Jun 20, 2026

ਅਕਾਲੀ ਆਗੂਆਂ ਵੱਲੋਂ ਐਨ ਆਰ ਆਈ ਭਾਈਚਾਰੇ ਤੋਂ ਸਹਿਯੋਗ ਦੀ ਅਪੀਲ-
ਵਿੰਨੀਪੈੱਗ, 20 ਜੂਨ ( ਸੁਰਿੰਦਰ ਮਾਵੀ, ਨਰੇਸ਼ ਸ਼ਰਮਾ)-
ਪੰਜਾਬ ਵਿੱਚ ਹੋਣ ਵਾਲੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਰਾਬਤਾ ਮੁਹਿੰਮ ਸ਼ੁਰੂ ਕੀਤੀ ਹੈ। ਇਸੇ ਤਹਿਤ ਪਾਰਟੀ ਦਾ ਇੱਕ ਵਫ਼ਦ ਇਨ੍ਹਾਂ ਦਿਨਾਂ ਕੈਨੇਡਾ ਦੇ ਦੌਰੇ ’ਤੇ ਹੈ। ਵਫ਼ਦ ਵਿੱਚ ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ, ਜਸਪ੍ਰੀਤ ਮਾਹਲਾ, ਪਰਮਜੀਤ ਸਿੰਘ ਢਿੱਲੋਂ, ਸਤਵਿੰਦਰ ਪਾਲ ਸਿੰਘ ਢੱਟ, ਗੁਰਪ੍ਰੀਤ ਸਿੰਘ, ਹਰਜਾਪ ਸਿੰਘ ਸੰਘਾ, ਐਡਵੋਕੇਟ ਰਾਜਕਮਲ ਸਿੰਘ ਅਤੇ ਗੁਰਪ੍ਰੀਤ ਸਿੰਘ ਝੱਬਰ ਸ਼ਾਮਲ ਹਨ।
ਬ੍ਰਿਟਿਸ਼ ਕੋਲੰਬੀਆ ਦੇ ਸਰੀ ਅਤੇ ਲੈਂਗਲੀ ਤੋਂ ਇਲਾਵਾ ਅਲਬਰਟਾ ਦੇ ਐਡਮਿੰਟਨ ਅਤੇ ਕੈਲਗਰੀ ਵਿੱਚ ਮੀਟਿੰਗਾਂ ਕਰਨ ਤੋਂ ਬਾਅਦ ਵਫ਼ਦ ਵਿੰਨੀਪੈੱਗ ਪੁੱਜਿਆ, ਜਿੱਥੇ ਤਕਰੀਬਨ ਪੰਜ ਸੌ ਦੇ ਕਰੀਬ ਅਕਾਲੀ ਸਮਰਥਕਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਕਰਵਾਈ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕੈਨੇਡਾ ਦੇ ਵਿਕਾਸ ਵਿੱਚ ਪੰਜਾਬੀ ਭਾਈਚਾਰੇ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਨਾਲ ਉਨ੍ਹਾਂ ਦੇ ਸਭਿਆਚਾਰਕ ਤੇ ਭਾਵਨਾਤਮਕ ਰਿਸ਼ਤਿਆਂ ਦਾ ਜ਼ਿਕਰ ਕੀਤਾ।
ਪ੍ਰੈੱਸ ਕਾਨਫ਼ਰੰਸ ਦੌਰਾਨ ਆਗੂਆਂ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਵਿਕਲਪ ਵਜੋਂ ਉੱਭਰੇਗਾ ਅਤੇ ਪਾਰਟੀ ਕਿਸੇ ਹੋਰ ਸਿਆਸੀ ਧਿਰ ਨਾਲ ਗੱਠਜੋੜ ਕਰਨ ਦੀ ਯੋਜਨਾ ਨਹੀਂ ਰੱਖਦੀ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਵਿੱਚ ਅਕਾਲੀ ਵਿਚਾਰਧਾਰਾ ਨਾਲ ਜੁੜੀਆਂ ਵੱਖ-ਵੱਖ ਧਿਰਾਂ ਨੂੰ ਇਕੱਠਾ ਕਰਨ ਦੇ ਯਤਨ ਵੀ ਕਰ ਰਹੀ ਹੈ। ਮਹਿਲਾਵਾਂ ਦੀ ਭੂਮਿਕਾ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਆਗੂਆਂ ਨੇ ਕਿਹਾ ਕਿ ਪਾਰਟੀ ਵਿੱਚ ਮਹਿਲਾਵਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਚੋਣ ਟਿਕਟਾਂ ਯੋਗਤਾ ਅਤੇ ਪਾਰਟੀ ਮਾਪਦੰਡਾਂ ਦੇ ਆਧਾਰ ’ਤੇ ਹੀ ਦਿੱਤੀਆਂ ਜਾਣਗੀਆਂ।
ਅਕਾਲੀ ਆਗੂਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਸਰਕਾਰ ਐਨ ਆਰ ਆਈਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦਾ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਨੂੰ ਜਾਇਦਾਦ ਵਿਵਾਦਾਂ, ਪ੍ਰਸ਼ਾਸਨਿਕ ਕਾਰਵਾਈਆਂ ਅਤੇ ਹੋਰ ਸਰਕਾਰੀ ਮਾਮਲਿਆਂ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਐਨ ਆਰ ਆਈ ਭਾਈਚਾਰੇ ਤੋਂ ਸੁਝਾਅ ਲੈ ਕੇ ਆਪਣਾ ਚੋਣ ਮਨੋਰਥ ਪੱਤਰ ਤਿਆਰ ਕਰੇਗੀ ਅਤੇ ਸੱਤਾ ਵਿੱਚ ਆਉਣ ’ਤੇ ਇਨ੍ਹਾਂ ਮਸਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ 2022 ਦੀਆਂ ਚੋਣਾਂ ਦੌਰਾਨ ਕਈ ਪ੍ਰਵਾਸੀ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦਾ ਸਮਰਥਨ ਕੀਤਾ ਸੀ, ਪਰ ਸਰਕਾਰ ਉਨ੍ਹਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉੱਤਰੀ। ਉਨ੍ਹਾਂ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਐਨ ਆਰ ਆਈ ਮਾਮਲਿਆਂ ਲਈ ਕੀਤੇ ਗਏ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਐੱਸ ਜੀ ਪੀ ਸੀ ਦੇ ਬਜਟ ਅਤੇ ਕਾਰਜਾਂ ਸਬੰਧੀ ਹੋ ਰਹੀ ਆਲੋਚਨਾ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਮੇਟੀ ਪੰਥਕ ਅਤੇ ਸਮਾਜਿਕ ਖੇਤਰ ਵਿੱਚ ਮਹੱਤਵਪੂਰਨ ਸੇਵਾਵਾਂ ਨਿਭਾ ਰਹੀ ਹੈ।ਇਸ ਮੌਕੇ ਲਖਵੀਰ ਸੰਘਾ, ਰਵੀ ਪ੍ਰੀਤ ਚਾਹਲ, ਗੁਰਪ੍ਰੀਤ ਸਿੰਘ ਔਲਖ, ਜੱਸ ਢਿੱਲੋਂ, ਸੁਖਚੈਨ ਤੂਰ, ਮੇਜਾ ਜ਼ੈਲਦਾਰ, ਜਸਕਰਨ ਸਰਾ ਅਤੇ ਕਮਲਜੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *