Apr 23, 2026

ਚੰਡੀਗੜ-ਸਾਬਕਾ ਆਈ ਏ ਐੱਸ ਅਧਿਕਾਰੀ ਕੇ ਜੇ ਐੱਸ ਚੀਮਾ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ । ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿੱਚ ਸ਼ਾਮਲ ਕੀਤਾ। ਸ ਬਾਦਲ ਨੇ ਕਿਹਾ ਕਿ ਸ੍ਰੀ ਚੀਮਾ ਪਹਿਲਾਂ 17 ਸਾਲ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਰਹੇ। ਇਸ ਤੋਂ ਇਲਾਵਾ ਸੋਮਨਾਥ ਚੈਟਰਜੀ ਤੇ ਮਮਤਾ ਬੈਨਰਜੀ ਨਾਲ ਵੀ ਕੰਮ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਚੀਮਾ ਵੱਲੋਂ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਮਿਲ ਕੇ ਪੰਜਾਬ ਦੇ ਲੋਕਾਂ ਦੀ ਲੜਾਈ ਲੜੀ ਜਾਵੇਗੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ ਬਾਦਲ ਨੇ ਪੰਜਾਬ ਸੂਬੇ ਵਿੱਚ ਲਗਾਤਾਰ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਦਾ ਰਾਜ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹਾਂ ਵਿੱਚ ਬੈਠੇ ਅਪਰਾਧੀਆਂ ਨੂੰ ਸਰਕਾਰੀ ਸਰਪ੍ਰਸਤੀ ਹਾਸਲ ਹੈ ਅਤੇ ਚੋਣਾਂ ਦੌਰਾਨ ਸੂਬਾ ਸਰਕਾਰ ਵੱਲੋਂ ਗੈਂਗਸਟਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ, ਜੋ ਕਿ ਪੰਜਾਬ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਵੇਗੀ। ਸ਼੍ਰੀ ਬਾਦਲ ਨੇ ‘ਆਪ’ ਵੱਲੋਂ ਕੰਚਨਪ੍ਰੀਤ ਕੌਰ ਸਬੰਧੀ ਚੁੱਕੇ ਸਵਾਲਾਂ ਦਾ ਜਵਾਬ ਦਿੰਦਿਆ ਕਿਹਾ ਕਿ ਉਹ ਇਕ ਧਰਮੀ ਫ਼ੌਜੀ ਦੀ ਧੀ ਹੈ ਜਿਸ ਦੇ ਬਜ਼ੁਰਗ ਦਰਬਾਰ ਸਾਹਿਬ ’ਤੇ ਹਮਲੇ ਦੌਰਾਨ ਫ਼ੌਜ ਦੀ ਨੌਕਰੀ ਛੱਡ ਕੇ ਆ ਗਏ ਸਨ। ਇਸ ਦੇ ਨਾਲ ਹੀ ਸ਼੍ਰੀ ਬਾਦਲ ਨੇ ਕਿਹਾ ਕਿ ਪਾਰਟੀ ਦੇ ਚੋਣ ਨਿਸ਼ਾਨ ਨੂੰ ਲੈ ਕੇ ਕੋਈ ਰੌਲਾ ਨਹੀਂ ਚੱਲ ਰਿਹਾ ਹੈ।