਪੰਥ ਦਰਦੀਆਂ ਨੂੰ ਮੀਟਿੰਗ ਵਿੱਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ l
ਸਿੰਘ ਸਾਹਿਬਾਨਾਂ ਦੀ ਬਹਾਲੀ ਲਈ ਸੰਘਰਸ਼ ਸਬੰਧੀ ਮੀਟਿੰਗ 27 ਅਪ੍ਰੈਲ ਨੂੰ- ਗਿ. ਹਰਨਾਮ ਸਿੰਘ ਖ਼ਾਲਸਾ
ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਣ ਵਾਲੀ ਇਕੱਤਰਤਾ ਵਿੱਚ ਲਏ ਜਾਣਗੇ ਅਹਿਮ ਫ਼ੈਸਲੇ –