Jun 16, 2026

ਅੰਮ੍ਰਿਤਸਰ ( ਦੇ ਪ੍ਰ ਬਿ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਮੁਖ ਮੰਤਰੀ ਭਗਵੰਤ ਮਾਨ ਸਬੰਧੀ ਇਤਰਾਜਯੋਗ ਵੀਡੀਓ ਦੀ ਫੌਰੈਂਸਿਕ ਲੈਬ ਤੋਂ ਜਾਂਚ ਰਿਪੋਰਟ ਪੇਸ਼ ਕਰਦਿਆਂ ਸਿੰਘ ਸਾਹਿਬਾਨ ਵਲੋਂ ਭਗਵੰਤ ਮਾਨ ਨੂੰ ਗੁਰੂ ਦੋਖੀ ਤੇ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ। ਇਸ ਦੌਰਾਨ ਬੇਅਦਬੀ ਐਕਟ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਮਾਮਲੇ ਨੂੰ ਵਿਚਾਰਨ ਮਗਰੋਂ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਇਸ ਸਬੰਧੀ ਫੈਸਲੇ ਨੂੰ ਸੁਣਾਉਂਦਿਆਂ ਜਥੇਦਾਰ ਨੇ 29 ਜੂਨ ਨੂੰ ਸਾਰੇ ਸਿੱਖ ਐਮਐਲਏ, ਉਹ ਭਾਵੇਂ ਕਿਸੇ ਵੀ ਪਾਰਟੀ ਦੇ ਹੋਣ ਅਤੇ ਸਮੁੱਚੀ ਕੈਬਨਿਟ ਪੰਜਾਬ ਸਰਕਾਰ ਨੂੰ ਅਕਾਲ ਤਖਤ ਸਾਹਿਬ ’ਤੇ ਤਲਬ ਕੀਤਾ ਹੈ।

ਮੁੱਖ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਕਰਾਰ ਦਿੰਦਿਆਂ ਜਥੇਦਾਰ ਗੜਗੱਜ ਨੇ ਆਖਿਆ ਕਿ ਇਸ ਮਾਮਲੇ ਵਿੱਚ ਭਾਰਤ ਦੀਆਂ ਦੋ ਮਾਨਤਾ ਪ੍ਰਾਪਤ ਵੱਡੀਆਂ ਲੈਬਜ਼ ਤੋਂ ਇਸ ਦੀ ਜਾਂਚ ਕਰਾਈ ਗਈ ਹੈ ਜਿੱਥੇ ਇਹ ਵੀਡੀਓਜ਼ ਠੀਕ ਪਾਈਆਂ ਗਈਆਂ ਹਨ, ਇਸ ਨਾਲ ਕੋਈ ਛੇੜਛਾੜ ਨਹੀਂ ਕੀਤੀ ਗਈ ਅਤੇ ਨਾ ਹੀ ਇਹ ਏਆਈ ਨਾਲ ਬਣਾਈਆਂ ਹੋਈਆਂ ਹਨ। ਉਹਨਾਂ ਆਖਿਆ ਕਿ ਗੁਰੂ ਸਾਹਿਬ ਦੀਆਂ ਪ੍ਰਚੱਲਤ ਤਸਵੀਰਾਂ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਤਸਵੀਰ ਨਾਲ ਇਤਰਾਜ਼ਯੋਗ ਹਰਕਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਮੁੱਖ ਮੰਤਰੀ ਵੱਲੋਂ ਗੁਰਦੁਆਰਿਆਂ ਵਿਚੋਂ ਗੋਲਕਾਂ ਚੁੱਕਣ ਦੇ ਦਿੱਤੇ ਗਏ ਇੱਕ ਬਿਆਨ ਦਾ ਸਖਤ ਨੋਟਿਸ ਲੈਂਦਿਆ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਮੁੱਖ ਮੰਤਰੀ ਨੂੰ ਕਿਸੇ ਵੀ ਗੁਰਦੁਆਰੇ ਵਿੱਚੋਂ ਗੋਲਕ ਚੁੱਕਣ ਲਈ ਚੁਣੌਤੀ ਦਿੱਤੀ ਗਈ ਹੈ।

