Screenshot
ਮੁੱਖ ਮੰਤਰੀ ਵਲੋਂ ਪ੍ਰਧਾਨ ਮੰਤਰੀ ਦੇ ਘਰ ਦੇ ਬਾਹਰ ਧਰਨੇ ਦੀ ਚਿਤਾਵਨੀ-ਵਿਰੋਧੀ ਧਿਰ ਦੇ ਆਗੂ ਬਾਜਵਾ ਨੇ ਫੰਡਾਂ ਵਿਚ ਘਪਲੇ ਦੀ ਜਾਂਚ ਮੰਗੀ-
ਚੰਡੀਗੜ-ਪੰਜਾਬ ਦੇ ਹੜ੍ਹਾਂ ਬਾਰੇ ਚਰਚਾ ਕਰਨ ਲਈ ਸ਼ੁਰੂ ਹੋਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਧਾਨ ਸਭਾ ’ਚ ਮਤਾ ਪੇਸ਼ ਕੀਤਾ, ਜਿਸ ’ਚ ਕੇਂਦਰ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ ਐਲਾਨੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਮਾਮੂਲੀ ਕਰਾਰ ਦਿੱਤਾ ਗਿਆ। ਅੱਜ ਸਦਨ ਵਿੱਚ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮਤਾ ਪੇਸ਼ ਕਰ ਕੇ ਕੇਂਦਰ ਸਰਕਾਰ ਤੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ 20 ਹਜ਼ਾਰ ਕਰੋੜ ਰੁਪਏ ਦੇ ਵਿੱਤੀ ਰਾਹਤ ਪੈਕੇਜ ਦੀ ਮੰਗ ਕੀਤੀ, ਤਾਂ ਜੋ ਪੰਜਾਬ ਦੇ ਹੜ੍ਹ ਪੀੜਤਾਂ ਅਤੇ ਸੂਬੇ ਦੇ ਬੁਨਿਆਦੀ ਢਾਂਚੇ ਦੀ ਬਹਾਲੀ ਕੀਤੀ ਜਾ ਸਕੇ। ਹੜ੍ਹਾਂ ਬਾਰੇ ਸਦਨ ’ਚ ਹੋਈ ਬਹਿਸ ਦੌਰਾਨ ਭਾਜਪਾ ਦੇ ਦੋ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਜੰਗੀ ਲਾਲ ਮਹਾਜਨ ਗੈਰ-ਹਾਜ਼ਰ ਰਹੇ। ਇਸ ਤੋਂ ਪਹਿਲਾਂ ਸਦਨ ਦੀ ਸ਼ੁਰੂਆਤ ਵਿੱਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਸਦਨ ਵਿੱਚ ਸੱਤਾਧਾਰੀ ਧਿਰ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਪੰਜਾਬ ਨੂੰ ਮਾਮੂਲੀ ਰਾਹਤ ਫੰਡ ਦੇਣ ਦੇ ਮਾਮਲੇ ’ਤੇ ਘੇਰਿਆ। ਹਾਕਮ ਧਿਰ ਨੇ ਜਿੱਥੇ ਭਾਜਪਾ ਨੂੰ ਨਿਸ਼ਾਨੇ ’ਤੇ ਰੱਖਿਆ, ਉੱਥੇ ਹੀ ਵਿਰੋਧੀ ਧਿਰ ਕਾਂਗਰਸ ’ਤੇ ਵੀ ਭਾਜਪਾ ਦੀ ਪਿੱਠ ਪੂਰਨ ਦੇ ਦੋਸ਼ ਲਗਾਏ। ਵਿਰੋਧੀ ਧਿਰ ਨੇ ਬਹਿਸ ਵਿੱਚ ਪੰਜਾਬ ’ਚ ਆਏ ਹੜ੍ਹਾਂ ਦੌਰਾਨ ‘ਆਪ’ ਸਰਕਾਰ ਦੀ ਨਾਕਾਮੀ ਦਾ ਜ਼ਿਕਰ ਕੀਤਾ। ਸਦਨ ਵਿੱਚ ਪੇਸ਼ ਮਤੇ ’ਚ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਪਹੁੰਚ ਦੀ ਆਲੋਚਨਾ ਕੀਤੀ ਗਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੇ ਗਏ ਰਾਹਤ ਪੈਕੇਜ ਨੂੰ ਮਹਿਜ਼ ਖਾਨਾਪੂਰਤੀ ਦੱਸਿਆ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਸ ਨੂੰ ਸਿਖ਼ਰ ’ਤੇ ਪਹੁੰਚਾਉਂਦਿਆਂ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ਪੰਜਾਬੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਪੰਜਾਬ ਖ਼ਾਤਰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਉਨ੍ਹਾਂ ਦੀ ਆਵਾਜ਼ ਨੂੰ ਕੋਈ ਕੇਂਦਰੀ ਏਜੰਸੀ ਵੀ ਨਹੀਂ ਦਬਾਅ ਸਕੇਗੀ। ਉਨ੍ਹਾਂ ਕਿਹਾ ਕਿ ਇਹ ਸਮਾਂ ਆਪਸੀ ਮਤਭੇਦ ਭੁਲਾ ਕੇ ਸੂਬੇ ਨੂੰ ਗੰਭੀਰ ਸੰਕਟ ’ਚੋਂ ਕੱਢਣ ਦਾ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਘੜੀ ਵਿੱਚ ਸਿਆਸਤ ਕਰਨ ਵਾਲੇ ਆਗੂਆਂ ਨੂੰ ਪੰਜਾਬੀ ਕਦੇ ਮੁਆਫ਼ ਨਹੀਂ ਕਰਨਗੇ।


