ਗ਼ਦਰ ਲਹਿਰ ਅਤੇ ਬੱਬਰ ਅਕਾਲੀ ਲਹਿਰ ਨੂੰ ਕੀਤਾ ਜਾਵੇਗਾ ਸਮਰਪਿਤ, ਪਰਿਵਾਰਾਂ ਸਮੇਤ ਸ਼ਮੂਲੀਅਤ ਲਈ ਖੁੱਲ੍ਹਾ ਸੱਦਾ—
ਸਰੀ (ਮਹੇਸ਼ਇੰਦਰ ਸਿੰਘ ਮਾਂਗਟ, ਮਲਕੀਤ ਸਿੰਘ ):-ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 30ਵਾਂ ‘ਗ਼ਦਰੀ ਬਾਬਿਆਂ ਦਾ ਮੇਲਾ’ 2 ਅਗਸਤ 2026, ਦਿਨ ਐਤਵਾਰ ਨੂੰ ਸਰੀ ਦੇ ਬੇਅਰ ਕ੍ਰੀਕ ਪਾਰਕ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਾਲ ਦਾ ਮੇਲਾ ਗ਼ਦਰ ਲਹਿਰ ਅਤੇ ਬੱਬਰ ਅਕਾਲੀ ਲਹਿਰ ਦੇ ਮਹਾਨ ਸ਼ਹੀਦਾਂ ਅਤੇ ਯੋਧਿਆਂ ਦੀ ਯਾਦ ਨੂੰ ਸਮਰਪਿਤ ਹੋਵੇਗਾ।
ਮੇਲੇ ਦੇ ਪ੍ਰਬੰਧਕ ਸਾਹਿਬ ਸਿੰਘ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇੱਕ ਵਿਸ਼ਾਲ ਸਭਿਆਚਾਰਕ ਅਤੇ ਪਰਿਵਾਰਕ ਮੇਲਾ ਹੈ, ਜਿਸ ਵਿੱਚ ਪੰਜਾਬ ਦੇ ਪ੍ਰਸਿੱਧ ਅਤੇ ਉੱਚ ਕੋਟੀ ਦੇ ਕਲਾਕਾਰ ਆਪਣੀ ਗਾਇਕੀ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਉਨ੍ਹਾਂ ਕਿਹਾ ਕਿ ਮੇਲੇ ਦਾ ਮੁੱਖ ਉਦੇਸ਼ ਪੰਜਾਬ ਦੇ ਅਮੀਰ ਵਿਰਸੇ, ਇਤਿਹਾਸ ਅਤੇ ਸ਼ਹੀਦੀ ਪਰੰਪਰਾ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ।
ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਦਾਖਲਾ ਪੂਰੀ ਤਰ੍ਹਾਂ ਮੁਫ਼ਤ ਹੋਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਟਿਕਟ ਨਹੀਂ ਰੱਖੀ ਗਈ। ਇਸ ਲਈ ਸਮੂਹ ਭਾਈਚਾਰੇ ਨੂੰ ਆਪਣੇ ਪਰਿਵਾਰਾਂ ਅਤੇ ਦੋਸਤਾਂ ਸਮੇਤ ਮੇਲੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਪ੍ਰਬੰਧਕਾਂ ਨੇ ਸਮੂਹ ਮੇਲਾ ਪ੍ਰੇਮੀਆਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਉਹ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਇਤਿਹਾਸਕ ਅਤੇ ਸੱਭਿਆਚਾਰਕ ਸਮਾਗਮ ਦੀ ਰੌਣਕ ਵਿੱਚ ਵਾਧਾ ਕਰਨ ਅਤੇ ਗ਼ਦਰੀ ਬਾਬਿਆਂ ਦੇ ਸੰਘਰਸ਼ ਅਤੇ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕਰਨ।

