ਮਾਮਲਾ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ ਜਬਰ ਜਨਾਹ ਦਾ-
ਜਲੰਧਰ ( ਜਤਿੰਦਰ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਬਾਹਰ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਐਤਵਾਰ ਸ਼ਾਮ ਨੂੰ ਹਾਲਾਤ ਉਸ ਸਮੇਂ ਤਣਾਅਪੂਰਨ ਹੋ ਗਏ ਜਦੋਂ ਵਿਦਿਆਰਥੀਆਂ ਅਤੇ ਪੁਲੀਸ ਵਿਚਕਾਰ ਤਣਾਅ ਵਧ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵੱਲੋਂ ਪੁਲੀਸ ਮੁਲਾਜ਼ਮਾਂ ਉੱਤੇ ਪਥਰਾਅ ਕੀਤਾ ਗਿਆ।
ਉੱਥੇ ਹੀ ਪ੍ਰਦਰਸ਼ਨਕਾਰੀਆਂ ਉੱਤੇ ਕਾਬੂ ਪਾਉਣ ਲਈ ਪੁਲੀਸ ਵੱਲੋਂ ਲਾਠੀਚਾਰਜ ਵੀ ਕੀਤਾ ਗਿਆ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਦਰਸ਼ਨਕਾਰੀਆਂ ਵੱਲੋਂ ਐੱਸ ਐੱਸ ਪੀ ਗੌਰਵ ਤੂਰਾ ਦੀ ਗੱਡੀ ਦੀ ਭੰਨਤੋੜ ਕੀਤੀ ਗਈ, ਜਦਕਿ ਹੋਰ ਤਿੰਨ ਪੁਲੀਸ ਵਾਹਨਾਂ ਨੂੰ ਅੱਗ ਲਗਾਏ ਜਾਣ ਦੀ ਵੀ ਸੂਚਨਾ ਹੈ।
ਮੌਕੇ ’ਤੇ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ ਅਤੇ ਪੁਲੀਸ ਵੱਲੋਂ ਹਾਲਾਤ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਕੁੱਝ ਪੁਲੀਸ ਮੁਲਾਜ਼ਮ ਜ਼ਖਮੀ ਵੀ ਹੋਏ ਹਨ।
ਇਹ ਤਾਜ਼ਾ ਘਟਨਾ ਯੂਨੀਵਰਸਿਟੀ ਕੈਂਪਸ ਵਿੱਚ ਉਨ੍ਹਾਂ ਦਾਅਵਿਆਂ ਨੂੰ ਲੈ ਕੇ ਵਧੇ ਤਣਾਅ ਦੇ ਵਿਚਕਾਰ ਵਾਪਰੀ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਕੈਂਪਸ ਵਿੱਚ ਇੱਕ ਬਾਹਰੀ ਵਿਅਕਤੀ ਵੱਲੋਂ ਇੱਕ ਵਿਦਿਆਰਥਣ ਨਾਲ ਜਬਰ-ਜਨਾਹ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਦਿਨ ਵੇਲੇ, ਵਿਦਿਆਰਥੀਆਂ ਨੇ ਕੈਂਪਸ ਵਿੱਚ ਹੰਗਾਮਾ ਕੀਤਾ ਅਤੇ ਤੋੜ-ਫੋੜ ਕੀਤੀ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਕੌਮੀ ਮਾਰਗ ਨੂੰ ਜਾਮ ਕਰ ਦਿੱਤਾ।
ਸਤਨਾਮਪੁਰਾ ਪੁਲੀਸ ਸਟੇਸ਼ਨ ਵਿੱਚ ਇੱਕ ਵਿਦਿਆਰਥਣ ਦੇ ਬਿਆਨ ‘ਤੇ ਇੱਕ ਐੱਫ ਆਈ ਆਰ (FIR) ਦਰਜ ਕੀਤੀ ਗਈ ਹੈ, ਜਿਸ ਨੇ ਦੋਸ਼ ਲਗਾਇਆ ਹੈ ਕਿ 23 ਸਤੰਬਰ ਨੂੰ ਗਰਲਜ਼ ਹੋਸਟਲ ਵਿੱਚ ਇੱਕ ਲੜਕੀ ਨਾਲ ਜਬਰ-ਜਨਾਹ ਕੀਤਾ ਗਿਆ ਸੀ ਪਰ ਪ੍ਰਸ਼ਾਸਨ ਨੇ ਇਸ ਘਟਨਾ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ।
ਉੱਥੇ ਹੀ ਜਲੰਧਰ ਰੇਂਜ ਦੇ ਡੀ ਆਈ ਜੀ ਨਵੀਨ ਸਿੰਗਲਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਫਗਵਾੜਾ ਦੇ ਐੱਸ ਪੀ ਮੇਜਰ ਸਿੰਘ, ਡੀ ਐੱਸ ਪੀ ਪਲਵਿੰਦਰ ਸਿੰਘ ਅਤੇ ਇੱਕ ਮਹਿਲਾ ਪੁਲੀਸ ਇੰਸਪੈਕਟਰ ਤੋਂ ਇਲਾਵਾ ਵਿਦਿਆਰਥੀਆਂ ਦੇ ਨੁਮਾਇੰਦੇ ਸ਼ਾਮਲ ਹਨ।
ਇਸ ਦੌਰਾਨ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਨੂੰ “ਝੂਠੀਆਂ, ਬੇਬੁਨਿਆਦ ਅਤੇ ਮਨਘੜਤ” ਦੱਸਿਆ ਹੈ ਅਤੇ ਕਿਹਾ ਹੈ ਕਿ ਇਹ ਗਲਤ ਜਾਣਕਾਰੀ ਬੇਲੋੜੀ ਉਲਝਣ ਪੈਦਾ ਕਰ ਰਹੀ ਹੈ ਅਤੇ ਯੂਨੀਵਰਸਿਟੀ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰ ਰਹੀ ਹੈ।
ਰਜਿਸਟਰਾਰ ਮੋਨਿਕਾ ਗੁਲਾਟੀ ਵੱਲੋਂ ਜਾਰੀ ਇੱਕ ਬਿਆਨ ਵਿੱਚ, ਯੂਨੀਵਰਸਿਟੀ ਨੇ ਕਿਹਾ ਕਿ ਕੁਝ “ਸਮਾਜ ਵਿਰੋਧੀ ਅਨਸਰ” ਗੁੰਮਰਾਹਕੁੰਨ ਜਾਣਕਾਰੀ ਫੈਲਾ ਰਹੇ ਹਨ ਅਤੇ ਜਿਸ ਤਰੀਕੇ ਨਾਲ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਹ ਸੰਸਥਾ ਦੇ ਅਕਸ ਨੂੰ ਖਰਾਬ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਜਾਪਦੀ ਹੈ।
