ਨਵੀਂ ਦਿੱਲੀ ( ਦਿਓਲ)- ਪੰਜਾਬ ਕਾਂਗਰਸ ਵਿੱਚ ਚੱਲ ਰਹੀ ਆਪਸੀ ਖਿੱਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਲੀ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪਾਰਟੀ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨਾਲ ਵੀ ਮੁਲਾਕਾਤ ਕੀਤੀ। ਹਾਲਾਂਕਿ, ਚੰਨੀ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਨਹੀਂ ਹੋ ਸਕੀ। ਦੱਸ ਦੇਈਏ ਕਿ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਾਈਕਮਾਂਡ ਵੱਲੋਂ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਈ ਰੱਖਣ ਦੇ ਫੈਸਲੇ ਖ਼ਿਲਾਫ਼ ਚੰਨੀ ਅਤੇ ਰੰਧਾਵਾ ਨੇ ਬਗਾਵਤ ਦਾ ਝੰਡਾ ਬੁਲੰਦ ਕੀਤਾ ਹੋਇਆ ਹੈ।
ਕੇ. ਸੀ. ਵੇਣੂਗੋਪਾਲ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਕਈ ਆਗੂਆਂ ਨੂੰ ਸੱਦਿਆ ਗਿਆ ਸੀ ਅਤੇ ਸਾਰਿਆਂ ਨੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਉਹ ਪਾਰਟੀ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ ਅਤੇ ਹਾਈਕਮਾਂਡ ਦਾ ਪੂਰਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਸਾਡੇ ਆਗੂ ਹਨ ਅਤੇ ਪਾਰਟੀ ਦੇ ਸਾਰੇ ਵਰਕਰ ਤੇ ਨੇਤਾ ਉਨ੍ਹਾਂ ਨਾਲ ਹਨ। ਚੰਨੀ ਨੇ ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦੇ ਵੱਡੇ ਵਿਵਾਦ ਤੋਂ ਇਨਕਾਰ ਕਰਦਿਆਂ ਕਿਹਾ ਕਿ ਮੀਡੀਆ ਵਿੱਚ ਇਸ ਮਾਮਲੇ ਨੂੰ ਬਿਨਾਂ ਵਜ੍ਹਾ ਉਛਾਲਿਆ ਜਾ ਰਿਹਾ ਹੈ। ਉਨ੍ਹਾਂ ਦਾ ਮਕਸਦ ਕਿਸੇ ਨੂੰ ਨੀਵਾਂ ਦਿਖਾਉਣਾ ਜਾਂ ਮੁਸ਼ਕਿਲ ਵਿੱਚ ਪਾਉਣਾ ਨਹੀਂ ਹੈ, ਸਗੋਂ ਉਹ ਸਿਰਫ ਪੰਜਾਬ ਵਿੱਚ ਪਾਰਟੀ ਨੂੰ ਅੱਗੇ ਲੈ ਕੇ ਜਾਣਾ ਚਾਹੁੰਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਹਾਈਕਮਾਂਡ ਨੇ ਉਨ੍ਹਾਂ ਦੀ ਗੱਲ ਸੁਣੀ ਹੈ ਅਤੇ ਅਖੀਰ ਵਿੱਚ ਜੋ ਵੀ ਫੈਸਲਾ ਲਿਆ ਜਾਵੇਗਾ, ਉਹ ਉਸ ਨੂੰ ਮੰਨ ਕੇ ਅੱਗੇ ਵਧਣਗੇ।
