Mar 7, 2026

ਵੈਨਕੂਵਰ ( ਹਰਦਮ ਮਾਨ)-ਕੈਨੇਡਾ ਨੇ ਹਾਲ ਹੀ ਵਿੱਚ ਇਮੀਗ੍ਰੇਸ਼ਨ ਬਾਰੇ ਆਪਣੇ ਦਿਸ਼ਾ-ਨਿਰਦੇਸ਼ਾਂ ਨੂੰ ਅਪਡੇਟ ਕੀਤਾ ਹੈ, ਜਿਸ ਤਹਿਤ ਅਧਿਕਾਰੀਆਂ ਨੂੰ ਪਹਿਲਾਂ ਜਾਰੀ ਹੋ ਚੁੱਕੇ ਵਿਜ਼ਟਰ ਵੀਜ਼ੇ, ਸਟੱਡੀ ਪਰਮਿਟ ਅਤੇ ਵਰਕ ਪਰਮਿਟ ਰੱਦ ਕਰਨ ਦੀ ਸ਼ਕਤੀ ਦੇ ਦਿੱਤੀ ਗਈ ਹੈ। ਇਸ ਬਦਲਾਅ ਨਾਲ ਇਮੀਗ੍ਰੇਸ਼ਨ ਸ਼ਰਤਾਂ ਦੀ ਲਗਾਤਾਰ ਪਾਲਣਾ ਜ਼ਰੂਰੀ ਹੈ, ਜਿਸ ਨਾਲ ਕੌਮਾਂਤਰੀ ਵਿਦਿਆਰਥੀਆਂ ਅਤੇ ਵਾਰ-ਵਾਰ ਆਉਣ ਵਾਲੇ ਯਾਤਰੀਆਂ ’ਤੇ ਅਸਰ ਪਵੇਗਾ। ਇਹ ਨਵੇਂ ਨਿਯਮ, ਜੋ ਜੂਨ 2024 ਵਿੱਚ ਪੇਸ਼ ਕੀਤੇ ਗਏ ਸਨ, ਇਸ ਸਾਲ ਫਰਵਰੀ ਤੋਂ ਅਮਲ ਵਿਚ ਆ ਗਏ ਹਨ। ਮਾਹਿਰਾਂ ਨੇ ਦੱਸਿਆ ਕਿ ਇਮੀਗ੍ਰੇਸ਼ਨ ਅਧਿਕਾਰੀ ਹੁਣ ਵੀਜ਼ਾ ਜਾਂ ਪਰਮਿਟ ਜਾਰੀ ਹੋਣ ਤੋਂ ਬਾਅਦ ਵੀ ਇਸ ਨੂੰ ਰੱਦ ਕਰ ਸਕਦੇ ਹਨ। ਇਹ ਕਾਰਵਾਈ ਜਹਾਜ਼ ’ਤੇ ਚੜ੍ਹਨ ਤੋਂ ਪਹਿਲਾਂ, ਪੋਰਟ ਆਫ਼ ਐਂਟਰੀ ’ਤੇ ਜਾਂ ਕੈਨੇਡਾ ਵਿੱਚ ਰਹਿਣ ਦੀ ਮਿਆਦ ਦੌਰਾਨ ਵੀ ਹੋ ਸਕਦੀ ਹੈ।

ਇਸ ਨਵੇਂ ਢਾਂਚੇ ਤਹਿਤ ਸਟੱਡੀ ਪਰਮਿਟ ਸਿਰਫ਼ ਉਦੋਂ ਹੀ ਵੈਧ ਰਹਿੰਦਾ ਹੈ ਜੇ ਵਿਦਿਆਰਥੀ ਆਪਣੀ ਪੂਰੀ ਸਟੇਅ ਦੌਰਾਨ ਯੋਗਤਾ ਦੀਆਂ ਸ਼ਰਤਾਂ ਨੂੰ ਪੂਰਾ ਕਰਦੇ ਰਹਿਣ। ਨਵੇਂ ਨਿਯਮਾਂ ਮੁਤਾਬਕ ਹੁਣ ਇੱਥੇ ਜਾਇਜ਼ ਤੌਰ ’ਤੇ ਰਹਿਣ ਵਾਲੇ ਵਿਦਿਆਰਥੀ ਦਾ ਇਕ ਮਾਨਤਾ ਪ੍ਰਾਪਤ ਲਰਨਿੰਗ ਇੰਸਟੀਚਿਊਟ ਵਿੱਚ ਦਾਖਲ ਹੋਣਾ ਜ਼ਰੂਰੀ ਹੈ ਤੇ ਉਹ ਅਕਾਦਮਿਕ ਤਰੱਕੀ ਕਰ ਰਿਹਾ ਹੋਵੇ। ਇਸ ਤੋਂ ਇਲਾਵਾ ਉਸ ਦਾ ਆਪਣੇ ਪਰਮਿਟ ਦੁਆਰਾ ਨਿਰਧਾਰਿਤ ਸੀਮਾਵਾਂ ਦੇ ਅੰਦਰ ਹੀ ਕੰਮ ਕਰਨਾ ਵੀ ਜ਼ਰੂਰੀ ਹੈ। ਜੇ ਕੋਈ ਵਿਦਿਆਰਥੀ ਅਧਿਕਾਰਤ ਮਨਜ਼ੂਰੀ ਤੋਂ ਬਿਨਾਂ ਕਲਾਸਾਂ ਵਿੱਚ ਜਾਣਾ ਬੰਦ ਕਰ ਦਿੰਦਾ ਹੈ ਜਾਂ ਨਿਰਧਾਰਿਤ ਸਮੇਂ ਤੋਂ ਵੱਧ ਕੰਮ ਕਰਦਾ ਹੈ ਤਾਂ ਉਸ ਦਾ ਸਟੱਡੀ ਪਰਮਿਟ ਰੱਦ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕੋਈ ਇੰਸਟੀਚਿਊਟ ਆਪਣੀ ਮਾਨਤਾ ਗੁਆ ਦਿੰਦਾ ਹੈ ਤਾਂ ਵਿਦਿਆਰਥੀ ਨੂੰ ਆਪਣਾ ਸਟੇਟਸ ਬਰਕਰਾਰ ਰੱਖਣ ਲਈ ਸਮੇਂ ਸਿਰ ਕਿਸੇ ਹੋਰ ਯੋਗ ਸੰਸਥਾ ਵਿੱਚ ਟਰਾਂਸਫ਼ਰ ਕਰਨਾ ਲਾਜ਼ਮੀ ਹੈ।