*ਸਭ ਨੂੰ ਮੁਫ਼ਤ ਬਿਜਲੀ, 72 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ-
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦਾਸਪੁਰ ਦੇ ਸੋਹਲ ਪਿੰਡ ਵਿੱਚ ਲੋਕ ਮਿਲਣੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ*
*ਸੋਹਲ, 15 ਨਵੰਬਰ*
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਪਾਰਟੀਆਂ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਣ ਚਾਹੀਦੇ ਹਨ ਕਿਉਂਕਿ ਉਨ੍ਹਾਂ ਦੀ ਸਰਕਾਰ ਪੰਜਾਬੀਆਂ ਦੀ ਭਲਾਈ ਲਈ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਖ਼ਰਚ ਕਰਨ ਲਈ ਵਚਨਬੱਧ ਹੈ।
ਗੁਰਦਾਸਪੁਰ ਦੇ ਪਿੰਡ ਸੋਹਲ ਵਿਖੇ ਇੱਕ ‘ਲੋਕ ਮਿਲਣੀ’ ਦੌਰਾਨ ਉਨ੍ਹਾਂ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਆਪਣੇ ਖ਼ਜ਼ਾਨੇ ਭਰੇ, ਉੱਥੇ ਹੀ ਉਨ੍ਹਾਂ ਦੀ ਸਰਕਾਰ ਨੇ ਮੁਫ਼ਤ ਬਿਜਲੀ, 71,700 ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਖ਼ਜ਼ਾਨਾ ਜਨਤਕ ਭਲਾਈ ਲਈ ਹਮੇਸ਼ਾ ਖੁੱਲ੍ਹਾ ਰਹੇਗਾ। ਉਨ੍ਹਾਂ ਨੇ ਵਿਰੋਧੀ ਧਿਰ ਨੂੰ ਆਪਣੇ ਰਿਕਾਰਡ ਦਾ ਹਿਸਾਬ ਦੇਣ ਦੀ ਚੁਣੌਤੀ ਦਿੱਤੀ ਅਤੇ ਅਕਾਲੀ ਦਲ ਦੇ ਭਾਜਪਾ ਨਾਲ ਪ੍ਰਸਤਾਵਿਤ ਰਾਜਨੀਤਿਕ ਸਮਝੌਤੇ ‘ਤੇ ਸਵਾਲ ਉਠਾਏ, ਜਿਸ ਨੂੰ ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਸੀ।
‘ਲੋਕ ਮਿਲਣੀ’ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਪਿਆਰ ਨੇ ਪੰਜਾਬ ਦੀ ਸੇਵਾ ਕਰਨ ਦੇ ਉਨ੍ਹਾਂ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿੰਡ ਸੋਹਲ ਲਈ ਦਿੱਤੀ ਗਈ 51 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਉਨ੍ਹਾਂ ਦੀ ਸਰਕਾਰ ਦੀ ਹਰ ਪਿੰਡ ਤੱਕ ਵਿਕਾਸ ਪਹੁੰਚਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਐਕਸ ‘ਤੇ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਦੀਆਂ ਵਿਖੇ ‘ਲੋਕ ਮਿਲਣੀ’ ਦੌਰਾਨ ਮੈਨੂੰ ਜੋ ਭਰਵਾਂ ਪਿਆਰ ਅਤੇ ਸਨੇਹ ਮਿਲਿਆ ਹੈ, ਉਸ ਨੇ ਮੈਨੂੰ ਬਹੁਤ ਉਤਸ਼ਾਹ ਦਿੱਤਾ ਹੈ। ਮੇਰਾ ਮਕਸਦ ਮੰਚਾਂ ਤੋਂ ਸਿਆਸੀ ਭਾਸ਼ਣ ਦੇਣਾ ਨਹੀਂ, ਸਗੋਂ ਲੋਕਾਂ ਵਿੱਚ ਬੈਠਣਾ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਮੌਕੇ ’ਤੇ ਹੀ ਉਨ੍ਹਾਂ ਦਾ ਹੱਲ ਕਰਨਾ ਹੈ। ਪਿਛਲੀਆਂ ਸਰਕਾਰਾਂ ਨੇ ਆਪਣੇ ਖ਼ਜ਼ਾਨੇ ਭਰੇ, ਪਰ ਅਸੀਂ ਲੋਕਾਂ ਦੀ ਭਲਾਈ ਲਈ ਲੋਕਾਂ ਦਾ ਹੀ ਪੈਸਾ ਖ਼ਰਚ ਕਰ ਰਹੇ ਹਾਂ। ਮੁਫ਼ਤ ਬਿਜਲੀ, 71,700 ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ਕਿਸਾਨਾਂ ਦੇ ਖੇਤਾਂ ਤੱਕ ਪੁੱਜ ਰਿਹਾ ਨਹਿਰੀ ਪਾਣੀ ਇਸ ਵਚਨਬੱਧਤਾ ਦਾ ਸਬੂਤ ਹਨ। ਅੱਜ ਮੈਂ ਪਿੰਡ ਸੋਹਲ ਦੇ ਵਿਕਾਸ ਲਈ 51 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ ਹੈ। ਸਾਡੇ ਇਰਾਦੇ ਸਾਫ਼ ਹਨ ਅਤੇ ਪੰਜਾਬ ਦਾ ਖ਼ਜ਼ਾਨਾ ਹਮੇਸ਼ਾ ਪੰਜਾਬੀਆਂ ਦੀ ਭਲਾਈ ਲਈ ਸਮਰਪਿਤ ਰਹੇਗਾ।”
ਕਾਦੀਆਂ ਵਿਖੇ ਇੱਕ ‘ਲੋਕ ਮਿਲਣੀ’ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੰਚਾਂ ਤੋਂ ਰਾਜਨੀਤਿਕ ਭਾਸ਼ਣ ਦੇਣ ਦੀ ਬਜਾਏ ਸਿੱਧੇ ਤੌਰ ‘ਤੇ ਮਿਲ ਕੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਨੇ ਰੁਜ਼ਗਾਰ, ਸਿੱਖਿਆ, ਸਿਹਤ ਸੰਭਾਲ, ਖੇਤੀਬਾੜੀ ਅਤੇ ਜਨਤਕ ਭਲਾਈ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ, ਜਦੋਂ ਕਿ ਲੋਕਾਂ ਨੂੰ ਸਿਆਸੀ ਪਾਰਟੀਆਂ ਨੂੰ ਉਨ੍ਹਾਂ ਦੀ ਅਸਲ ਕਾਰਗੁਜ਼ਾਰੀ ਦੇ ਆਧਾਰ ‘ਤੇ ਪਰਖਣ ਦੀ ਅਪੀਲ ਕੀਤੀ।
ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਲੋਕ ਮਿਲਣੀ ਦੌਰਾਨ ਲੋਕਾਂ ਦਾ ਅਥਾਹ ਪਿਆਰ ਅਤੇ ਸਨੇਹ ਮੈਨੂੰ ਤਾਕਤ ਅਤੇ ਉਤਸ਼ਾਹ ਦਿੰਦਾ ਹੈ। ਮੇਰਾ ਮਕਸਦ ਮੰਚਾਂ ਤੋਂ ਰਾਜਨੀਤਿਕ ਭਾਸ਼ਣ ਦੇਣਾ ਨਹੀਂ ਸਗੋਂ ਲੋਕਾਂ ਵਿੱਚ ਬੈਠਣਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੈ। ਭਾਵੇਂ ਸਿੱਖਿਆ ਹੋਵੇ, ਸਿਹਤ ਸੰਭਾਲ, ਰੁਜ਼ਗਾਰ, ਸੜਕਾਂ, ਪੀਣ ਵਾਲਾ ਪਾਣੀ, ਖੇਤੀਬਾੜੀ ਜਾਂ ਪਿੰਡ ਦਾ ਵਿਕਾਸ ਹੋਵੇ, ਸਾਡੀ ਸਰਕਾਰ ਹਰ ਜਾਇਜ਼ ਸਮੱਸਿਆ ਨੂੰ ਹੱਲ ਕਰਨ ਲਈ ਵਚਨਬੱਧ ਹੈ।”
ਰਵਾਇਤੀ ਸਿਆਸੀ ਪਾਰਟੀਆਂ ‘ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ, “ਪਹਿਲੀਆਂ ਸਰਕਾਰਾਂ ਲੋਕਾਂ ਨੂੰ ਸਿਰਫ਼ ਵੋਟ ਬੈਂਕ ਸਮਝਦੀਆਂ ਸਨ ਅਤੇ ਇਹ ਮੰਨਦੀਆਂ ਸਨ ਕਿ ਪੈਸੇ ਅਤੇ ਸ਼ਰਾਬ ਦੀ ਵੰਡ ਕਰਕੇ ਚੋਣਾਂ ਜਿੱਤੀਆਂ ਜਾ ਸਕਦੀਆਂ ਹਨ। ਪਰ ਅੱਜ ਦੀ ਪੀੜ੍ਹੀ ਸਿਆਸੀ ਤੌਰ ‘ਤੇ ਸੁਚੇਤ ਹੈ ਅਤੇ ਖੋਖਲੇ ਵਾਅਦਿਆਂ ਦੀ ਬਜਾਏ ਆਪਣੀ ਕਾਰਗੁਜ਼ਾਰੀ ਦੇ ਆਧਾਰ ‘ਤੇ ਸਰਕਾਰਾਂ ਨੂੰ ਪਰਖਦੀ ਹੈ। ਲੋਕ ਜਵਾਬਦੇਹੀ, ਵਿਕਾਸ ਅਤੇ ਆਪਣੀਆਂ ਸਮੱਸਿਆਵਾਂ ਦਾ ਹੱਲ ਚਾਹੁੰਦੇ ਹਨ।”
ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀ ਪੰਜਾਬ ਦੇ ਵਿਕਾਸ ਨਾਲ ਜੁੜੇ ਮੁੱਦੇ ਉਠਾਉਣ ਦੀ ਬਜਾਏ, ਅੰਦਰੂਨੀ ਮਤਭੇਦਾਂ ਅਤੇ ਲੀਡਰਸ਼ਿਪ ਦੀ ਲੜਾਈ ਵਿੱਚ ਹੀ ਉਲਝੀ ਰਹੀ। ਉਨ੍ਹਾਂ ਕਿਹਾ, “ਕਾਂਗਰਸੀ ਆਗੂ ਆਪਸ ਵਿੱਚ ਲੜਨ ਵਿੱਚ ਰੁੱਝੇ ਹੋਏ ਹਨ ਅਤੇ ਸੱਤਾ ਵਿੱਚ ਲੰਬਾ ਸਮਾਂ ਰਹਿਣ ਦੇ ਬਾਵਜੂਦ, ਉਨ੍ਹਾਂ ਨੇ ਸੂਬੇ ਦੀ ਪ੍ਰਗਤੀ ਲਈ ਕੁਝ ਨਹੀਂ ਕੀਤਾ। ਉਨ੍ਹਾਂ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਿਹੜੇ ਕਦਮ ਚੁੱਕੇ ਸਨ।”
ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਨੇ ਆਪਣੇ ਪਿਛਲੇ ਰਿਕਾਰਡਾਂ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵੀ ਸ਼ਾਮਲ ਹਨ, ਕਾਰਨ ਲੋਕਾਂ ਦਾ ਭਰੋਸਾ ਗੁਆ ਲਿਆ ਹੈ। ਉਨ੍ਹਾਂ ਨੇ ਬਾਦਲ ਪਰਿਵਾਰ ਦੇ ਬਦਲਦੇ ਸਿਆਸੀ ਰੁਖ਼ ਖਾਸ ਤੌਰ ‘ਤੇ ਭਾਜਪਾ ਦੀ ਪਹਿਲਾਂ ਕੀਤੀ ਗਈ ਆਲੋਚਨਾ ਅਤੇ ਹੁਣ ਉਸੇ ਪਾਰਟੀ ਨਾਲ ਗੱਠਜੋੜ ਕਰਨ ਦੀਆਂ ਕੋਸ਼ਿਸ਼ਾਂ ਦੀ ਵੀ ਆਲੋਚਨਾ ਕੀਤੀ।
