ਨਵੀਂ ਦਿੱਲੀ ( ਦਿਓਲ)- ਦਿੱਲੀ ਹਾਈ ਕੋਰਟ ਨੇ ਉਘੀ ਪੱਤਰਕਾਰਾ ਰਾਣਾ ਅਯੂਬ ਦੇ ਕੁਝ ਟਵੀਟਾਂ ਨੂੰ ਬਹੁਤ ਹੀ ਅਪਮਾਨਜਨਕ, ਭੜਕਾਊ ਅਤੇ ਫ਼ਿਰਕੂ ਕਰਾਰ ਦਿੱਤਾ ਹੈ। ਅਦਾਲਤ ਨੇ ਸੋਸ਼ਲ ਮੀਡੀਆ ਤੋਂ ਕਥਿਤ ਇਤਰਾਜ਼ਯੋਗ ਸਮੱਗਰੀ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਰਾਣਾ ਅਯੂਬ ਤੋਂ ਜਵਾਬ ਮੰਗਿਆ ਹੈ। ਜਸਟਿਸ ਪੁਰੂਸ਼ੇਂਦਰ ਕੁਮਾਰ ਕੌਰਵ ਵਕੀਲ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਅਯੂਬ ਦੇ ਟਵੀਟਾਂ ਨੇ ਹਿੰਦੂ ਦੇਵੀ-ਦੇਵਤਿਆਂ ਅਤੇ ਸਤਿਕਾਰਤ ਇਤਿਹਾਸਕ ਸ਼ਖ਼ਸੀਅਤਾਂ ਦਾ ਅਪਮਾਨ ਕੀਤਾ ਹੈ। ਅਦਾਲਤ ਨੇ ਕਿਹਾ ਕਿ ਇਨ੍ਹਾਂ ਟਵੀਟਾਂ ਦੇ ਸਬੰਧ ਵਿੱਚ ਅਯੂਬ ਵਿਰੁੱਧ ਐੱਫ ਆਈ ਆਰ ਦਰਜ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਅਦਾਲਤ ਨੇ ਕੇਂਦਰ ਸਰਕਾਰ, ਦਿੱਲੀ ਪੁਲੀਸ ਅਤੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਨੂੰ ਮਿਲ ਕੇ ਕੰਮ ਕਰਨ ਅਤੇ 24 ਘੰਟਿਆਂ ਦੇ ਅੰਦਰ ਜ਼ਰੂਰੀ ਕਾਰਵਾਈ ਕਰਨ ਦਾ ਸੱਦਾ ਦਿੱਤਾ ਹੈ। ਅਦਾਲਤ ਨੇ ਕੇਂਦਰ, ਰਾਣਾ ਅਯੂਬ ਅਤੇ ‘ਐਕਸ’ ਨੂੰ ਨੋਟਿਸ ਜਾਰੀ ਕੀਤਾ ਹੈ।
