ਮੁੱਖ ਮੰਤਰੀ ਵੱਲੋਂ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਗਰਾਂਟਾਂ ਦੇ ਗੱਫਿਆਂ ਦਾ ਐਲਾਨ
ਚੰਡੀਗੜ੍ਹ, 24 ਅਪਰੈਲ:-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਵੱਡੇ ਪ੍ਰਾਜੈਕਟਾਂ ਦੇ ਨਾਲ-ਨਾਲ ਮਾਲੀ ਮਦਦ ਦੇਣ ਦਾ ਐਲਾਨ ਕੀਤਾ।
ਪੰਚਾਇਤ ਦਿਵਸ ਸਬੰਧੀ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੋ ਪਿੰਡ ਆਪਣੇ ਆਪ ਨੂੰ ਨਸ਼ਾ ਮੁਕਤ ਪਿੰਡ ਐਲਾਨੇਗਾ, ਉਸ ਨੂੰ ਹੋਰ ਅਤਿ-ਆਧੁਨਿਕ ਸਹੂਲਤਾਂ ਤੋਂ ਇਲਾਵਾ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਸਰਪੰਚਾਂ ਨੂੰ ਇਸ ਨੇਕ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸਰਗਰਮ ਜਨਤਕ ਸਹਿਯੋਗ ਨਾਲ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਦਾ ਸਫ਼ਾਇਆ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਚੁੱਪ-ਚਾਪ ਬੈਠ ਕੇ ਨਸ਼ਾ ਪੀੜਤਾਂ ਦੀਆਂ ਲਾਸ਼ਾਂ ਅਤੇ ਚਿਤਾਵਾਂ `ਤੇ ਤਸਕਰਾਂ ਨੂੰ ਵਧਦੇ-ਫੁੱਲਦੇ ਹੋਏ ਨਹੀਂ ਦੇਖੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਗੈਰ-ਕਾਨੂੰਨੀ ਤੌਰ `ਤੇ ਬਣਾਈ ਜਾਇਦਾਦ ਨੂੰ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਨਸ਼ਟ/ਜ਼ਬਤ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਦੂਜਿਆਂ ਨੂੰ ਇਸ ਕੰਮ ਵਿੱਚ ਆਉਣੋਂ ਰੋਕੇ।
ਇਸ ਦੌਰਾਨ ਇਕ ਮਹੱਤਵਪੂਰਨ ਫੈਸਲੇ ਵਿੱਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਪੰਚਾਂ ਨੂੰ ਚੁਣੇ ਜਾਣ ਵਾਲੇ ਦਿਨ ਤੋਂ ਹੀ 2000 ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਰਪੰਚਾਂ ਨੂੰ 1200 ਰੁਪਏ ਮਾਣ-ਭੱਤਾ ਦੇਣ ਦਾ ਵਾਅਦਾ ਕੀਤਾ ਸੀ ਪਰ ਉਹ ਫੈਸਲਾ ਕਦੇ ਵੀ ਅਮਲ ਵਿੱਚ ਨਹੀਂ ਆਇਆ ਅਤੇ ਸਰਪੰਚਾਂ ਨੂੰ ਇਸ ਇੱਧਰ-ਉੱਧਰ ਭਟਕਣ ਲਈ ਮਜਬੂਰ ਹੋਣਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 2000 ਰੁਪਏ ਦਾ ਇਹ ਮਾਣ-ਭੱਤਾ ਨਿਯਮਤ ਅਤੇ ਸਥਾਈ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਸਮੇਂ ਉਨ੍ਹਾਂ ਨੇ ਸੂਬੇ ਦੀ ਸੇਵਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ ਸਿੰਜਾਈ ਲਈ ਸਿਰਫ਼ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਅੱਜ 75 ਫੀਸਦੀ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਹਿਰੀ ਪਾਣੀ ਸਿੰਜਾਈ ਲਈ ਵਰਦਾਨ ਹੈ ਕਿਉਂਕਿ ਇਹ ਖਣਿਜਾਂ ਨਾਲ ਭਰਪੂਰ ਹੁੰਦਾ ਹੈ, ਜੋ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਂਦਾ ਹੈ ਅਤੇ ਦੂਜੇ ਪਾਸੇ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਬਿਜਲੀ ਦੇ ਬੋਝ ਨੂੰ ਵੀ ਘਟਾਉਂਦਾ ਹੈ, ਜਿਸ ਨਾਲ ਸੂਬਾ ਸਰਕਾਰ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕਰਨ ਦੇ ਯੋਗ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਹਜ਼ਾਰਾਂ ਖਾਲਿਆਂ ਅਤੇ ਕੱਸੀਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਟੇਲ ਤੱਕ ਪਹੁੰਚਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਧਰਤੀ ਹੇਠਲੇ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ ਅਤੇ ਕੇਂਦਰ ਸਰਕਾਰ ਦੀ ਰਿਪੋਰਟ ਅਨੁਸਾਰ ਕਈ ਬਲਾਕਾਂ ਵਿੱਚ ਧਰਤੀ ਹੇਠਲਾ ਪਾਣੀ ਇਕ ਮੀਟਰ ਤੱਕ ਵੀ ਉੱਪਰ ਵੱਲ ਵਧਿਆ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਕੈਟਾਗਰੀਆਂ ਵਿੱਚ ਪੰਚਾਇਤ ਦੀ ਪ੍ਰਗਤੀ ਬਾਰੇ ਸੂਚਕ ਅੰਕ ਵਿੱਚ ਸਭ ਤੋਂ ਵੱਧ ਅੰਕ ਲੈ ਕੇ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਬਠਿੰਡਾ ਜ਼ਿਲ੍ਹੇ ਦੀ ਗ੍ਰਾਮ ਪੰਚਾਇਤ ਬੱਲ੍ਹੋ ਦੀ ਪੰਚਾਇਤ ਨੂੰ ਸਨਮਾਨਿਤ ਕੀਤਾ।
ਇਸ ਤੋਂ ਇਲਾਵਾ ਵੱਖ-ਵੱਖ ਕੈਟਾਗਰੀਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਨੌਂ ਪੰਚਾਇਤਾਂ ਅਤੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਵੀ ਮੁੱਖ ਮੰਤਰੀ ਨੇ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਸਵੈ-ਸਹਾਇਤਾ ਗਰੁੱਪ ਅਤੇ ਪੰਚਾਇਤ ਸਕੱਤਰਾਂ ਦਾ ਵੀ ਸਨਮਾਨ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਹੋਰ ਹਾਜ਼ਰ ਸਨ।