ਅੰਮ੍ਰਿਤਸਰ, 13 ਮਈ ( ਭੰਗੂ)-ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪੰਜ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 21 ਵਿਅਕਤੀਆਂ ਦੀ ਮੌਤਾਂ ਹੋਣ ਦੀ ਦੁਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਪਿੰਡ ਭੰਗਾਲੀ, ਥਰੀਏਵਾਲ, ਮਰੜੀ ਕਲਾਂ, ਤਲਵੰਡੀ ਖੁੰਮਣ, ਪਤਾਲਪੁਰੀ ਆਦਿ ਪਿੰਡਾਂ ਦੇ ਲੋਕਾਂ ਨੇ ਨਜਾਇਜ਼ ਸ਼ਰਾਬ ਵੇਚਣ ਦੇ ਧੰਦੇ ਵਿਚ ਸ਼ਾਮਲ ਕੁਝ ਵਿਅਕਤੀਆਂ ਵਲੋਂ ਸਪਲਾਈ ਕੀਤੀ ਗਈ ਸ਼ਰਾਬ ਪੀਤੀ ਅਤੇ ਕੁਝ ਦੇਰ ਬਾਅਦ ਹੀ ਉਨ੍ਹਾਂ ਦੀ ਤਬੀਅਤ ਵਿਗੜ ਗਈ। ਇਨ੍ਹਾਂ ਵਿਚੋਂ ਕੁਝ ਦੀ ਮਗਰੋਂ ਮੌਤ ਹੋ ਗਈ ਜਦੋਂਕਿ ਬਾਕੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਚੇਤੇ ਰਹੇ ਕਿ ਕੁਝ ਸਾਲ ਪਹਿਲਾਂ ਕਾਂਗਰਸ ਸਰਕਾਰ ਸਮੇਂ ਵੀ ਇਸ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਵਿਅਕਤੀਆਂ ਦੀ ਮੌਤ ਹੋ ਗਈ ਸੀ।
ਇਸ ਸਬੰਧ ਵਿਚ ਪੰਜਾਬ ਪੁਲੀਸ ਨੇ ਮੁੱਖ ਮੁਲਜ਼ਮ ਸਮੇਤ 10 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ ਸਥਾਨਕ ਸ਼ਰਾਬ ਵੇਚਣ ਵਾਲੇ ਅਤੇ ਉਦਯੋਗਿਕ ਉਤਪਾਦਾਂ ਵਿੱਚ ਵਰਤੇ ਜਾਣ ਵਾਲੇ ਘਾਤਕ ਰਸਾਇਣ ਮੀਥੇਨੌਲ ਦੇ ਮੁੱਖ ਸਪਲਾਇਰ ਸ਼ਾਮਲ ਹਨ। ਸ਼ੱਕੀ ਦੋਸ਼ੀਆਂ ਦੇ ਫੜੇ ਜਾਣ ਬਾਰੇ ਇਹ ਜਾਣਕਾਰੀ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਦਿੱਤੀ ਹੈ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਹਿਬ ਸਿੰਘ ਵੱਲੋਂ ਆਨਲਾਈਨ ਖਰੀਦੇ ਗਏ ਮੀਥੇਨੌਲ ਦੀ ਵਰਤੋਂ ਜ਼ਹਿਰੀਲੀ ਸ਼ਰਾਬ ਬਣਾਉਣ ਲਈ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਡੀਐੱਸਪੀ ਸਬ-ਡਿਵੀਜ਼ਨ ਮਜੀਠਾ ਅਮੋਲਕ ਸਿੰਘ ਅਤੇ ਐੱਸਐੱਚਓ ਥਾਣਾ ਮਜੀਠਾ ਐੱਸਆਈ ਅਵਤਾਰ ਸਿੰਘ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਲਈ ਮੁਅੱਤਲ ਕਰ ਕੇ ਉਨ੍ਹਾਂ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
–ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਵਾਰਿਸਾਂ ਨੂੰ 10-10 ਲੱਖ ਦੀ ਮਾਲੀ ਮਦਦ ਦਾ ਐਲਾਨ-
ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ ਮਜੀਠਾ ਹਲਕੇ ਦੇ ਪਿੰਡ ਮਰੜੀ ਪੁੱਜੇ ਹਨ ਜਿੱਥੇ ਉਨ੍ਹਾਂ ਨੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਦੇ ਮੂੰਹ ਪਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਵਿੱਚ ਹੋਈਆਂ ਮੌਤਾਂ, ਸਧਾਰਨ ਮੌਤ ਨਹੀਂ ਸਗੋਂ ਕਤਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਮ੍ਰਿਤਕ ਵਿਅਕਤੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਮਾਇਕ ਮਦਦ ਅਤੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ।