ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਕੀਤਾ ਉਪਰਾਲਾ; ਪੀੜਤ ਪਰਿਵਾਰ ਦੀ ਮਾਲੀ ਮਦਦ ਦਾ ਐਲਾਨ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਅਪਰੈਲ
ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਅੰਮੋ ਨੰਗਲ ਨਾਲ ਸਬੰਧਤ 49 ਸਾਲਾ ਗੁਰਪ੍ਰੀਤ ਸਿੰਘ ਦੀ ਲਾਸ਼ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਅੰਮ੍ਰਿਤਸਰ ਪੁੱਜੀ। ਇਸ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸਪੀ ਸਿੰਘ ਓਬਰਾਏ ਨੇ ਮਦਦ ਕੀਤੀ ਹੈ। ਇਸ ਸਬੰਧੀ ਡਾ. ਓਬਰਾਏ ਨੇ ਦੱਸਿਆ ਗੁਰਪ੍ਰੀਤ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕੁਝ ਸਾਲ ਪਹਿਲਾਂ ਦੁਬਈ ਗਿਆ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਪਹਿਲੀ ਮਾਰਚ ਤੋਂ ਗੁਰਪ੍ਰੀਤ ਨਾਲ ਉਨ੍ਹਾਂ ਦਾ ਸੰਪਰਕ ਟੁੱਟ ਗਿਆ ਸੀ। ਉਨ੍ਹਾਂ ਨੇ ਦੁਬਈ ਵਿੱਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਤੋਂ ਇਲਾਵਾ ਉਸ ਦੇ ਦੋਸਤਾਂ ਰਾਹੀਂ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਪਰ ਕੁਝ ਪਤਾ ਨਾ ਲੱਗਾ। 23 ਅਪਰੈਲ ਨੂੰ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰਪ੍ਰੀਤ ਨੇ ਦੋ ਮਾਰਚ ਨੂੰ ਖ਼ੁਦਕੁਸ਼ੀ ਕਰ ਲਈ ਸੀ। ਡਾ. ਓਬਰਾਏ ਨੇ ਦੱਸਿਆ ਕਿ ਪਰਿਵਾਰ ਵੱਲੋਂ ਉਨ੍ਹਾਂ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਨੇ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ ’ਚ ਪਰਿਵਾਰ ਦੀ ਮਦਦ ਕੀਤੀ। ਹਵਾਈ ਅੱਡੇ ’ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸੰਧੂ ਚਮਿਆਰੀ ਤੇ ਨਵਜੀਤ ਘਈ ਨੇ ਦੱਸਿਆ ਕਿ ਪੀੜਤ ਪਰਿਵਾਰ ਦੀ ਮਾੜੀ ਆਰਥਿਕ ਹਾਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਟਰੱਸਟ ਵੱਲੋਂ ਮ੍ਰਿਤਕ ਦੀ ਪਤਨੀ ਤੇ ਵਿਧਵਾ ਮਾਤਾ ਨੂੰ ਘਰ ਦੇ ਗੁਜ਼ਾਰੇ ਲਈ ਕ੍ਰਮਵਾਰ 2500-2500 ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ। ਟਰੱਸਟ ਵੱਲੋਂ ਹੁਣ ਤੱਕ 410 ਵਿਅਕਤੀਆਂ ਦੀਆਂ ਲਾਸ਼ਾਂ ਵਾਰਸਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ। ਗੁਰਪ੍ਰੀਤ ਦੇ ਪਰਿਵਾਰ ਮੈਂਬਰਾਂ ਨੇ ਡਾ. ਓਬਰਾਏ ਦਾ ਸ਼ੁਕਰਾਨਾ ਕੀਤਾ ਹੈ।