ਪੰਜਾਬ ਵਿੱਚ ਭਾਜਪਾ ਦੀ ਸਿਆਸੀ ਭਰੋਸੇਯੋਗਤਾ ‘ਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ, “ਕੇਂਦਰ ਵਿੱਚ ਭਾਜਪਾ ਸਰਕਾਰ ਤਿੰਨ ਵਿਵਾਦਿਤ ਖੇਤੀ ਕਾਨੂੰਨ ਲੈ ਕੇ ਆਈ, ਜਿਸ ਕਾਰਨ ਕਿਸਾਨਾਂ ਨੂੰ ਲੰਬਾ ਸੰਘਰਸ਼ ਕਰਨਾ ਪਿਆ ਅਤੇ ਇਸ ਦੌਰਾਨ ਕਈ ਕਿਸਾਨਾਂ ਦੀ ਜਾਨ ਚਲੀ ਗਈ। ਭਾਜਪਾ ਆਗੂ ਹੁਣ ਉਨ੍ਹਾਂ ਹੀ ਕਿਸਾਨਾਂ ਤੋਂ ਵੋਟਾਂ ਕਿਵੇਂ ਮੰਗ ਸਕਦੇ ਹਨ, ਜਿਨ੍ਹਾਂ ਦੇ ਹਿੱਤਾਂ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਤੋਂ ਖ਼ਤਰਾ ਪੈਦਾ ਹੋਇਆ ਸੀ? ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਕੋਈ ਵੀ ਨਵੀਂ ਸਿਆਸੀ ਸਮਝੌਤੇਬਾਜ਼ੀ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਇੱਕ ਵਾਰ ਫਿਰ ਖ਼ਤਰੇ ਵਿੱਚ ਪਾ ਸਕਦੀ ਹੈ।”
ਸਾਲ 2007 ਤੋਂ 2017 ਤੱਕ ਅਕਾਲੀ ਦਲ-ਭਾਜਪਾ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਹ ਸਮਾਂ ਸੀ ਜਦੋਂ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਬਹੁਤ ਵੱਡੇ ਪੱਧਰ ‘ਤੇ ਫੈਲ ਚੁੱਕੀ ਸੀ। ਆਪਣੇ ਪਿਛਲੇ ਰਿਕਾਰਡ ਦੇ ਬਾਵਜੂਦ ਲੋਕਾਂ ਦਾ ਸਮਰਥਨ ਮੰਗ ਰਹੇ ਆਗੂਆਂ ਦੀ ਭਰੋਸੇਯੋਗਤਾ ‘ਤੇ ਸਵਾਲ ਚੁੱਕਦਿਆਂ, ਉਨ੍ਹਾਂ ਅਕਾਲੀ ਆਗੂਆਂ ਦੀ ਲਗਭਗ 750 ਕਰੋੜ ਰੁਪਏ ਦੀ ਜਾਇਦਾਦ ਦਾ ਜ਼ਿਕਰ ਕੀਤਾ, ਜਿਹਨਾਂ ਨੂੰ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ਤੋਂ ਕਮਾਏ ਪੈਸੇ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਸਿਆਸੀ ਪਾਰਟੀਆਂ ਦੇ ਇਤਿਹਾਸ ਤੋਂ ਜਾਣੂ ਹਨ ਅਤੇ ਉਹ ਸੋਚ-ਸਮਝ ਕੇ ਫੈਸਲਾ ਲੈਣਗੇ।




