ਸਰੀ (ਮਹੇਸ਼ਇੰਦਰ ਸਿੰਘ ਮਾਂਗਟ ) ਮਿਸ਼ਨ ਪੰਜ-ਆਬ ਕਲਚਰ ਕਲੱਬ ਵੱਲੋਂ ਚਾਰ ਸਾਹਿਬਜ਼ਾਦਿਆਂ, ਮਾਤਾ ਗੁੱਜਰ ਕੌਰ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਵਿੱਚ ਤਿੰਨ ਦਿਨਾਂ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਮਿਸ਼ਨ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਜਾ ਰਹੇ ਹਨ। ਇਹ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਆਯੋਜਨ ਰਾਹੀਂ ਮਨਾਏ ਜਾਣਗੇ।
ਕਲੱਬ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 26 ਦਸੰਬਰ, ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ। ਇਸੇ ਦਿਨ ਸ਼ਾਮ ਦੇ ਦੀਵਾਨ ਵਿੱਚ ਭਾਈ ਮਨਿੰਦਰ ਸਿੰਘ ਜੀ ਸ੍ਰੀਨਗਰ ਵਾਲਿਆਂ ਵੱਲੋਂ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਜਾਵੇਗੀ।
27 ਦਸੰਬਰ, ਦਿਨ ਸ਼ਨਿਚਰਵਾਰ ਨੂੰ ਸ਼ਾਮ ਦੇ ਦੀਵਾਨਾਂ ਦੌਰਾਨ ਮਿਸ਼ਨ ਪੰਜ-ਆਬ ਕਲਚਰ ਕਲੱਬ ਦੇ ਬੱਚਿਆਂ ਅਤੇ ਖਾਲਸਾ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੀਰਤਨ ਅਤੇ ਧਾਰਮਿਕ ਕਵਿਤਾਵਾਂ ਪੇਸ਼ ਕੀਤੀਆਂ ਜਾਣਗੀਆਂ।
28 ਦਸੰਬਰ, ਦਿਨ ਐਤਵਾਰ ਨੂੰ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ ਅਤੇ ਢਾਡੀ ਵਾਰਾਂ ਰਾਹੀਂ ਗੁਰ ਇਤਿਹਾਸ ਦੀ ਕਥਾ ਸੁਣਾਈ ਜਾਵੇਗੀ।
ਮਿਸ਼ਨ ਪੰਜ-ਆਬ ਕਲਚਰ ਕਲੱਬ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਤਿੰਨੇ ਦਿਨ ਗੁਰਦੁਆਰਾ ਸਾਹਿਬ ਮਿਸ਼ਨ ਵਿਖੇ ਹਾਜ਼ਰੀ ਭਰ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਅਤੇ ਸੇਵਾ ਵਿੱਚ ਹੱਥ ਵਟਾਉਣ। ਕਲੱਬ ਦਾ ਕਹਿਣਾ ਹੈ ਕਿ ਇਹੀ ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਪ੍ਰਤੀ ਸੱਚੀ ਸਰਧਾਂਜਲੀ ਹੋਵੇਗੀ।
