Jun 20, 2026
ਸਿੱਖਾਂ ਨਾਲ ਵਿਤਕਰਾ ਅਤੇ ਧੱਕੇਸ਼ਾਹੀ ਕਿਸੇ ਕੀਮਤ ’ਤੇ ਸਵੀਕਾਰ ਨਹੀਂ — ਸੰਤ ਗਿਆਨੀ ਹਰਨਾਮ ਸਿੰਘ ਖਾਲਸਾ

ਅੰਮ੍ਰਿਤਸਰ, 20 ਜੂਨ:
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਵਾਪਰੀ ਘਟਨਾ ਤੋਂ ਬਾਅਦ ਸ਼ਰਧਾਲੂ ਸਿੱਖ ਨੌਜਵਾਨਾਂ ਖ਼ਿਲਾਫ਼ ਇਕਪਾਸੜ ਪਰਚਾ ਦਰਜ ਕਰਕੇ ਉਨ੍ਹਾਂ ਉੱਤੇ ਸਥਾਨਕ ਪੁਲਿਸ ਵੱਲੋਂ ਕੀਤੇ ਗਏ ਕਥਿਤ ਜਬਰ-ਜ਼ੁਲਮ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸਾਹਮਣੇ ਆਏ ਤੱਥਾਂ ਅਤੇ ਵੀਡੀਓ ਸਬੂਤਾਂ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਸਿੱਖ ਨੌਜਵਾਨਾਂ ਦਾ ਕੋਈ ਕਸੂਰ ਨਹੀਂ ਸੀ, ਸਗੋਂ ਝਗੜੇ ਦੀ ਸ਼ੁਰੂਆਤ ਸਥਾਨਕ ਲੋਕਾਂ ਵੱਲੋਂ ਕੀਤੀ ਗਈ ਸੀ। ਇਸ ਦੇ ਬਾਵਜੂਦ ਪੁਲਿਸ ਨੇ ਨਿਰਪੱਖਤਾ ਨਾਲ ਕਾਰਵਾਈ ਕਰਨ ਦੀ ਬਜਾਏ ਸਿੱਖ ਨੌਜਵਾਨਾਂ ਨੂੰ ਹੀ ਨਿਸ਼ਾਨਾ ਬਣਾਇਆ।
ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਨਾਜਾਇਜ਼ ਤੌਰ ’ਤੇ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਸ਼ਰਧਾਲੂਆਂ ਉੱਤੇ ਸਾਜ਼ਿਸ਼ ਤਹਿਤ ਹਮਲਾ ਕਰਨ ਵਾਲੇ ਤੱਤਾਂ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਦੇ ਨਾਲ ਹੀ ਸਿੱਖ ਨੌਜਵਾਨਾਂ ਉੱਤੇ ਤਸ਼ੱਦਦ ਕਰਨ ਅਤੇ ਪੱਖਪਾਤੀ ਰਵੱਈਆ ਅਪਣਾਉਣ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਵੀ ਸਖ਼ਤ ਅਨੁਸ਼ਾਸਨਾਤਮਕ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਉੱਤੇ ਸਖ਼ਤ ਧਾਰਾਵਾਂ ਤਹਿਤ ਮਾਮਲੇ ਦਰਜ ਕਰਨਾ, ਹਿਰਾਸਤ ਦੌਰਾਨ ਕਥਿਤ ਤੌਰ ’ਤੇ ਉਨ੍ਹਾਂ ਨਾਲ ਅਣਮਨੁੱਖੀ ਸਲੂਕ ਕਰਨਾ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੀਆਂ ਦਸਤਾਰਾਂ ਉਤਾਰ ਕੇ ਅਦਾਲਤ ਵਿੱਚ ਨੰਗੇ ਸਿਰ ਪੇਸ਼ ਕਰਨਾ ਬਹੁਤ ਹੀ ਨਿੰਦਣਯੋਗ ਅਤੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਉਣ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਅਸਮਿਤਾ, ਸਵੈਮਾਣ ਅਤੇ ਧਾਰਮਿਕ ਪਹਿਚਾਣ ਦਾ ਅਟੁੱਟ ਅੰਗ ਹੈ ਅਤੇ ਇਸ ਨਾਲ ਕੀਤੀ ਗਈ ਕਿਸੇ ਵੀ ਕਿਸਮ ਦੀ ਬੇਅਦਬੀ ਨੂੰ ਸਿੱਖ ਕੌਮ ਕਦੇ ਵੀ ਸਹਿਣ ਨਹੀਂ ਕਰੇਗੀ।
ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਉੱਤਰਾਖੰਡ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਜਾਣ ਵਾਲੇ ਲੱਖਾਂ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ, ਸਨਮਾਨ ਅਤੇ ਧਾਰਮਿਕ ਆਜ਼ਾਦੀ ਨੂੰ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ, ਧੱਕੇਸ਼ਾਹੀ ਜਾਂ ਪੱਖਪਾਤੀ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਧਾਰਮਿਕ ਯਾਤਰਾਵਾਂ ਦੌਰਾਨ ਸਿੱਖ ਸ਼ਰਧਾਲੂਆਂ ਨਾਲ ਵਾਪਰ ਰਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੇ ਪਿੱਛੇ ਕੰਮ ਕਰ ਰਹੇ ਨਫ਼ਰਤੀ ਅਤੇ ਫ਼ਿਰਕੂ ਤੱਤਾਂ ਨੂੰ ਬੇਨਕਾਬ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਭਾਈਚਾਰਕ ਸਾਂਝ, ਆਪਸੀ ਵਿਸ਼ਵਾਸ ਅਤੇ ਦੇਸ਼ ਦੀ ਏਕਤਾ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਅਤੇ ਪੀੜਤ ਸਿੱਖ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਗਿਆਨੀ ਸਾਹਿਬ ਸਿੰਘ ਦੀ ਅਗਵਾਈ ਹੇਠ ਗਿਆਨੀ ਸਤਨਾਮ ਸਿੰਘ, ਗਿਆਨੀ ਗੁਰਪ੍ਰੀਤ ਸਿੰਘ ਵੈਦ, ਗਿਆਨੀ ਰਵਿੰਦਰਪਾਲ ਸਿੰਘ ਅਤੇ ਗਿਆਨੀ ਅਵਤਾਰ ਸਿੰਘ ਮਾਲੂਵਾਲ ਦੇ ਸ਼ਾਮਲ ਇੱਕ ਵਫ਼ਦ ਵੱਲੋਂ ਕਰਨਪ੍ਰਯਾਗ ਦੇ ਜ਼ਿਲ੍ਹਾ ਮੈਜਿਸਟਰੇਟ ਨਾਲ ਮੁਲਾਕਾਤ ਕਰਕੇ ਮਾਮਲੇ ਦੀ ਤਹਿ ਤੱਕ ਜਾਣ ਅਤੇ ਸਾਰੇ ਪੱਖਾਂ ਦੀ ਜਾਂਚ ਕਰਵਾਉਣ ਲਈ ਜ਼ੋਰਦਾਰ ਮੰਗ ਕੀਤੀ ਜਾਵੇਗੀ।
ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਨਿਰਪੱਖ ਕਾਰਵਾਈ ਨਾ ਕੀਤੀ ਗਈ ਅਤੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਸਿੱਖ ਸੰਸਥਾਵਾਂ ਅਤੇ ਸੰਤ ਸਮਾਜ ਇਸ ਮਾਮਲੇ ਨੂੰ ਹੋਰ ਉੱਚ ਪੱਧਰ ’ਤੇ ਉਠਾਉਣ ਲਈ ਮਜਬੂਰ ਹੋਣਗੇ।

Leave a Reply

Your email address will not be published. Required fields are marked *