ਅੰਮ੍ਰਿਤਸਰ, 9 ਫਰਵਰੀ – ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ, ਅੰਮ੍ਰਿਤਸਰ ਵਿਕਾਸ ਮੰਚ, ਗੁਰੂ ਰਾਮ ਦਾਸ ਫਾਊਂਡੇਸ਼ਨ (ਯੂਐਸਏ) ਅਤੇ ਸੇਵਾ ਟਰੱਸਟ ਯੂ.ਕੇ. ਨੇ ਸਾਂਝੇ ਤੌਰ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਪੱਤਰ ਲਿਖ ਕੇ ਅੰਮ੍ਰਿਤਸਰ ਅਤੇ ਨਾਂਦੇੜ ਦਰਮਿਆਨ ਸਿੱਧੀ ਉਡਾਣ ਜਲਦ ਸ਼ੁਰੂ ਕਰਨ ਲਈ ਦਖਲ ਦੇਣ ਦੀ ਮੰਗ ਕੀਤੀ ਹੈ।
ਇਸ ਸਾਂਝੇ ਪੱਤਰ ਨੂੰ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਮਨਮੋਹਨ ਸਿੰਘ ਬਰਾੜ, ਕੈਨੇਡਾ ਤੋਂ ਮੰਚ ਦੇ ਓਵਰਸੀਜ਼ ਸਕੱਤਰ ਅਨੰਤਦੀਪ ਸਿੰਘ ਢਿੱਲੋਂ, ਅਮਰੀਕਾ ਤੋਂ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ, ਗੁਰੂ ਰਾਮਦਾਸ ਫਾਉਂਡੇਸ਼ਨ (ਅਮਰੀਕਾ) ਦੇ ਡਾਇਰੈਕਟਰ ਅਤੇ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਵਿੰਦਰ ਸਿੰਘ ਜੀ ਅਤੇ ਸੇਵਾ ਟਰੱਸਟ ਯੂਕੇ ਅਤੇ ਇੰਡੀਆ ਦੇ ਚੇਅਰਮੈਨ ਚਰਨ ਕੰਵਲ ਸਿੰਘ ਸੇਖੋਂ ਐਮਬੀਈ ਵੱਲੋਂ ਪੰਜਾਬ ਅਤੇ ਵਿਸ਼ਵ ਭਰ ਵਿੱਚ ਵੱਸਦੇ ਸਿੱਖ ਅਤੇ ਪੰਜਾਬੀ ਭਾਈਚਾਰੇ ਦੀ ਸਾਂਝੀ ਅਵਾਜ਼ ਦੀ ਤਰਜਮਾਨੀ ਕਰਦੇ ਹੋਏ ਜਾਰੀ ਕੀਤਾ ਗਿਆ ਹੈ।
ਪੱਤਰ ਵਿੱਚ ਇਨ੍ਹਾਂ ਸੰਸਥਾਵਾਂ ਨੇ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਹਵਾਈ ਸੰਪਰਕ ਵਿੱਚ ਹੋਏ ਮਹੱਤਵਪੂਰਨ ਸੁਧਾਰਾਂ ਲਈ ਧੰਨਵਾਦ ਪ੍ਰਗਟਾਇਆ ਹੈ। ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ-ਲੰਡਨ ਅਤੇ ਅੰਮ੍ਰਿਤਸਰ-ਬਰਮਿੰਘਮ ਵਰਗੇ ਅੰਤਰਰਾਸ਼ਟਰੀ ਰੂਟਾਂ ਦੇ ਲਗਾਤਾਰ ਚੱਲਣ ਅਤੇ ‘ਉੜੇ ਦੇਸ਼ ਕਾ ਆਮ ਨਾਗਰਿਕ (ਉਡਾਣ)’ ਸਕੀਮ ਤਹਿਤ ਘਰੇਲੂ ਉਡਾਣਾਂ ਦੇ ਵਿਸਤਾਰ ਦਾ ਜ਼ਿਕਰ ਕੀਤਾ।
ਇਸ ਪੱਤਰ ਵਿੱਚ ਨਵੰਬਰ 2024 ਵਿੱਚ ਮਹਾਰਾਸ਼ਟਰ ਚੋਣ ਰੈਲੀ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਦਿੱਤੇ ਭਰੋਸੇ ਦਾ ਹਵਾਲਾ ਦਿੱਤਾ ਗਿਆ ਹੈ। ਉਸ ਸਮੇਂ ਪ੍ਰਧਾਨ ਮੰਤਰੀ ਮੋਦੀ ਨੇ ਜ਼ਿਕਰ ਕੀਤਾ ਸੀ ਕਿ ਜਿੱਥੇ ਨਾਂਦੇੜ-ਆਦਮਪੁਰ ਉਡਾਣਾਂ ਸ਼ੁਰੂ ਹੋ ਚੁੱਕੀਆਂ ਹਨ, ਉੱਥੇ ਹੀ ਸਿੱਖ ਸੰਗਤ ਜਲਦ ਹੀ ਨਾਂਦੇੜ ਅਤੇ ਅੰਮ੍ਰਿਤਸਰ ਵਿਚਕਾਰ ਸਿੱਧੀ ਉਡਾਣ ਲੈ ਸਕੇਗੀ। ਇਸ ਭਰੋਸੇ ਨੇ ਭਾਰਤ ਅਤੇ ਦੁਨੀਆ ਭਰ ਦੇ ਸ਼ਰਧਾਲੂਆਂ ਵਿੱਚ ਭਾਰੀ ਉਮੀਦ ਜਗਾਈ ਸੀ।
ਇਹ ਪ੍ਰਸਤਾਵਿਤ ਉਡਾਣ ਡੂੰਘੀ ਅਧਿਆਤਮਿਕ ਮਹੱਤਤਾ ਰੱਖਦੀ ਹੈ, ਕਿਉਂਕਿ ਇਹ ਸਿੱਖ ਕੌਮ ਦੇ ਦੋ ਸਭ ਤੋਂ ਪਵਿੱਤਰ ਤਖ਼ਤ ਸਾਹਿਬਾਨ—ਸ੍ਰੀ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ) ਅਤੇ ਤਖ਼ਤ ਸ੍ਰੀ ਅਬਚਲਨਗਰ ਹਜ਼ੂਰ ਸਾਹਿਬ (ਨਾਂਦੇੜ) ਨੂੰ ਜੋੜਦੀ ਹੈ। ਮੌਜੂਦਾ ਸਮੇਂ ਵਿੱਚ, ਸ਼ਰਧਾਲੂਆਂ, ਖਾਸ ਕਰਕੇ ਬਜ਼ੁਰਗਾਂ ਅਤੇ ਪਰਿਵਾਰਾਂ ਨੂੰ ਸਿੱਧੀ ਹਵਾਈ ਸੇਵਾ ਨਾ ਹੋਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਏਅਰ ਇੰਡੀਆ ਦੀ ਸਾਲ 2018 ‘ਚ ਸ਼ੁਰੂ ਹੋਈ ਸਿੱਧੀ ਉਡਾਣ ਸਾਲ 202ੱ1 ਚ ਨਾਂਦੇੜ ਦਾ ਹਵਾਈ ਅੱਡਾ ਬੰਦ ਹੋਣ ਕਰਕੇ ਰੱਦ ਕਰ ਦਿੱਤੀ ਗਈ ਸੀ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਦੇਸ਼ ਵਿਆਪੀ ਸਮਾਗਮਾਂ ਕਾਰਨ ਇਸ ਮੰਗ ਦੀ ਅਹਿਮੀਅਤ ਹੋਰ ਵੀ ਵਧ ਗਈ ਹੈ। ਇਸ ਵਰ੍ਹੇ ਦੌਰਾਨ ਪੰਜਾਬ ਆਉਣ ਵਾਲੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਵੀ ਨਤਮਸਤਕ ਹੋਣਾ ਚਾਹੁੰਦੇ ਹਨ।
ਇਸ ਦੇ ਨਾਲ ਹੀ, ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਸਹਿਯੋਗੀ ਸੰਸਥਾਵਾਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵਿੰਦਰ ਫੜਨਵੀਸ ਜੀ ਨੂੰ ਵੀ ਪੱਤਰ ਲਿਖ ਕੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਦੇ ਆਯੋਜਨ ਵਿੱਚ ਸੂਬਾ ਸਰਕਾਰ ਦੀ ਅਗਵਾਈ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨਾਲ ਰਸਮੀ ਗੱਲਬਾਤ ਕਰਕੇ ਇਸ ਰੂਟ ਨੂੰ ਜਲਦ ਸ਼ੁਰੂ ਕਰਵਾਉਣ ਵਿੱਚ ਸਹਿਯੋਗ ਦੇਣ।
ਪੱਤਰ ਅਨੁਸਾਰ, ਜੇਕਰ ਸ਼ੁਰੂਆਤੀ ਤੌਰ ‘ਤੇ ਇਹ ਉਡਾਣ ‘ਉਡਾਨ’ ਸਕੀਮ ਤਹਿਤ ਵੀ ਚਲਾਈ ਜਾਂਦੀ ਹੈ, ਤਾਂ ਇਸ ਨਾਲ ਸ਼ਰਧਾਲੂਆਂ ਨੂੰ ਵੱਡੀ ਰਾਹਤ ਮਿਲੇਗੀ, ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ ਅਤੇ ਪੰਜਾਬ ਤੇ ਮਹਾਰਾਸ਼ਟਰ ਦਰਮਿਆਨ ਸੱਭਿਆਚਾਰਕ ਸਾਂਝ ਮਜ਼ਬੂਤ ਹੋਵੇਗੀ।
ਇਸ ਪੱਤਰ ਦੀਆਂ ਕਾਪੀਆਂ ਸ਼ਹਿਰੀ ਹਵਾਬਾਜ਼ੀ ਮੰਤਰਾਲੇ, ਏਅਰਪੋਰਟ ਅਥਾਰਟੀ ਆਫ ਇੰਡੀਆ ਅਤੇ ਘੱਟ ਗਿਣਤੀ ਕਮਿਸ਼ਨ ਨੂੰ ਵੀ ਭੇਜੀਆਂ ਗਈਆਂ ਹਨ ਤਾਂ ਜੋ ਇਸ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਲਈ ਸੰਸਥਾਗਤ ਸਮਰਥਨ ਪ੍ਰਾਪਤ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਸੰਸਥਾਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਾਹਿਬਾਨ ਦੇ ਨਾਲ-ਨਾਲ ਹੋਰ ਸਿੱਖ ਸੰਸਥਾਵਾਂ ਅਤੇ ਆਗੂਆਂ ਨੂੰ ਵੀ ਅਪੀਲ ਕੀਤੀ ਹੈ ਕਿ ਅੰਮ੍ਰਿਤਸਰ ਅਤੇ ਨਾਂਦੇੜ ਦਰਮਿਆਨ ਸਿੱਧੀ ਹਵਾਈ ਸੇਵਾ ਦੀ ਅਧਿਆਤਮਿਕ ਮਹੱਤਤਾ ਨੂੰ ਵੇਖਦੇ ਹੋਏ ਉਹ ਇਸ ਕਾਰਜ ਲਈ ਆਵਾਜ਼ ਬੁਲੰਦ ਕਰਨ।
