Mar 7, 2026

ਨਵੀਂ ਦਿੱਲੀ ( ਦਿਓਲ) – ਅੱਜ ਸੰਸਦ ਵਿੱਚ ਭਾਰਤ ਸਰਕਾਰ ਨੇ ਪਹਿਲੀ ਵਾਰ ਸਪੱਸ਼ਟ ਕੀਤਾ ਕਿ ‘ਅਪਰੇਸ਼ਨ ਸਿੰਧੂਰ’ ਪਾਕਿਸਤਾਨ ਦੀ ਅਪੀਲ ’ਤੇ ਰੋਕਿਆ ਗਿਆ ਸੀ। ਸਰਕਾਰ ਨੇ ਕਿਹਾ ਕਿ ‘ਅਪਰੇਸ਼ਨ ਸਿੰਧੂਰ’ ਤਹਿਤ ਭਾਰਤੀ ਹਵਾਈ ਸੈਨਾ ਵੱਲੋਂ ਪਾਕਿਸਤਾਨ ਦੇ ਕਈ ਮਹੱਤਵਪੂਰਨ ਹਵਾਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਪਾਕਿਸਤਾਨ ਨੇ ਗੋਲੀਬਾਰੀ ਬੰਦ ਕਰਨ ਦੀ ਅਪੀਲ ਕੀਤੀ ਸੀ।

ਅੱਜ ਲੋਕ ਸਭਾ ਵਿੱਚ ਪਹਿਲਗਾਮ ਅਤਿਵਾਦੀ ਹਮਲੇ ਅਤੇ ਭਾਰਤ ਦੀ ਫੌਜੀ ਪ੍ਰਤੀਕਿਰਿਆ ’ਤੇ ਚਰਚਾ ਸ਼ੁਰੂ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਹ ਦਾਅਵੇ ਕਿ ‘ਅਪਰੇਸ਼ਨ ਸਿੰਧੂਰ’ ਕਿਸੇ ਦੇ ਦਬਾਅ ਹੇਠ ਰੋਕਿਆ ਗਿਆ ਸੀ, ਪੂਰੀ ਤਰ੍ਹਾਂ ਝੂਠੇ ਅਤੇ ਬੇਬੁਨਿਆਦ ਹਨ। ਉਨ੍ਹਾਂ ਕਿਹਾ, ‘‘ਅਪਰੇਸ਼ਨ ਸਿੰਧੂਰ ਦਾ ਉਦੇਸ਼ ਪਾਕਿਸਤਾਨ ਨੂੰ ਭਾਰਤ ਖ਼ਿਲਾਫ਼ ਅਤਿਵਾਦ ਦੀ ਵਰਤੋਂ ਕਰਨ ਲਈ ਸਜ਼ਾ ਦੇਣਾ ਅਤੇ 22 ਅਪਰੈਲ ਦੇ ਪਹਿਲਗਾਮ ਅਤਿਵਾਦੀ ਹਮਲੇ ਦੇ ਪੀੜਤਾਂ ਲਈ ਨਿਆਂ ਪ੍ਰਾਪਤ ਕਰਨਾ ਸੀ। ਇਸ ਅਪਰੇਸ਼ਨ ਨੇ ਕਦੇ ਵੀ ਇਲਾਕੇ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਇਸ ਦਾ ਉਦੇਸ਼ ਦਹਾਕਿਆਂ ਤੋਂ ਪਾਕਿਸਤਾਨ ਦੁਆਰਾ ਪਾਲੀਆਂ ਜਾ ਰਹੀਆਂ ਅਤਿਵਾਦੀ ਨਰਸਰੀਆਂ ’ਤੇ ਹਮਲਾ ਕਰਨਾ ਸੀ। ਅਪਰੇਸ਼ਨ ਦੇ ਸਮੁੱਚੇ ਰਾਜਨੀਤਿਕ ਅਤੇ ਫ਼ੌਜੀ ਉਦੇਸ਼ਾਂ ਨੂੰ ਸਫਲਤਾਪੂਰਵਕ ਪੂਰਾ ਕੀਤਾ ਗਿਆ ਸੀ।’’

