ਅੰਮ੍ਰਿਤਸਰ- ਸੋਸ਼ਲ ਮੀਡੀਆ ਦੇ ਜਾਣੇ-ਪਛਾਣੇ ਇਨਫਲੂਐਂਸਰ ਮੈਡ ਸੰਧੂ (ਮਧੂਸੂਦਨ) ਉੱਤੇ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।
ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਦੇ ਏਡੀਸੀਪੀ ਸਿਟੀ 2 ਸ੍ਰੀ ਸਿਰੀਵੇਨੇਲਾ ਨੇ ਦੱਸਿਆ ਕਿ ਲੁਹਾਰਕਾ ਰੋਡ ਇਲਾਕੇ ਵਿੱਚ ਦੋ ਮੋਟਰਸਾਈਕਲ ਸਵਾਰਾਂ ਨੇ ਮੀਡੀਆ ਇਨਫਲੂਐਂਸਰ ਮੈਡ ਸੰਧੂ ’ਤੇ ਗੋਲੀਆਂ ਚਲਾਈਆਂ ਜਿਸ ਤੋਂ ਬਾਅਦ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਉਹਨਾਂ ਦੱਸਿਆ ਕਿ ਪੁਲੀਸ ਨੂੰ ਇਸ ਸਬੰਧ ਵਿੱਚ ਕੁਝ ਲੀਡ ਮਿਲੀ ਹੈ, ਜਿਸ ਤੋਂ ਬਾਅਦ ਪੁਲੀਸ ਵੱਲੋਂ ਅਣਪਛਾਤੇ ਹਮਲਾਵਰਾਂ ਨੂੰ ਕਾਬੂ ਕਰਨ ਲਈ ਸਰਗਰਮੀ ਨਾਲ ਮੁਹਿੰਮ ਵਿੱਢੀ ਗਈ ਹੈ। ਇਸ ਘਟਨਾ ਤੋਂ ਬਾਅਦ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਸੜਕ ਉੱਤੇ ਖੂਨ ਨਾਲ ਲਥਪਥ ਪਏ ਹੋਏ ਦਿਖਾਈ ਦੇ ਰਹੇ ਹਨ।
ਇਸ ਹਮਲੇ ਦੇ ਪਿੱਛੇ ਪੁਰਾਣੀ ਰੰਜਿਸ਼ ਦੀ ਸ਼ੰਕਾ ਜਤਾਈ ਜਾ ਰਹੀ ਹੈ, ਕਿਉਂਕਿ ਲਗਪਗ 3 ਮਹੀਨੇ ਪਹਿਲਾਂ Mad Sandhu ਦਾ ਨਿਹੰਗ ਜਥੇਦਾਰ ਮਨਪ੍ਰੀਤ ਸਿੰਘ ਖਾਲਸਾ ਨਾਲ ਵਿਵਾਦ ਹੋਇਆ ਸੀ। ਉਸ ਸਮੇਂ ਨਿਹੰਗਾਂ ਵੱਲੋਂ ਉਨ੍ਹਾਂ ਦੇ ਪਹਿਰਾਵੇ, ਸੋਸ਼ਲ ਮੀਡੀਆ ਗਤੀਵਿਧੀਆਂ ਅਤੇ ਪੁਰਾਣੀਆਂ ਵੀਡੀਓਜ਼ ‘ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਇਸ ਤੋਂ ਦੂਰ ਰਹਿਣ ਦੀ ਚਿਤਾਵਨੀ ਦਿੱਤੀ ਸੀ। ਹਾਲਾਂਕਿ ਉਸ ਵਿਵਾਦ ਦੌਰਾਨ ਮੈਡ ਸੰਧੂ ਨੇ ਆਪਣੀ ਸਫਾਈ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਸੁਧਾਰ ਕਰ ਲਿਆ ਹੈ ਅਤੇ ਉਹ ਪੁਰਾਣੀਆਂ ਗਲਤੀਆਂ ਨਹੀਂ ਦੁਹਰਾ ਰਹੇ ਪਰ ਫਿਰ ਵੀ ਉਨ੍ਹਾਂ ਦੀਆਂ ਪੁਰਾਣੀਆਂ ਵੀਡੀਓਜ਼ ਸ਼ੇਅਰ ਕਰਕੇ ਬਿਨਾਂ ਵਜ੍ਹਾ ਵਿਵਾਦ ਖੜ੍ਹਾ ਕੀਤਾ ਜਾ ਰਿਹਾ ਸੀ।
ਗੋਲਡੀ ਢਿੱਲੋਂ ਨੇ ਜਿੰਮੇਵਾਰ ਲਈ- ਸੋਸ਼ਲ ਮੀਡੀਆ ਇਨਫਲੂਐਂਸਰ ਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗੋਲਡੀ ਢਿੱਲੋਂ ਅਤੇ ਜੱਗਾ ਤਰਨ ਤਾਰਨ ਨੇ ਮੈਡ ਸੰਧੂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਇਸ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ ਗਿਆ ਹੈ ਕਿ ਰਣਜੀਤ ਐਵੇਨਿਊ ਵਿੱਚ ਮੈਡ ਸੰਧੂ ਦੇ ਹੋਏ ਕਤਲ ਦੀ ਜ਼ਿੰਮੇਵਾਰੀ ਗੋਲਡੀ ਢਿੱਲੋਂ ਅਤੇ ਜੱਗਾ ਤਰਨ ਤਾਰਨ ਲੈਂਦੇ ਹਨ। ਪੋਸਟ ਵਿੱਚ ਅੱਗੇ ਨੌਜਵਾਨ ਪੀੜ੍ਹੀ ਨੂੰ ਲੈ ਕੇ ਵੀ ਕੁਝ ਟਿੱਪਣੀਆਂ ਕੀਤੀਆਂ ਗਈਆਂ ਹਨ। ਹਾਲਾਂਕਿ ਇਸ ਪੋਸਟ ਦੀ ਪ੍ਰਮਾਣਿਕਤਾ ਅਤੇ ਇਸ ਵਿੱਚ ਕੀਤੇ ਦਾਅਵੇ ਦੀ ਪੁਲੀਸ ਵੱਲੋਂ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।