ਮੁਖ ਮੰਤਰੀ ਤੋਂ ਅਸਤੀਫੇ ਦੀ ਮੰਗ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਵਿਵਾਦਿਤ ਵੀਡੀਓ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖਤ ਤੋਂ ਕੀਤੀ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਜ਼ੋਰ ਫੜਨ ਲੱਗ ਪਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਤੋਂ ਅਸਤੀਫੇ ਦੀ ਮੰਗ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੁੱਜੀਆਂ ਸ਼ਿਕਾਇਤਾਂ ਦੀ ਗੰਭੀਰਤਾ ਨੂੰ ਵੇਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦੇਸ਼ ਦੀਆਂ ਨਾਮੀ ਲੈਬ ਤੋਂ ਕਰਵਾਈ ਜਾਂਚ ਵਿਚ ਵੀਡੀਓ ਅਸਲ ਸਾਬਤ ਹੋਏ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਬਹੁਤ ਹੀ ਜ਼ਿੰਮੇਵਾਰੀ ਅਤੇ ਮਰਿਆਦਾ ਵਾਲਾ ਹੈ। ਹੁਣ ਜਦੋਂ ਜਾਂਚ ਦੌਰਾਨ ਇਹ ਵੀਡੀਓ ਅਸਲ ਅਤੇ ਪ੍ਰਮਾਣਿਕ ਸਾਬਤ ਹੋਈ ਹੈ ਤਾਂ ਨੈਤਿਕਤਾ ਦੇ ਆਧਾਰ ’ਤੇ ਮੁੱਖ ਮੰਤਰੀ ਨੂੰ ਤੁਰੰਤ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਂਗਰਸੀ ਆਗੂ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਐਮ ਐਲ ਏ ਪਰਗਟ ਸਿੰਘ ਨੇ ਵੱਖ ਵੱਖ ਬਿਆਨਾਂ ਰਾਹੀ  ਕਿਹਾ ਕਿ ਇੱਕ ਕਥਿਤ ਵਾਇਰਲ ਵੀਡੀਓ ਦੀ ਫੋਰੈਂਸਿਕ ਜਾਂਚ ਤੋਂ ਬਾਅਦ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਥ ਵਿਰੋਧੀ ਐਲਾਨਣਾ ਪੰਜਾਬ ਦੇ ਇਤਿਹਾਸ ਵਿੱਚ ਇੱਕ ਬਹੁਤ ਮਹੱਤਵਪੂਰਨ ਘਟਨਾ ਹੈ। ਉਹਨਾਂ ਆਖਿਆ ਕਿ ਇਹ ਕਾਰਵਾਈ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਇਸ ਦੀਆਂ ਪਰੰਪਰਾਵਾਂ ਅਤੇ ਲੱਖਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਬਿਨਾਂ ਕਿਸੇ ਦੇਰੀ ਦੇ ਨੈਤਿਕ ਆਧਾਰ ‘ਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਤੁਰੰਤ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦੇਸ਼ ਦੀ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਉੱਚ ਤਕਨੀਕੀ ਫੋਰੈਂਸਿਕ ਲੈਬਾਂ ਦੀਆਂ ਰਿਪੋਰਟਾਂ ਦੇ ਹਵਾਲੇ ਨਾਲ ਭਗਵੰਤ ਮਾਨ ਦੀ ਦਸ ਗੁਰੂ ਸਾਹਿਬਾਨ ਦੀ ਤਸਵੀਰ ਦੀ ਬੇਅਦਬੀ ਨਾਲ ਸਬੰਧਿਤ ਵਿਵਾਦਿਤ ਵੀਡੀਓ ਦੇ ਸਹੀ ਪਾਏ ਜਾਣ ਦਾ ਖੁਲਾਸਾ ਕੀਤਾ । ਇਸ ਤੋਂ ਬਾਅਦ ਭਗਵੰਤ ਮਾਨ ਕੋਲ ਮੁੱਖ ਮੰਤਰੀ ਅਤੇ ਵਿਧਾਇਕ ਦੇ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਨੈਤਿਕ, ਸਮਾਜਿਕ ਜਾਂ ਰਾਜਨੀਤਕ ਅਧਿਕਾਰ ਨਹੀਂ ਰਹਿ ਜਾਂਦਾ।

ਉਨ੍ਹਾਂ ਕਿਹਾ ਕਿ ਜੇਕਰ ਇੱਕ ਆਮ ਨਾਗਰਿਕ ਅਜਿਹੇ ਦੋਸ਼ਾਂ ਲਈ ਕਾਨੂੰਨ ਦੇ ਘੇਰੇ ਵਿੱਚ ਆ ਸਕਦਾ ਹੈ ਤਾਂ ਸੂਬੇ ਦਾ ਮੁੱਖ ਮੰਤਰੀ ਕਾਨੂੰਨ ਅਤੇ ਨੈਤਿਕਤਾ ਤੋਂ ਉੱਪਰ ਨਹੀਂ ਹੋ ਸਕਦਾ।

 

Leave a Reply

Your email address will not be published. Required fields are marked *