ਰਾਜਪਾਲ ਵਲੋਂ ਹੜ ਮਾਰੇ ਖੇਤਰਾਂ ਦਾ ਦੌਰਾ-
ਜਲੰਧਰ-ਆਪਣੇ ਜਜ਼ਬੇ ਤੇ ਸੇਵਾ ਲਈ ਮਸ਼ਹੂਰ ਪੰਜਾਬੀਆਂ ਨੇ ਮੁਸੀਬਤ ਦੇ ਸਮੇਂ ਇੱਕ ਵਾਰ ਫਿਰ ਸਾਬਿਤ ਕਰ ਦਿੱਤਾ ਹੈ ਕਿ ਉਹ ਸਦਾ ਇੱਕ-ਦੂਜੇ ਦਾ ਸਾਥ ਦੇਣ ਲਈ ਤਿਆਰ ਰਹਿੰਦੇ ਹਨ। ਗੁਰਦਾਸਪੁਰ, ਅੰਮ੍ਰਿਤਸਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਕਪੂਰਥਲਾ ਜ਼ਿਲ੍ਹਿਆਂ ’ਚ ਆਏ ਭਿਆਨਕ ਹੜ੍ਹਾਂ ਕਾਰਨ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਸੂਬੇ ਦੇ ਹਰ ਹਿੱਸੇ ਤੋਂ ਲੋਕ ਮਦਦ ਲਈ ਅੱਗੇ ਆ ਰਹੇ ਹਨ।
ਰਾਵੀ, ਬਿਆਸ ਤੇ ਸਤਲੁਜ ਦਰਿਆਵਾਂ ਦੇ ਹੜ੍ਹਾਂ ਨੇ 1988 ਤੋਂ ਬਾਅਦ ਦੀ ਸਭ ਤੋਂ ਵੱਡੀ ਤਬਾਹੀ ਕੀਤੀ ਹੈ। ਇਸ ਕਾਰਨ ਤਿੰਨ ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਸਮਾਜਿਕ ਤੇ ਧਾਰਮਿਕ ਸੰਸਥਾਵਾਂ ਤੋਂ ਲੈ ਕੇ ਗ਼ੈਰ-ਸਰਕਾਰੀ ਸੰਸਥਾਵਾਂ, ਪਿੰਡਾਂ ਦੀਆਂ ਪੰਚਾਇਤਾਂ, ਪੰਜਾਬੀ ਗਾਇਕ ਤੇ ਅਦਾਕਾਰ ਸਭ ਹੀ ਰਾਹਤ ਅਤੇ ਕਾਰਜਾਂ ਵਿੱਚ ਲੱਗੇ ਹੋਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀੜਤਾਂ ਲਈ ਲੰਗਰ ਲਗਾ ਕੇ ਸੇਵਾ ਕੀਤੀ ਜਾ ਰਹੀ ਹੈ। ਇੱਕ ਵਾਰ ਫਿਰ ਪੰਜਾਬ ਨੇ ਚੜ੍ਹਦੀ ਕਲਾ ਦੇ ਜਜ਼ਬੇ ਨਾਲ ਸਾਬਤ ਕੀਤਾ ਹੈ ਕਿ ਔਖੇ ਸਮੇਂ ’ਚ ਪੰਜਾਬੀ ਕਿਸੇ ਨੂੰ ਇਕੱਲਾ ਨਹੀਂ ਛੱਡਦੇ।
ਰਾਜਪਾਲ ਕਟਾਰੀਆ ਵਲੋਂ ਦੌਰਾ-
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰ ਡੇਰਾ ਬਾਬਾ ਨਾਨਕ ਤੇ ਕਲਾਨੌਰ ਦਾ ਦੌਰਾ ਕੀਤਾ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਆਫ਼ਤ ਨਾਲ ਨਜਿੱਠਣ ਲਈ ਸਮੂਹ ਪੰਜਾਬੀਆਂ ਨੇ ਜੋ ਇਕਜੁੱਟਤਾ ਦਿਖਾਈ ਹੈ, ਉਹ ਆਪਣੇ-ਆਪ ਵਿੱਚ ਮਿਸਾਲ ਹੈ। ਉਨ੍ਹਾਂ ਡੇਰਾ ਬਾਬਾ ਨਾਨਕ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੇੜੇ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲਿਆ। ਡੀਸੀ ਦਲਵਿੰਦਰਜੀਤ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਕਈ ਥਾਵਾਂ ਤੋਂ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟਣ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਮਕੌੜਾ ਪੱਤਣ, ਗਾਹਲੜੀ, ਦੋਰਾਂਗਲਾ, ਕਲਾਨੌਰ ਅਤੇ ਡੇਰਾ ਬਾਬਾ ਨਾਨਕ ਇਲਾਕੇ ਦੇ 324 ਪਿੰਡ ਹੜ੍ਹ ਦੇ ਪਾਣੀ ਦੀ ਮਾਰ ਹੇਠ ਆ ਗਏ ਹਨ। ਸ੍ਰੀ ਕਟਾਰੀਆ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਸਮੁੱਚਾ ਮੰਤਰੀ ਮੰਡਲ ਤੇ ਵਿਧਾਇਕ ਵੀ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਸ੍ਰੀ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਫੋਨ ਕਰ ਕੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਜਾਣਕਾਰੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਰਾਜਪਾਲ ਨੇ ਕਿਹਾ ਕਿ ਅਸਲ ਚੁਣੌਤੀ ਹੜ੍ਹਾਂ ਦਾ ਪਾਣੀ ਘਟਣ ਤੋਂ ਬਾਅਦ ਸ਼ੁਰੂ ਹੋਵੇਗੀ। ਉਨ੍ਹਾਂ ਨੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਵੱਧ ਤੋਂ ਵੱਧ ਥਾਵਾਂ ’ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।