ਰਾਜਨਾਥ ਸਿੰਘ ਨੇ ਕਿਹਾ, ‘‘10 ਮਈ ਨੂੰ ਸਵੇਰੇ ਜਦੋਂ ਭਾਰਤੀ ਹਵਾਈ ਸੈਨਾ ਨੇ ਪਾਕਿਸਤਾਨ ਦੇ ਹਵਾਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਤਾਂ ਪਾਕਿਸਤਾਨ ਨੇ ਆਪਣੀ ਹਾਰ ਸਵੀਕਾਰ ਕਰ ਲਈ ਅਤੇ ਭਾਰਤ ਨੂੰ ਬੇਨਤੀ ਕੀਤੀ ‘ਅਬ ਰੋਕ ਦੀਜੀਏ ਮਹਾਰਾਜ’। ਉਨ੍ਹਾਂ ਕਿਹਾ ਕਿ ਭਾਰਤ ਨੇ ‘ਅਪਰੇਸ਼ਨ ਸਿੰਧੂਰ’ ਨੂੰ ਰੋਕਣ ਦਾ ਫ਼ੈਸਲਾ ਕੀਤਾ ਹੈ ਅਤੇ ਇਸ ਨੂੰ ਖ਼ਤਮ ਨਹੀਂ ਕੀਤਾ ਹੈ।

ਰੱਖਿਆ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਮਿਲਟਰੀ ਅਪਰੇਸ਼ਨਜ਼ ਵੱਲੋਂ 10 ਮਈ ਦੀ ਸਵੇਰੇ ਆਪਣੇ ਭਾਰਤੀ ਹਮਰੁਤਬਾ ਨਾਲ ਸੰਪਰਕ ਸਥਾਪਤ ਕਰਨ ਤੋਂ ਬਾਅਦ, ਹਾਰ ਸਵੀਕਾਰ ਕਰਨ ਮਗਰੋਂ ਭਾਰਤ ਨੇ ਇੱਕ ਚਿਤਾਵਨੀ ਨਾਲ ‘ਅਪਰੇਸ਼ਨ ਸਿੰਧੂਰ’ ਨੂੰ ਰੋਕਣਾ ਸਵੀਕਾਰ ਕਰ ਲਿਆ।

ਰਾਜਨਾਥ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਸਮੇਤ ਮੁੱਖ ਵਿਰੋਧੀ ਆਗੂਆਂ ਦੀ ਮੌਜੂਦਗੀ ਵਿੱਚ ਸਦਨ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਅਪਰੇਸ਼ਨ ਸਿੰਧੂਰ ਨੂੰ ਰੋਕਿਆ ਗਿਆ ਹੈ ਅਤੇ ਇਹ ਖ਼ਤਮ ਨਹੀਂ ਹੋਇਆ ਹੈ। ਜੇਕਰ ਪਾਕਿਸਤਾਨ ਭਵਿੱਖ ਵਿੱਚ ਕੋਈ ਗਲਤ ਕੰਮ ਕਰਦਾ ਹੈ ਤਾਂ ਇਸ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ।’’

ਕਾਂਗਰਸ ਦੀ ਅਗਵਾਈ ਵਾਲੀ ਵਿਰੋਧੀ ਧਿਰ ਵੱਲੋਂ ਭਾਰਤ ਤਰਫ਼ੋਂ ਲੜਾਈ ਵਿੱਚ ਗੁਆਏ ਗਏ ਜੈੱਟਾਂ ਦੀ ਗਿਣਤੀ ਦੱਸਣ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਮੰਗਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਉਠਾਇਆ ਜਾ ਰਿਹਾ ਸਵਾਲ ਰਾਸ਼ਟਰੀ ਭਾਵਨਾ ਨੂੰ ਦਰਸਾਉਂਦਾ ਨਹੀਂ ਹੈ।