ਪੰਜਾਬ ਭਾਜਪਾ ਦੇ ਪ੍ਰਧਾਨ ਦਾ ਲੁਧਿਆਣਾ ਪਹੁੰਚਣ ‘ਤੇ ਭਰਵਾਂ ਸਵਾਗਤ
ਲੁਧਿਆਣਾ-
ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਨੂੰ ਮਜ਼ਬੂਤ ਸਰਕਾਰ ਦੇ ਕੇ ਰਾਜ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਕੇ ਸੂਬੇ ਦੇ ਹਿੱਤਾਂ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਕੰਮ ਕਰੇਗੀ। ਉਹ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਇੱਥੇ ਆਉਣ ’ਤੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਭਾਜਪਾ ਦੇ ਦੁੱਗਰੀ ਸਥਿਤ ਮੁੱਖ ਦਫ਼ਤਰ ਵਿੱਚ ਪੁੱਜਣ ‘ਤੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸ੍ਰੀ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਸਾਰੀਆਂ ਸੀਟਾਂ ’ਤੇ ਇਕੱਲੇ ਚੋਣ ਲੜ ਕੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਪੰਜਾਬ ਦੇ ਲੋਕ ਵੀ ਭਾਜਪਾ ਨੂੰ ਬਦਲ ਵਜੋਂ ਵੇਖ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਭਾਜਪਾ ਪੰਜਾਬ ਨੂੰ ਮੁੜ ਲੀਹ ’ਤੇ ਲਿਆ ਸਕਦੀ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਪਾਰਟੀ ਦਾ ਹਰ ਇੱਕ ਵਰਕਰ ਭਾਜਪਾ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਸਭ ਨੂੰ ਨਾਲ ਲੈ ਕੇ ਪੰਜਾਬ ਦੇ ਵਿਕਾਸ ਅਤੇ ਲੋਕ ਸੇਵਾ ਲਈ ਕੰਮ ਕੀਤਾ ਜਾਵੇਗਾ। ਆਉਣ ਵਾਲੇ ਸਮੇਂ ਵਿੱਚ ਭਾਜਪਾ ਪੰਜਾਬ ਵਿੱਚ ਮਜ਼ਬੂਤ ਰਾਜਨੀਤਿਕ ਬਦਲ ਵਜੋਂ ਉਭਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਤੇ ਨਸ਼ਾਂ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
