ਤਰਨ ਤਰਨ, 9 ਅਗਸਤ-ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਲੀਹੋਂ ਹਟਵੀਂ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ‘ਬਾਜ਼ ਅੱਖ’ ਐਂਟੀ-ਡਰੋਨ ਪ੍ਰਣਾਲੀ (ਏ.ਡੀ.ਐਸ.) ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ ‘ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਪਹਿਲ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਇੱਕ ਹੋਰ ਸ਼ਾਨਦਾਰ ਅਧਿਆਇ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਸੀ, ਜਿਸ ਕਾਰਨ ਇਸ ਸਰਾਪ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਜੰਗ ਛੇੜੀ ਹੈ ਅਤੇ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ।
‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਰਹੱਦ ਪਾਰੋਂ ਪੰਜਾਬ ‘ਚ ਨਸ਼ਿਆਂ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਰੋਕਣ ਲਈ ਇਹ ਐਂਟੀ-ਡਰੋਨ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਲਾਹਨਤ ਤੋਂ ਮੁਕਤ ਕਰਨ ਲਈ ਤਿੰਨ ਐਂਟੀ-ਡਰੋਨ ਪ੍ਰਣਾਲੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਛੇ ਹੋਰ ਜਲਦੀ ਹੀ ਸ਼ੁਰੂ ਕੀਤੀਆਂ ਜਾਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਹੈ।
ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੇ ਇਸ ਗੈਰ-ਕਾਨੂੰਨੀ ਕਾਰੋਬਾਰ ਰਾਹੀਂ ਹਾਸਲ ਕੀਤੀਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਇਮਾਨਦਾਰ ਸਰਕਾਰ ਨੇ ਨਸ਼ਿਆਂ ਦੇ ਸਭ ਤੋਂ ਵੱਡੇ ਅਤੇ ਬਦਨਾਮ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਤਸਕਰ, ਜੋ ਸਮਾਜ ਨੂੰ ਜ਼ਹਿਰ ਦੇ ਕੇ ਖੁਦ ਆਪਣੇ ਘਰ ਐਸ਼ੋ-ਆਰਾਮ ਦੀ ਜ਼ਿੰਦਗੀ ਜਿਉਂਦੇ ਹਨ, ਸਾਡੇ ਲੋਕਾਂ ਦੇ ਅਸਲ ਦੁਸ਼ਮਣ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ “ਨਸ਼ਿਆਂ ਵਿਰੁੱਧ ਜੰਗ” (ਯੁੱਧ ਨਸ਼ਿਆਂ ਵਿਰੁੱਧ) ਮੁਹਿੰਮ ਤਹਿਤ ਪੰਜਾਬ ਨੇ ਅੱਜ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਆਰ-ਪਾਰ ਦੀ ਜੰਗ ਛੇੜੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਪੰਜਾਬ ਦੀ 553 ਕਿਲੋਮੀਟਰ ਸਰਹੱਦ ਲੱਗਦੀ ਹੈ, ਜਿਸ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਲਈ ਸਭ ਤੋਂ ਸੰਵੇਦਨਸ਼ੀਲ ਖੇਤਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਡਰੋਨ-ਅਧਾਰਤ ਤਸਕਰੀ ਤੋਂ ਪੈਦਾ ਹੋਈਆਂ ਚੁਣੌਤੀਆਂ ਨਾਲ ਨਜਿੱਠਣ ਲਈ ਅੰਤਰਰਾਸ਼ਟਰੀ ਸਰਹੱਦ ‘ਤੇ ਨੌਂ ਐਂਟੀ-ਡਰੋਨ ਯੂਨਿਟ ਸਥਾਪਤ ਕੀਤੇ ਜਾ ਰਹੇ ਹਨ।

