ਸਰੀ, 4 ਨਵੰਬਰ (ਹਰਦਮ ਮਾਨ)-ਇੰਡੋ-ਕੈਨੇਡੀਅਨ ਸੀਨੀਅਰਜ਼ ਸੁਸਾਇਟੀ ਸਰੀ ਦੀ ਸਾਲਾਨਾ ਮੀਟਿੰਗ ਬੀਤੇ ਦਿਨੀਂ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਆਗਾਜ਼ ਵਿਚ ਹਰੀ ਸਿੰਘ ਛੋਕਰ ਨੇ ਪਿਛਲੇ ਸਾਲ ਦੀ ਆਮਦਨ ਅਤੇ ਖਰਚੇ ਦਾ ਵਿਸਥਾਰਪੂਰਵਕ ਲੇਖਾ-ਜੋਖਾ ਪੇਸ਼ ਕੀਤਾ, ਜਿਸ ਨੂੰ ਹਾਜਰ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ।
ਉਪਰੰਤ ਸੁਸਾਇਟੀ ਦੇ ਮੈਂਬਰਾਂ ਵੱਲੋਂ ਆਪੋ-ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ ਗਏ। ਮੈਂਬਰਾਂ ਨੇ ਸੁਸਾਇਟੀ ਦੀਆਂ ਸਰਗਰਮੀਆਂ ਅਤੇ ਭਵਿੱਖੀ ਕਾਰਜ ਯੋਜਨਾਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਆਪਸੀ ਸਹਿਯੋਗ ਅਤੇ ਮਿਲਵਰਤਣ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕ੍ਰਿਪਾਲ ਸਿੰਘ ਜੌਹਲ ਅਤੇ ਹਰਚੰਦ ਸਿੰਘ ਗਿੱਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਮੀਟਿੰਗ ਦੇ ਰਸਮੀ ਕਾਰਜਾਂ ਦੀ ਸਮਾਪਤੀ ਉਪਰੰਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਚ ਛੇ-ਸੱਤ ਬੁਲਾਰਿਆਂ ਅਤੇ ਕਲਾਕਾਰਾਂ ਨੇ ਗੀਤਾਂ, ਗ਼ਜ਼ਲਾਂ ਅਤੇ ਕਵਿਤਾਵਾਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਅੰਤ ਵਿਚ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਨੇ ਮੀਟਿੰਗ ਵਿਚ ਸ਼ਾਮਲ ਹੋਏ ਸਮੂਹ ਮੈਂਬਰਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ।
